07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦੇ ਯਤਨਾਂ ਨਾਲ ਖੰਨਾ 'ਚ ਸੀਵਰੇਜ ਸਮੱਸਿਆ ਦੇ ਹੱਲ ਲਈ ਨਵੀਂ ਮਸ਼ੀਨਰੀ ਦਾ ਮੰਤਰੀ ਵਲੋਂ ਉਦਘਾਟਨ

ਅਜੀਤ ਡੈਸਕ 30-01-2026
ਖੰਨਾ, 29 ਜਨਵਰੀ (ਹਰਜਿੰਦਰ ਸਿੰਘ ਲਾਲ)-ਖੰਨਾ ਸ਼ਹਿਰ ਵਾਸੀਆਂ ਲਈ ਇੱਕ ਵੱਡੀ ਖ਼ੁਸ਼ਖ਼ਬਰੀ ਹੈ ਕਿ ਲੰਬੇ ਸਮੇਂ ਤੋਂ ਖੰਨਾ ਦੇ ਤੰਗ ਗਲੀਆਂ ਅਤੇ ਮੁਹੱਲਿਆਂ ਵਿੱਚ ਸੀਵਰੇਜ ਦੀ ਸਫ਼ਾਈ ਲਈ ਮਸ਼ੀਨਰੀ ਦੀ ਭਾਰੀ ਘਾਟ ਸੀ, ਜਿਸ ਕਾਰਨ ਕਈ ਇਲਾਕਿਆਂ ਵਿੱਚ ਗੰਦਾ ਪਾਣੀ ਜਮਾਂ ਰਹਿੰਦਾ ਸੀ ਅਤੇ ਸੀਵਰੇਜ ਲਾਈਨਾਂ ਦੀ ਢੰਗ ਨਾਲ ਸਫ਼ਾਈ ਨਹੀਂ ਹੋ ਸਕਦੀ ਸੀ | ਹੁਣ ਇਸ ਗੰਭੀਰ ਸਮੱਸਿਆ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਅਤੇ ਖੰਨਾ ਤੋਂ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ ਦੇ ਅਣਥੱਕ ਯਤਨਾਂ ਸਦਕਾ ਪੰਜਾਬ ਸਰਕਾਰ ਤੋਂ ਕਰੀਬ ਇੱਕ ਕਰੋੜ ਰੁਪਏ ਕੀਮਤ ਦੀ ਆਧੁਨਿਕ ਸੀਵਰੇਜ ਮਸ਼ੀਨਰੀ ਹਾਸਲ ਕੀਤੀ ਗਈ ਹੈ | ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਇਸ ਮਸ਼ੀਨਰੀ ਦਾ ਬੁੱਧਵਾਰ ਦਫ਼ਤਰ ਨਗਰ ਕੌਂਸਲ, ਖੰਨਾ ਵਿਖੇ ਰਸਮੀ ਤੌਰ 'ਤੇ ਉਦਘਾਟਨ ਕੀਤਾ ਗਿਆ | ਇਸ ਮੌਕੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਇਹ ਮਸ਼ੀਨਰੀ ਖਾਸ ਤੌਰ 'ਤੇ ਤੰਗ ਗਲੀਆਂ ਅਤੇ ਮੁਹੱਲਿਆਂ ਵਿੱਚ ਸੀਵਰੇਜ ਦੀ ਸਫਾਈ ਲਈ ਬਹੁਤ ਲਾਭਦਾਇਕ ਸਾਬਤ ਹੋਵੇਗੀ | ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਆਉਣ ਵਾਲੀਆਂ ਨਗਰ ਕੌਂਸਲ ਚੋਣਾਂ ਵਿਚ ਇਮਾਨਦਾਰ ਅਤੇ ਸ਼ਹਿਰ ਦੇ ਹਿੱਤ ਲਈ ਕੰਮ ਕਰਨ ਵਾਲੀ ਪਾਰਟੀ ਦੇ ਹੱਕ ਵਿਚ ਫ਼ਤਵਾ ਦਿੱਤਾ ਜਾਵੇ ਤਾਂ ਜੋ ਖੰਨਾ ਸ਼ਹਿਰ ਨੂੰ ਇੱਕ ਨਮੂਨੇ ਦਾ ਸ਼ਹਿਰ ਬਣਾਇਆ ਜਾ ਸਕੇ | ਟਰੈਫ਼ਿਕ ਸਮੱਸਿਆ, ਸੀਵਰੇਜ ਦੀ ਸਮੱਸਿਆ, ਪਾਰਕਾਂ ਦੀ ਘਾਟ ਅਤੇ ਹੋਰ ਸਾਰੀਆਂ ਬੁਨਿਆਦੀ ਸਮੱਸਿਆਵਾਂ ਨੂੰ ਪਹਿਲ ਦੇ ਅਧਾਰ 'ਤੇ ਹੱਲ ਕੀਤਾ ਜਾ ਸਕੇ | ਇਸ ਮੌਕੇ ਉਨ੍ਹਾਂ ਦੇ ਨਾਲ ਮਾਰਕੀਟ ਕਮੇਟੀ ਖੰਨਾ ਦੇ ਚੇਅਰਮੈਨ ਜਗਤਾਰ ਸਿੰਘ ਗਿੱਲ ਰਤਨਹੇੜੀ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅਵਤਾਰ ਸਿੰਘ ਦਹਿੜੂ, ਓ.ਐਸ.ਡੀ ਕਰਨ ਅਰੋੜਾ, ਕੌਂਸਲਰ ਪਰਮਪ੍ਰੀਤ ਸਿੰਘ ਪੌਪੀ, ਕੌਂਸਲਰ ਸੁਨੀਲ ਕੁਮਾਰ ਨੀਟਾ, ਕੌਂਸਲਰ ਰਾਜਿੰਦਰ ਸਿੰਘ ਜੀਤ, ਕੁਲਵੰਤ ਸਿੰਘ ਮਹਿਮੀ,ਈ.ਓ ਚਰਨਜੀਤ ਸਿੰਘ, ਜੇ.ਈ ਸੰਦੀਪ ਸਿੰਘ ਮਾਜਰੀ ਸਮੇਤ ਹੋਰ ਆਗੂ ਅਤੇ ਅਧਿਕਾਰੀ ਹਾਜ਼ਰ ਸਨ | ਸ਼ਹਿਰ ਵਾਸੀਆਂ ਨੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਮਸ਼ੀਨਰੀ ਖੰਨਾ ਸ਼ਹਿਰ ਲਈ ਇੱਕ ਵੱਡਾ ਤੋਹਫ਼ਾ ਹੈ, ਜੋ ਸਫਾਈ ਪ੍ਰਣਾਲੀ ਨੂੰ ਮਜ਼ਬੂਤ ਕਰੇਗੀ ਅਤੇ ਸ਼ਹਿਰ ਨੂੰ ਸਾਫ਼-ਸੁਥਰਾ ਬਣਾਉਣ ਵਿਚ ਅਹਿਮ ਭੂਮਿਕਾ ਨਿਭਾਏਗੀ |
ਪਿਛਲੀ ਖ਼ਬਰ ਦੋ ਕਿੱਲੋ ਅਫ਼ੀਮ ਅਤੇ 200 ਨਸ਼ੀਲੀਆਂ ਗੋਲੀਆਂ ਸਮੇਤ ਤਿੰਨ ਕਾਬੂ ਅਗਲੀ ਖ਼ਬਰ ਨਿਰਮਲ ਡੇਰਾ ਬੇਰ ਕਲਾਂ ਵਿਖੇ ਸੰਤ ਬਾਬਾ ਠਾਕੁਰ ਗੁਲਾਬ ਸਿੰਘ ਦੇ 300ਵੇਂ ਜਨਮ ਦਿਨ ਸਮਰਪਿਤ ਸਮਾਗਮ ਸਮਾਪਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।