ਦੋਰਾਹਾ, 17 ਫਰਵਰੀ (ਪੱਤਰ ਪ੍ਰੇਰਕ)-ਟੈਕਨੀਕਲ ਸਰਵਿਸਜ਼ ਯੂਨੀਅਨ ਪੰਜਾਬ ਅਤੇ ਕੋਆਰਡੀਨੇਸ਼ਨ ਕਮੇਟੀ ਆਫ ਪਾਵਰਕਾਮ ਐਂਡ ਟਰਾਂਸਕੋ ਆਊਟਸੋਰਸਡ ਮੁਲਾਜ਼ਮ ਪੰਜਾਬ ਤੇ ਪੀ. ਐਸ. ਈ. ਬੀ. ਇੰਪਲਾਈਜ ਜੁਆਇੰਟ ਫੋਰਮ ਦੇ ਫੈਸਲਿਆਂ ਅਨੁਸਾਰ ਡਿਵੀਜ਼ਨ ਦੋਰਾਹਾ ਅਧੀਨ ਪੈਂਦੀਆਂ ਸਬ ਡਿਵੀਜ਼ਨਾਂ ਦੇ ਕਾਮਿਆਂ ਨੇ ਦੱਸਿਆ ਕਿ ਕੇਂਦਰ ਸਰਕਾਰ ਵਲੋਂ ਉਦਯੋਗਿਕ ਕੋਡ ਸੋਧ ਬਿੱਲ ਪਾਸ ਕਰਕੇ ਪਾਰਲੀਮੈਂਟ ਵਿਚ ਮਨਜ਼ੂਰੀ ਦੇਣ ਦੇ ਵਿਰੋਧ 'ਚ ਤੇ ਪੰਜਾਬ ਸਰਕਾਰ ਤੇ ਪਾਵਰਕਾਮ ਦੀ ਮੈਨੇਜਮੈਂਟ ਵਲੋਂ ਪਟਿਆਲਾ ਵਿਖੇ ਬਡੂੰਗਰ ਦੀ 50 ਏਕੜ ਜ਼ਮੀਨ ਵੇਚਣ ਦੇ ਫੈਸਲੇ ਨੂੰ ਬੀ. ਓ. ਡੀ. ਦੀ ਮੀਟਿੰਗ ਵਿਚ ਪ੍ਰਵਾਨਗੀ ਦੇਣ ਦੇ ਕੀਤੇ ਫੈਸਲੇ ਦੇ ਵਿਰੋਧ ਵਿਚ ਰੈਲੀਆਂ ਕਰਕੇ ਕੇਂਦਰ ਸਰਕਾਰ, ਪੰਜਾਬ ਸਰਕਾਰ ਤੇ ਪਾਵਰਕਾਮ ਦੀ ਮੈਨੇਜਮੈਂਟ ਦੀਆਂ ਅਰਥੀਆਂ ਸਾੜੀਆਂ ਗਈਆਂ | ਆਗੂਆਂ ਨੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਪਹਿਲਾਂ ਤੋਂ ਬਣੇ ਲੋਕ ਪੱਖੀ ਕਾਨੂੰਨਾਂ ਨੂੰ ਵੱਡੀ ਪੱਧਰ 'ਤੇ ਤਬਦੀਲ ਅਤੇ ਬਹੁਤ ਸਾਰੇ ਕਾਨੂੰਨਾਂ ਨੂੰ ਮੁੱਢੋਂ ਹੀ ਖਤਮ ਕੀਤਾ ਜਾ ਰਿਹਾ ਹੈ | ਰਾਜਪੁਰਾ ਥਰਮਲ ਪਲਾਂਟ ਗੁਜਰਾਤ ਦੀ ਇੱਕ ਕੰਪਨੀ ਨੂੰ ਵੇਚ ਦਿੱਤਾ ਗਿਆ ਹੈ | ਜਿਸ ਦੇ ਵਿਰੋਧ ਵਿਚ ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ ਦੀਆਂ 90 ਦੇ ਕਰੀਬ ਜਥੇਬੰਦੀਆਂ ਦੇ ਸਾਂਝੇ ਫੈਸਲੇ ਮੁਤਾਬਕ 22 ਫਰਵਰੀ ਨੂੰ ਖੰਨਾ ਵਿਖੇ ਆਮ ਆਦਮੀ ਪਾਰਟੀ ਦੇ ਮੰਤਰੀ ਤਰਨਪ੍ਰੀਤ ਸਿੰਘ ਸੌਂਦ ਦੇ ਦਫ਼ਤਰ ਸਾਹਮਣੇ ਸਾਂਝੇ ਵਿਸ਼ਾਲ ਰੋਸ ਧਰਨਾ ਦਿੱਤਾ ਜਾਵੇਗਾ | ਇਸ ਸਮੇਂ ਬਲਵੀਰ ਸਿੰਘ, ਬੁੱਧ ਸਿੰਘ, ਬੂਟਾ ਸਿੰਘ, ਸੁਖਜੀਤ ਸਿੰਘ, ਜਸਵਿੰਦਰ ਸਿੰਘ,ਅਮਰੀਕ ਸਿੰਘ, ਰਾਮਜੀਤ ਸਿੰਘ, ਭਰਭੂਰ ਸਿੰਘ, ਬਲਜੀਤ ਸਿੰਘ, ਰਵਿੰਦਰ ਸਿੰਘ, ਮਨਪ੍ਰੀਤ ਸਿੰਘ ਨੇ ਸੰਬੋਧਨ ਕੀਤਾ |