ਮਾਛੀਵਾੜਾ ਸਾਹਿਬ, 30 ਮਾਰਚ (ਰਾਜਦੀਪ ਸਿੰਘ ਅਲਬੇਲਾ)-ਸਥਾਨਕ ਸ਼ਹੀਦ ਭਗਤ ਸਿੰਘ ਪਬਲਿਕ ਹਾਈ ਸਕੂਲ ਵਲੋਂ ਕਰਵਾਏ ਗਏ ਸਲਾਨਾ ਸਮਾਗਮ ਵਿਚ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਉਨ੍ਹਾਂ ਦੀ ਸ਼ਹਾਦਤ ਦੀ 95ਵੀਂ ਵਰ੍ਹੇਗੰਢ ਮੌਕੇ ਸ਼ਰਧਾਂਜਲੀ ਭੇਂਟ ਕੀਤੀ ਗਈ | ਸਕੂਲ ਦੇ ਬੱਚਿਆਂ ਨੇ ਦੇਸ਼ ਭਗਤੀ ਸਬੰਧੀ ਵੱਖ-ਵੱਖ ਪੇਸ਼ਕਾਰੀਆਂ ਦਿੱਤੀਆਂ | ਸਮਾਰੋਹ 'ਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਇਨਾਮ ਦੇਣ ਦੇ ਨਾਲ-ਨਾਲ ਪਿਛਲੇ ਸੈਸ਼ਨ ਦੌਰਾਨ ਵਿੱਦਿਆ ਦੇ ਖੇਤਰ ਵਿਚ ਮੱਲ੍ਹਾਂ ਮਾਰਨ ਵਾਲੇ ਬੱਚਿਆਂ ਨੂੰ ਵੀ ਟਰਾਫ਼ੀਆਂ ਅਤੇ ਮੈਡਲਾਂ ਨਾਲ ਸਨਮਾਨਿਤ ਕੀਤਾ ਗਿਆ | ਦਿਲਪ੍ਰੀਤ ਕੌਰ ਅਤੇ ਲਵਪ੍ਰੀਤ ਕੌਰ ਨੇ ਫਰਵਰੀ-2025 ਵਿਚ ਹੋਈ ਅੱਠਵੀਂ ਦੀਆਂ ਪ੍ਰੀਖਿਆ 'ਚੋਂ ਮੈਰਿਟ ਸੂਚੀ ਵਿਚ ਸਥਾਨ ਪ੍ਰਾਪਤ ਕਰ ਕੇ ਸਕੂਲ ਵਲੋਂ ਰੱਖਿਆ ਗਿਆ 11-11 ਹਜ਼ਾਰ ਦਾ ਨਕਦ ਇਨਾਮ ਪ੍ਰਾਪਤ ਕੀਤੇ | ਸਕੂਲ ਦੀ ਪਿ੍ੰਸੀਪਲ ਅਨੀਤਾ ਜੈਨ ਨੇ ਇਸ ਵਿਲੱਖਣ ਪ੍ਰਾਪਤੀ ਲਈ ਬੱਚਿਆਂ ਦੇ ਮਾਪਿਆਂ ਅਤੇ ਸਟਾਫ਼ ਨੂੰ ਵਧਾਈ ਦਿੱਤੀ | ਜੈਨ ਨੇ ਦੱਸਿਆ ਕਿ ਆਉਣ ਵਾਲੇ ਸਾਲਾਂ ਵਿਚ ਵੀ ਅੱਠਵੀਂ ਪ੍ਰੀਖਿਆ ਦੀ ਮੈਰਿਟ ਸੂਚੀ ਵਿਚ ਨਾਮ ਦਰਜ ਕਰਵਾਉਣ ਵਾਲੇ ਹਰੇਕ ਵਿਦਿਆਰਥੀ ਨੂੰ 11-11 ਹਜ਼ਾਰ ਰੁਪਏ ਅਤੇ ਦਸਵੀਂ ਜਮਾਤ ਦੇ ਇਮਤਿਹਾਨ ਵਿਚ ਮੈਰਿਟ ਲਿਸਟ 'ਚ ਸਥਾਨ ਹਾਸਿਲ ਕਰਨ ਵਾਲੇ ਹਰੇਕ ਬੱਚੇ ਨੂੰ 15 ਹਜ਼ਾਰ ਰੁਪਏ ਦੀ ਨਕਦ ਰਾਸ਼ੀ ਇਨਾਮ ਵਜੋਂ ਦਿੱਤੀ ਜਾਵੇਗੀ | ਪ੍ਰਬੰਧਕੀ ਕਮੇਟੀ ਵਲੋਂ ਮਨੀਸ਼ ਜੈਨ ਨੇ ਰਿਟਾਇਰਡ ਕੈਪਟਨ ਜਸਬੀਰ ਸਿੰਘ ਨੂੰ ਸ਼ਾਲ ਅਤੇ ਸਨਮਾਨ ਚਿੰਨ੍ਹ ਭੇਂਟ ਕੀਤਾ | ਸਕੂਲ ਮੈਨੇਜਰ ਦਰਸ਼ਨ ਜੈਨ ਨੇ ਬੱਚਿਆਂ ਨੂੰ ਮਹਾਨ ਸੂਰਮਿਆਂ ਦੁਆਰਾ ਦਰਸਾਏ ਮਾਰਗ 'ਤੇ ਚੱਲਦਿਆਂ ਦੇਸ਼ ਦੀ ਸੇਵਾ ਕਰਨ ਲਈ ਪ੍ਰੇਰਿਆ |