ਸਾਹਨੇਵਾਲ, 14 ਅਪ੍ਰੈਲ (ਹਨੀ ਚਾਠਲੀ)-ਦਫ਼ਤਰ ਡਾਇਰੈਕਟੋਰੇਟ ਆਫ਼ ਸਕੂਲ ਸਿੱਖਿਆ (ਸੈਕੰਡਰੀ) ਪੰਜਾਬ ਵੱਲੋਂ ਮਿਤੀ 10 ਅਪ੍ਰੈਲ 2026 ਨੂੰ ਜਾਰੀ ਹੋਏ ਪੱਤਰ ਨੰਬਰ 202696171 ਵਿੱਚ ਮਿਡਲ ਸਕੂਲਾਂ ਵਿੱਚ ਗਿਣਤੀ ਦੇ ਅਧਾਰ ਤੇ ਅਧਿਆਪਕਾਂ ਦਾ ਆਰਜ਼ੀ ਪ੍ਰਬੰਧ ਕਿਸੇ ਹੋਰ ਸਕੂਲ ਵਿੱਚ ਕਰਨ ਦੇ ਆਦੇਸ਼ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਜਾਰੀ ਕੀਤੇ ਗਏ ਹਨ | ਜਿਸ ਅਨੁਸਾਰ ਮਿਡਲ ਸਕੂਲਾਂ ਵਿੱਚ ਪੰਜਾਬੀ, ਹਿੰਦੀ, ਗਣਿਤ, ਸਾਇੰਸ, ਸਮਾਜਿਕ ਸਿੱਖਿਆ, ਅੰਗਰੇਜ਼ੀ, ਸਰੀਰਕ ਸਿੱਖਿਆ, ਡਰਾਇੰਗ, ਕੰਪਿਊਟਰ ਅਤੇ ਖੇਤੀਬਾੜੀ ਵਰਗੇ 9 ਵਿਸ਼ਿਆਂ ਨੂੰ ਹੁਣ ਸਿਰਫ਼ 2 ਅਧਿਆਪਕ ਹੀ ਪੜ੍ਹਾਉਣਗੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਮਾਸਟਰ ਕੇਡਰ ਯੂਨੀਅਨ ਪੰਜਾਬ ਦੇ ਸੂਬਾ ਉਪ ਪ੍ਰਧਾਨ ਜਗਜੀਤ ਸਿੰਘ ਸਾਹਨੇਵਾਲ, ਜ਼ਿਲ੍ਹਾ ਇਕਾਈ ਲੁਧਿਆਣਾ ਦੇ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਦੋਰਾਹਾ ਅਤੇ ਪੈੱ੍ਰਸ ਸਕੱਤਰ ਮਨੋਜ ਕੁਮਾਰ ਵੱਲੋਂ ਜਾਰੀ ਸਾਂਝੇ ਪ੍ਰੈੱਸ ਬਿਆਨ ਰਾਹੀਂ ਜਾਣਕਾਰੀ ਦਿੰਦੇ ਹੋਏ ਦੱਸਿਆ ਮਾਸਟਰ ਕੇਡਰ ਯੂਨੀਅਨ ਪੰਜਾਬ ਜ਼ਿਲ੍ਹਾ ਇਕਾਈ ਲੁਧਿਆਣਾ ਦੇ ਸੀਨੀਅਰ ਮੀਤ ਪ੍ਰਧਾਨ ਨਵਦੀਪ ਸਿੰਘ, ਮੀਤ ਪ੍ਰਧਾਨ ਰਾਜਵਿੰਦਰ ਸਿੰਘ, ਵਿੱਤ ਸਕੱਤਰ ਸਵਰਨ ਸਿੰਘ, ਪੈੱ੍ਰਸ ਸਕੱਤਰ ਮਨੋਜ ਕੁਮਾਰ ਨੇ ਦੱਸਿਆ ਕਿ ਮੌਜੂਦਾ ਸਿੱਖਿਆ ਪ੍ਰਣਾਲੀ ਹੇਠ ਸਰਕਾਰੀ ਸਕੂਲਾਂ ਵਿੱਚ ਛੇਵੀਂ ਤੋਂ ਬਾਰ੍ਹਵੀਂ ਦੀਆਂ ਕਲਾਸਾਂ ਨੂੰ ਵਿਸ਼ਾ ਅਧਿਆਪਕ ਪੜਾ ਸਕਦੇ ਹਨ, ਪ੍ਰੰਤੂ ਮੌਜੂਦਾ ਸਰਕਾਰ ਨੇ ਮਿਡਲ ਸਕੂਲਾਂ ਨੂੰ ਪ੍ਰਾਇਮਰੀ ਸਕੂਲਾਂ ਵਾਂਗ ਸਾਰੇ ਵਿਸ਼ੇ ਇੱਕ ਜਾਂ ਦੋ ਅਧਿਆਪਕਾਂ ਨੂੰ ਪੜਾਉਣ ਦਾ ਤੁਗ਼ਲਕੀ ਫੁਰਮਾਨ ਜਾਰੀ ਕਰ ਦਿੱਤਾ ਹੈ, ਪ੍ਰੰਤੂ ਉਪਰੋਕਤ ਪੱਤਰ ਵਿੱਚ 30 ਦੀ ਗਿਣਤੀ ਵਾਲੇ ਮਿਡਲ ਸਕੂਲਾਂ ਵਿੱਚ 2 ਅਧਿਆਪਕ, 60 ਤੱਕ 3 ਅਧਿਆਪਕ ਅਤੇ 90 ਤੱਕ 4 ਅਧਿਆਪਕ ਹੀ ਰੱਖਣਾ ਦਾ ਹੁਕਮ ਦਿੱਤਾ ਹੈ ਅਤੇ ਇਸ ਗਿਣਤੀ ਤੋਂ ਵਧ ਰਹੇ ਅਧਿਆਪਕਾਂ ਦਾ ਆਰਜ਼ੀ ਪ੍ਰਬੰਧ ਹੋਰ ਸਕੂਲਾਂ ਵਿੱਚ ਕਰਨ ਦਾ ਹੁਕਮ ਦਿੱਤਾ ਹੈ | ਜਿਸ ਕਾਰਨ ਮਿਡਲ ਸਕੂਲਾਂ ਵਿੱਚ ਮਾਸਟਰ ਕੇਡਰ ਦੀਆਂ ਪੋਸਟਾਂ ਨੂੰ ਅਸਿੱਧੇ ਤੌਰ 'ਤੇ ਖ਼ਤਮ ਕੀਤਾ ਜਾ ਰਿਹਾ ਹੈ ਜਥੇਬੰਦੀ ਦੇ ਬਲਾਕ ਪ੍ਰਧਾਨ ਪ੍ਰਭਜੋਤ ਸਿੰਘ, ਹਰਜਿੰਦਰ ਸਿੰਘ ਖੰਨਾ, ਨਵੀਨ ਕਪਿਲਾ, ਹਰਵਿੰਦਰ ਸਿੰਘ ਪੁੜੈਣ, ਜਗਮੀਤ ਸਿੰਘ, ਸਿਮਰਜੋਤ ਸਿੰਘ, ਜਿਲ੍ਹਾ ਮਹਿਲਾ ਇਕਾਈ ਦੇ ਸੀਨੀਅਰ ਮੀਤ ਪ੍ਰਧਾਨ ਕੰਵਲਜੀਤ ਕੌਰ, ਸੁਪਰਜੀਤ ਕੌਰ ,ਮਨਜੀਤ ਕੌਰ, ਜਸਵੀਰ ਕੌਰ, ਸੁਸ਼ਮਾ ਸ਼ਰਮਾ ਨੇ ਦੱਸਿਆ ਕਿ ਸੰਬੰਧਿਤ ਵਿਸ਼ਾ ਮਾਹਿਰ ਅਧਿਆਪਕ ਆਪਣੇ ਵਿਸ਼ੇ ਦੇ ਨਾਲ ਨਾਲ ਗਣਿਤ, ਸਾਇੰਸ, ਅੰਗਰੇਜ਼ੀ, ਸਰੀਰਕ ਸਿੱਖਿਆ, ਸਮਾਜਿਕ ਸਿੱਖਿਆ ਜਾਂ ਹਿੰਦੀ ਵਰਗੇ ਵਿਸ਼ੇ ਨੂੰ ਕਿਵੇਂ ਪੜ੍ਹਾਏਗਾ ਅਤੇ ਇਸ ਤਰ੍ਹਾਂ ਉਹ ਵਿਦਿਆਰਥੀਆਂ ਨਾਲ ਕਿਵੇਂ ਇਨਸਾਫ਼ ਕਰੇਗਾ ਆਗੂਆਂ ਨੇ ਕਿਹਾ ਕਿ ਮਿਡਲ ਸਕੂਲਾਂ ਵਿੱਚ ਪਹਿਲਾਂ ਹੀ ਸਿਰਫ਼ ਚਾਰ ਵਿਸ਼ਿਆਂ ਦੇ ਅਧਿਆਪਕ ਰੱਖਣ ਦਾ ਫ਼ੈਸਲਾ ਸਿੱਖਿਆ ਵਿਭਾਗ ਨੇ ਕੀਤਾ ਹੋਇਆ ਹੈ, ਪਰ ਹੁਣ ਚਾਰ ਦੀ ਥਾਂ ਦੋ ਵਿਸ਼ਾ ਅਧਿਆਪਕ ਰੱਖਣ ਦਾ ਫ਼ੈਸਲਾ ਦੇ ਦਿੱਤਾ ਹੈ ਜਗਜੀਤ ਸਿੰਘ ਸਾਹਨੇਵਾਲ, ਗੁਰਪ੍ਰੀਤ ਸਿੰਘ ਦੋਰਾਹਾ ਅਤੇ ਮਨੋਜ ਕੁਮਾਰ ਨੇ ਪੁਰਜ਼ੋਰ ਮੰਗ ਕਰਦਿਆਂ ਕਿਹਾ ਕਿ ਵਿਭਾਗ ਵੱਲੋਂ ਮਿਡਲ ਸਕੂਲਾਂ ਵਿੱਚ ਗਿਣਤੀ ਦੇ ਅਧਾਰ ਤੇ ਅਧਿਆਪਕਾਂ ਦਾ ਆਰਜ਼ੀ ਪ੍ਰਬੰਧ ਕਿਸੇ ਹੋਰ ਸਕੂਲ ਵਿੱਚ ਕਰਨ ਦੇ ਆਦੇਸ਼ ਸੰਬੰਧੀ ਜੋ ਪੱਤਰ ਜਾਰੀ ਕੀਤਾ ਗਿਆ ਹੈ ਉਸ ਜਾਰੀ ਪੱਤਰ ਨੂੰ ਤੁਰੰਤ ਰੱਦ ਕੀਤਾ ਜਾਵੇ ਅਤੇ ਸਾਰੇ ਸਕੂਲਾਂ ਵਿੱਚ ਹਰੇਕ ਵਿਸ਼ੇ ਦਾ ਅਧਿਆਪਕ ਨਿਯੁਕਤ ਕਰੇ ਤਾਂ ਜੋ ਬੇਰੁਜ਼ਗਾਰ ਅਧਿਆਪਕਾਂ ਨੂੰ ਨੌਕਰੀ ਮਿਲ ਸਕੇ |