ਮਹਿਲ ਕਲਾਂ, 21 ਜਨਵਰੀ (ਅਵਤਾਰ ਸਿੰਘ ਅਣਖੀ)-ਇਤਿਹਾਸਕ ਪਿੰਡ ਠੀਕਰੀਵਾਲਾ (ਬਰਨਾਲਾ) ਵਿਖੇ ਗੁਟਕਾ ਸਾਹਿਬ ਦੀ ਬੇਅਦਬੀ ਦੀ ਦੁਖਦਾਈ ਘਟਨਾ ਵਾਪਰਨ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਬੀਤੀ 19 ਜਨਵਰੀ ਦੀ ਰਾਤ ਨੂੰ ਵਾਪਰੀ ਇਸ ਮੰਦਭਾਗੀ ਘਟਨਾ ਦੇ ਮੁੱਖ ਦੋਸ਼ੀਆਂ ਨੂੰ ਅਜੇ ਤੱਕ ਨਾ ਫੜੇ ਜਾਣ ਵਿਰੁੱਧ ਅੱਜ ਪਿੰਡ ਵਾਸੀਆਂ ਨੇ ਗੁਰਦੁਆਰਾ ਸਾਹਿਬ ਕਮੇਟੀ ਦੀ ਅਗਵਾਈ ਹੇਠ ਪਿੰਡ ਠੀਕਰੀਵਾਲਾ ਵਿਖੇ ਰੋਸ ਧਰਨਾ ਦੇ ਕੇ ਇਨਸਾਫ਼ ਦੀ ਮੰਗ ਕੀਤੀ ਹੈ | ਇਸ ਮੌਕੇ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਜਗਸੀਰ ਸਿੰਘ ਅÏਲਖ, ਸਰਪੰਚ ਕਿਰਨਜੀਤ ਸਿੰਘ, ਮੈਨੇਜਰ ਸੁਰਜੀਤ ਸਿੰਘ ਠੀਕਰੀਵਾਲ, ਗੁਰਪ੍ਰੀਤ ਸਿੰਘ ਠੀਕਰੀਵਾਲ ਨੇ ਕਿਹਾ ਕਿ ਅਮਰ ਸ਼ਹੀਦ ਸ: ਸੇਵਾ ਸਿੰਘ ਠੀਕਰੀਵਾਲ ਦੇ ਸ਼ਹੀਦੀ ਸਮਾਗਮ ਦੇ ਦੂਸਰੇ ਦਿਨ 19 ਜਨਵਰੀ ਦੀ ਰਾਤ ਨੂੰ ਕੁੱਝ ਸ਼ਰਾਰਤੀ ਅਨਸਰਾਂ ਵਲੋਂ ਗੁਟਕਾ ਸਾਹਿਬ ਦੇ ਅੰਗ ਪਾੜ ਕੇ ਸ਼ਹੀਦੀ ਸਭਾ ਵਾਲੀ ਥਾਂ ਦੀਵਾਨ ਹਾਲ ਅਤੇ ਪਿੰਡ ਦੀਆਂ ਗਲੀਆਂ 'ਚ ਸੁੱਟੇ ਗਏ | ਇਹ ਸਾਰੀ ਘਟਨਾ ਪਿੰਡ 'ਚ ਲਗਾਏ ਗਏ ਸੀ.ਸੀ.ਟੀ.ਵੀ. ਕੈਮਰਿਆਂ 'ਚ ਰਿਕਾਰਡ ਹੋ ਗਈ | ਪਤਾ ਲੱਗਦਿਆਂ ਹੀ ਪਿੰਡ ਵਾਸੀਆਂ ਵਲੋਂ ਤੁਰੰਤ ਕਾਰਵਾਈ ਦੀ ਮੰਗ ਨੂੰ ਲੈ ਕੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਖੰਘਾਲੇ ਜਾਣ 'ਤੇ ਦੋ ਦੋਸ਼ੀ ਫੜ ਕੇ ਪੁਲਿਸ ਹਵਾਲੇ ਕੀਤੇ ਗਏ ਪਰ ਇਸ ਘਟਨਾ ਦਾ ਮੁੱਖ ਦੋਸ਼ੀ ਪੁਲਿਸ ਵਲੋਂ ਅਜੇ ਤੱਕ ਵੀ ਨਾ ਗਿ੍ਫ਼ਤਾਰ ਕੀਤੇ ਜਾਣ ਦੇ ਰੋਸ ਵਿਚ ਅੱਜ ਪਿੰਡ ਵਾਸੀ ਰੋਸ ਪ੍ਰਦਰਸ਼ਨ ਕਰਨ ਲਈ ਮਜਬੂਰ ਹੋਏ ਹਨ | ਆਗੂਆਂ ਨੇ ਪੁਲਿਸ ਪ੍ਰਸ਼ਾਸਨ ਉਪਰ ਅਣਗਹਿਲੀ ਵਰਤਣ ਦਾ ਦੋਸ਼ ਲਗਾਉਂਦਿਆਂ ਸਪਸ਼ਟ ਕੀਤਾ ਕਿ ਪਿੰਡ ਵਾਸੀ ਇਨਸਾਫ਼ ਮਿਲਣ ਤੱਕ ਚੈਨ ਨਾਲ ਨਹੀਂ ਬੈਠਣਗੇ | ਇਸ ਮੌਕੇ ਮੈਂਬਰ ਸ਼੍ਰੋਮਣੀ ਕਮੇਟੀ ਸੰਤ ਬਲਵੀਰ ਸਿੰਘ ਘੁੰਨਸ, ਜਥੇਦਾਰ ਬਲਦੇਵ ਸਿੰਘ ਚੂੰਘਾਂ, ਜਥੇਦਾਰ ਨਾਥ ਸਿੰਘ ਹਮੀਦੀ ਨੇ ਇਸ ਘਟਨਾ ਉਪਰ ਦੁੱਖ ਪ੍ਰਗਟ ਕਰਦਿਆਂ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਉਠਾਈ | ਉਨ੍ਹਾਂ ਆਪਣੇ ਵਲੋਂ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦੁਆਇਆ | ਧਰਨਾਕਾਰੀਆਂ ਨੂੰ ਸ਼ਾਂਤ ਕਰਨ ਲਈ ਪਹੁੰਚੇ ਡੀ.ਐਸ.ਪੀ. ਬਲਜੀਤ ਸਿੰਘ ਢਿੱਲੋਂ, ਡੀ.ਐਸ.ਪੀ. ਸਤਬੀਰ ਸਿੰਘ ਬੈਂਸ ਨੇ ਇਸ ਮਾਮਲੇ ਸਬੰਧੀ ਮੈਂਬਰੀ ਜਾਂਚ ਕਮੇਟੀ ਦਾ ਗਠਨ ਕਰਨ ਅਤੇ ਫੜੇ ਗਏ ਦੋਸ਼ੀਆਂ ਵਿਰੁੱਧ ਕੇਸ ਦਰਜ ਕਰਨ ਰਹਿੰਦੇ ਦੋਸ਼ੀਆਂ ਨੂੰ ਛੇਤੀ ਗਿ੍ਫ਼ਤਾਰ ਕਰਨ ਦਾ ਵਿਸ਼ਵਾਸ ਦੁਆਇਆ | ਇਸ ਉਪਰੰਤ ਧਰਨਾਕਾਰੀਆਂ ਨੇ ਧਰਨਾ ਸਮਾਪਤ ਕਰ ਦੇਣ ਦਾ ਫ਼ੈਸਲਾ ਕੀਤਾ | ਇਸ ਮੌਕੇ ਗੁਰਦਿਆਲ ਸਿੰਘ ਮਾਨ, ਪ੍ਰਗਟ ਸਿੰਘ, ਜਥੇ: ਲਾਭ ਸਿੰਘ ਠੀਕਰੀਵਾਲ, ਭਾਕਿਯੂ ਕਾਦੀਆਂ ਦੇ ਸੂਬਾ ਆਗੂ ਗੁਰਨਾਮ ਸਿੰਘ ਠੀਕਰੀਵਾਲ, ਮਨਪ੍ਰੀਤ ਸਿੰਘ, ਸੁਖਮਨੀ ਸੇਵਾ ਸੁਸਾਇਟੀ ਦੇ ਸੇਵਾਦਾਰ, ਪਿੰਡ ਵਾਸੀ ਵੱਡੀ ਗਿਣਤੀ 'ਚ ਹਾਜ਼ਰ ਸਨ |