ਬਰਨਾਲਾ, 21 ਜਨਵਰੀ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਬਰਨਾਲਾ ਵਿਚ ਡਿਪਟੀ ਕਮਿਸ਼ਨਰ ਸ੍ਰੀ ਟੀ ਬੈਨਿਥ ਦੀ ਅਗਵਾਈ ਹੇਠ ਗਣਤੰਤਰ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਜ਼ੋਰਾਂ 'ਤੇ ਹਨ | ਇਸ ਸਬੰਧੀ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਬਾਬਾ ਕਾਲਾ ਮਹਿਰ ਸਟੇਡੀਅਮ ਬਰਨਾਲਾ ਵਿਖੇ ਮਨਾਏ ਜਾ ਰਹੇ ਗਣਤੰਤਰ ਦਿਵਸ ਸਮਾਗਮ ਦੀਆਂ ਤਿਆਰੀਆਂ ਸਬੰਧੀ ਦਿਸ਼ਾ ਨਿਰਦੇਸ਼ ਜਾਰੀ ਕੀਤੇ | ਉਨ੍ਹਾਂ ਸਟੇਡੀਅਮ ਵਿਚ ਸਫ਼ਾਈ ਪ੍ਰਬੰਧਾਂ, ਸਟੇਜ ਦੀ ਸਜਾਵਟ, ਚੌਂਕਾਂ ਦੀ ਸਜਾਵਟ, ਵਿਦਿਆਰਥੀਆਂ ਦੀਆਂ ਪੇਸ਼ਕਾਰੀਆਂ, ਹਾਜ਼ਰੀਨ ਦੇ ਬੈਠਣ ਦੇ ਪ੍ਰਬੰਧ ਸਮੇਤ ਹੋਰ ਤਿਆਰੀਆਂ ਲਈ ਹਦਾਇਤਾਂ ਦਿੱਤੀਆਂ | ਉਨ੍ਹਾਂ ਦੱਸਿਆ ਕਿ ਸਮਾਗਮ ਵਿਚ ਵੱਖ-ਵੱਖ ਵਿਭਾਗਾਂ ਦੀਆਂ ਝਾਕੀਆਂ ਵੀ ਹੋਣਗੀਆਂ | ਉਨ੍ਹਾਂ ਸਾਰੇ ਵਿਭਾਗਾਂ ਨੂੰ ਆਪਣੀ ਡਿਊਟੀ ਤਨਦੇਹੀ ਨਾਲ ਕਰਨ ਲਈ ਕਿਹਾ ਤਾਂ ਜੋ ਸਮਾਗਮ ਸਫਲਤਾ ਪੂਰਵਕ ਨੇਪਰੇ ਚਾੜਿਆ ਜਾ ਸਕੇ | ਉਨ੍ਹਾਂ ਕਿਹਾ ਕਿ ਪੁਲਿਸ ਵਲੋਂ ਸੁਰੱਖਿਆ ਅਤੇ ਪਾਰਕਿੰਗ ਸਬੰਧੀ ਇੰਤਜ਼ਾਮ ਕੀਤੇ ਜਾਣਗੇ | ਸਮਾਗਮ ਦੌਰਾਨ ਸਕੂਲੀ ਬੱਚਿਆਂ ਲਈ ਪਾਣੀ ਅਤੇ ਚਾਹ ਦਾ ਢੁਕਵਾਂ ਪ੍ਰਬੰਧ ਯਕੀਨੀ ਬਣਾਇਆ ਜਾਵੇ | ਇਸ ਮੌਕੇ ਐਸ.ਐਸ.ਪੀ. ਮੁਹੰਮਦ ਸਰਫ਼ਰਾਜ਼ ਆਲਮ, ਸਿਵਲ ਸਰਜਨ ਡਾ. ਹਰੀਪਾਲ ਸਿੰਘ, ਉਪ-ਮੰਡਲ ਮੈਜਿਸਟਰੇਟ ਅਜੀਤ ਪਾਲ ਸਿੰਘ ਅਤੇ ਹੋਰਨਾਂ ਵਿਭਾਗਾਂ ਦੇ ਮੁਖੀ, ਅਧਿਕਾਰੀ/ ਕਰਮਚਾਰੀ ਹਾਜ਼ਰ ਸਨ |