ਮਹਿਲ ਕਲਾਂ, 21 ਜਨਵਰੀ (ਤਰਸੇਮ ਸਿੰਘ ਗਹਿਲ, ਅਵਤਾਰ ਸਿੰਘ ਅਣਖੀ)-ਪੁਲਿਸ ਸਬ-ਡਵੀਜ਼ਨ ਮਹਿਲ ਕਲਾਂ ਅਧੀਨ ਆਉਂਦੇ ਪੁਲਿਸ ਥਾਣਾ ਠੁੱਲੀਵਾਲ ਦੇ ਮੁੱਖ ਅਫ਼ਸਰ ਗੁਰਪਾਲ ਸਿੰਘ ਵਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਦੇ ਤਹਿਤ ਲਵਪ੍ਰੀਤ ਸਿੰਘ ਉਰਫ ਜੈਡੂ ਪੁੱਤਰ ਜਰਨੈਲ ਸਿੰਘ ਵਾਸੀ ਮਹਿਲ ਕਲਾਂ ਨੂੰ ਗਿ੍ਫ਼ਤਾਰ ਕਰ ਕੇ ਉਸ ਪਾਸੋਂ 90 ਨਸ਼ੀਲੀਆਂ ਗੋਲੀਆਂ ਖੁੱਲ੍ਹੀਆਂ ਅਤੇ 315 ਬੋਰ ਦਾ ਦੇਸੀ ਪਿਸਤੌਲ ਅਤੇ ਦੋ ਜਿੰਦਾ ਕਾਰਤੂਸ ਬਰਾਮਦ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਪੁਲਿਸ ਵਲੋਂ ਮੁਲਜ਼ਮ ਖ਼ਿਲਾਫ਼ ਐਨ.ਡੀ.ਪੀ.ਐਸ. ਅਤੇ ਆਰਮਜ਼ ਐਕਟ ਦੇ ਅਧੀਨ ਮੁਕੱਦਮਾ ਦਰਜ ਕਰ ਕੇ ਅਗਲੇਰੀ ਕਾਰਵਾਈ ਕਰ ਦਿੱਤੀ ਹੈ | ਇਸ ਸਮੇਂ ਮੁੱਖ ਅਫ਼ਸਰ ਗੁਰਪਾਲ ਸਿੰਘ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁਲਜ਼ਮ ਲਵਪ੍ਰੀਤ ਸਿੰਘ ਉਰਫ ਜੈਡੂ ਦੇ ਪਾਸ ਨਸ਼ੀਲੀਆਂ ਗੋਲੀਆਂ ਹੋਣ ਦੀ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ, ਜਿਸ ਆਧਾਰ 'ਤੇ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਖ਼ਿਲਾਫ਼ ਮੁਕੱਦਮਾ ਦਰਜ ਕਰ ਕੇ ਅਗਲੇਰੀ ਕਾਰਵਾਈ ਅਮਲ ਵਿਚ ਲਿਆਂਦੀ ਗਈ | ਇਸ ਸਮੇਂ ਮੁੱਖ ਅਫ਼ਸਰ ਗੁਰਪਾਲ ਸਿੰਘ ਨੇ ਦੱਸਿਆ ਕਿ ਮੁਕੱਦਮਾ ਹਜਾ ਵਿਚ ਗਿ੍ਫ਼ਤਾਰ ਕੀਤੇ ਮੁਲਜ਼ਮ ਲਵਪ੍ਰੀਤ ਸਿੰਘ ਖ਼ਿਲਾਫ਼ ਪੁਲਿਸ ਥਾਣਾ ਟੱਲੇਵਾਲ, ਪੁਲਿਸ ਥਾਣਾ ਲੁਧਿਆਣਾ, ਪੁਲਿਸ ਥਾਣਾ ਬੱਧਨੀ ਕਲਾਂ ਅਤੇ ਪੁਲਿਸ ਥਾਣਾ ਮਹਿਲ ਕਲਾਂ ਵਿਖੇ ਵੱਖ-ਵੱਖ ਧਰਾਵਾਂ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ, ਮੁੱਖ ਅਫ਼ਸਰ ਗੁਰਪਾਲ ਸਿੰਘ ਨੇ ਕਿਹਾ ਕਿ ਸਰਕਾਰ ਅਤੇ ਜ਼ਿਲ੍ਹਾ ਪੁਲਿਸ ਮੁਖੀ ਦੀਆਂ ਸਖ਼ਤ ਹਦਾਇਤਾਂ ਹੋਣ ਕਰ ਕੇ ਨਸ਼ਿਆਂ ਦੇ ਧੰਦੇ ਵਿਚ ਲੱਗੇ ਲੋਕਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ | ਇਸ ਸਮੇਂ ਉਨ੍ਹਾਂ ਮਾੜੇ ਅਨਸਰਾਂ ਨੂੰ ਅਪੀਲ ਕੀਤੀ ਕਿ ਉਹ ਮੁੱਖ ਧਾਰਾ ਵਿਚ ਆ ਕੇ ਆਪਣਾ ਤੇ ਪਰਿਵਾਰਕ ਜੀਵਨ ਸੁਖਦ ਵਿਚ ਬਸਰ ਕਰਨ | ਇਸ ਸਮੇਂ ਮੁੱਖ ਮੁਨਸ਼ੀ ਪੁਲਿਸ ਥਾਣਾ ਠੁੱਲੀਵਾਲ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ |