ਮਹਿਲ ਕਲਾਂ, 21 ਜਨਵਰੀ (ਅਵਤਾਰ ਸਿੰਘ ਅਣਖੀ)-ਗਣਤੰਤਰ ਦਿਵਸ ਨੂੰ ਲੈ ਕੇ ਇਲਾਕੇ ਅੰਦਰ ਅਮਨ-ਸ਼ਾਂਤੀ ਅਤੇ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਬਣਾਏ ਰੱਖਣ ਦੇ ਮੱਦੇਨਜ਼ਰ ਪੁਲਿਸ ਥਾਣਾ ਠੁੱਲੀਵਾਲ ਦੇ ਮੁੱਖ ਅਫ਼ਸਰ ਗੁਰਪਾਲ ਸਿੰਘ ਦੀ ਅਗਵਾਈ ਹੇਠ ਪੁਲਿਸ ਜਵਾਨਾਂ ਦੀ ਰਿਹਰਸਲ ਕਰਵਾਈ ਗਈ | ਇਸ ਮੌਕੇ ਉਨ੍ਹਾਂ ਦੱਸਿਆ ਕਿ ਐਸ.ਐਸ.ਪੀ ਬਰਨਾਲਾ ਮੁਹੰਮਦ ਸਰਫ਼ਰਾਜ਼ ਆਲਮ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੁਲਿਸ ਸਬ ਡਿਵੀਜ਼ਨ ਮਹਿਲ ਕਲਾਂ ਦੇ ਡੀ.ਐਸ.ਪੀ ਜਸਪਾਲ ਸਿੰਘ ਧਾਲੀਵਾਲ ਦੀ ਰਹਿਨੁਮਾਈ ਹੇਠ ਸੁਰੱਖਿਆ ਇੰਤਜ਼ਾਮਾਂ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਗਣਤੰਤਰ ਦਿਵਸ ਦੌਰਾਨ ਕਿਸੇ ਵੀ ਅਣਚਾਹੀ ਘਟਨਾ ਨੂੰ ਰੋਕਣ ਅਤੇ ਲੋਕਾਂ ਨੂੰ ਸੁਰੱਖਿਅਤ ਮਾਹੌਲ ਪ੍ਰਦਾਨ ਕਰਨ ਲਈ ਪੁਲਿਸ ਵਲੋਂ ਲਗਾਤਾਰ ਰਿਹਰਸਲਾਂ ਕਰਵਾਈਆਂ ਜਾ ਰਹੀਆਂ ਹਨ | ਉਨ੍ਹਾਂ ਕਿਹਾ ਕਿ ਪੁਲਿਸ ਪੂਰੀ ਤਰ੍ਹਾਂ ਚੌਕਸ ਹੈ ਅਤੇ ਇਲਾਕੇ ਅੰਦਰ ਸ਼ਾਂਤੀ ਭੰਗ ਕਰਨ ਵਾਲੇ ਅਨਸਰਾਂ ਨਾਲ ਸਖ਼ਤੀ ਨਾਲ ਨਿਪਟਿਆ ਜਾਵੇਗਾ | ਇਸ ਮੌਕੇ ਜਸਵਿੰਦਰ ਸਿੰਘ, ਏ.ਐਸ.ਆਈ ਅਮਰਜੀਤ ਸਿੰਘ, ਹੌਲਦਾਰ ਦੀਪ ਸਿੰਘ, ਮੁਨਸ਼ੀ ਗੁਰਦੀਪ ਸਿੰਘ ਆਦਿ ਹਾਜ਼ਰ ਸਨ |