ਮਹਿਲ ਕਲਾਂ, 22 ਜਨਵਰੀ (ਤਰਸੇਮ ਸਿੰਘ ਗਹਿਲ, ਅਵਤਾਰ ਸਿੰਘ ਅਣਖੀ)- ਪੁਲਿਸ ਥਾਣਾ ਠੁੱਲੀਵਾਲ ਦੇ ਮੁੱਖ ਅਫ਼ਸਰ ਇੰਸਪੈਕਟਰ ਗੁਰਪਾਲ ਸਿੰਘ ਦੀ ਅਗਵਾਈ ਹੇਠ ਮਾੜੇ ਅਨਸਰਾਂ ਨੂੰ ਕਾਬੂ ਕਰਨ ਦੀ ਵਿੱਢੀ ਮੁਹਿੰਮ ਦੇ ਤਹਿਤ ਸੂਆ ਪੁਲ ਪਿੰਡ ਹਮੀਦੀ ਤੋਂ ਸਹੋਰ ਰੋਡ ਵਿਖੇ ਸਹਾਇਕ ਥਾਣੇਦਾਰ ਅਮਰਜੀਤ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਵਲੋਂ ਕੀਤੀ ਨਾਕੇਬੰਦੀ ਦੌਰਾਨ ਤਿੰਨ ਵਿਅਕਤੀਆਂ ਨੂੰ ਚੋਰੀ ਕੀਤੇ ਸਪਲੈਂਡਰ ਮੋਟਰਸਾਈਕਲ ਸਮੇਤ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਨਾਕੇਬੰਦੀ ਦੌਰਾਨ ਗਿ੍ਫ਼ਤਾਰ ਹੋਏ ਵਿਅਕਤੀਆਂ ਦੀ ਪਹਿਚਾਣ ਹਰਮਨਪਾਲ ਸਿੰਘ ਉਰਫ਼ ਹਰਮਨ ਪੁੱਤਰ ਬਖ਼ਸ਼ੀਸ਼ ਸਿੰਘ, ਜਸਪ੍ਰੀਤ ਸਿੰਘ ਉਰਫ਼ ਜੱਸਾ ਪੁੱਤਰ ਗੁਰਮੀਤ ਸਿੰਘ ਦੋਵੇਂ ਵਾਸੀਅਨ ਕਸਬਾ ਭਰਾਲ, ਅਮਨਦੀਪ ਸਿੰਘ ਉਰਫ਼ ਅਮਨਾ ਪੁੱਤਰ ਜਗਜੀਤ ਸਿੰਘ ਵਾਸੀ ਜਲਵਾਣਾ ਨੂੰ ਗਿ੍ਫ਼ਤਾਰ ਕਰ ਕੇ ਇਨ੍ਹਾਂ ਖ਼ਿਲਾਫ਼ ਅਗਲੇਰੀ ਕਾਰਵਾਈ ਕਰ ਦਿੱਤੀ ਹੈ | ਮੁੱਖ ਅਫ਼ਸਰ ਗੁਰਪਾਲ ਸਿੰਘ ਨੇ ਦੱਸਿਆ ਕਿ ਗਿ੍ਫ਼ਤਾਰ ਕੀਤੇ ਮੁਲਜ਼ਮਾਂ ਨੇ ਪੁੱਛਗਿੱਛ ਦੌਰਾਨ ਮੰਨਿਆ ਕਿ ਉਕਤ ਮੋਟਰਸਾਈਕਲ ਇਨ੍ਹਾਂ ਨੇ ਮਲੇਰਕੋਟਲਾ ਤੋਂ ਚੋਰੀ ਕੀਤਾ ਸੀ | ਇਸ ਸਮੇਂ ਜਸਪਾਲ ਸਿੰਘ ਪੀ.ਪੀ.ਐਸ ਉਪ ਪੁਲਿਸ ਕਪਤਾਨ ਮਹਿਲ ਕਲਾਂ ਨੇ ਗੱਲਬਾਤ ਦੌਰਾਨ ਕਿਹਾ ਕਿ ਸਰਕਾਰ ਦੀਆਂ ਸਖ਼ਤ ਹਦਾਇਤਾਂ ਅਨੁਸਾਰ ਮਾੜੇ ਅਨਸਰਾਂ ਖ਼ਿਲਾਫ਼ ਸ਼ਿਕੰਜਾ ਕੱਸਣ ਦੀ ਵਿੱਢੀ ਮੁਹਿੰਮ ਦੇ ਤਹਿਤ ਪੁਲਿਸ ਸਬ-ਡਿਵੀਜ਼ਨ ਮਹਿਲ ਕਲਾਂ ਵਲੋਂ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ, ਕਿਸੇ ਵੀ ਮਾੜੇ ਅਨਸਰ ਨੂੰ ਪੁਲਿਸ ਵਲੋਂ ਬਖ਼ਸ਼ਿਆ ਨਹੀਂ ਜਾਵੇਗਾ | ਇਸ ਸਮੇਂ ਥਾਣਾ ਠੱੁਲੀਵਾਲ ਦੀ ਪੁਲਿਸ ਪਾਰਟੀ ਹਾਜ਼ਰ ਸੀ |