ਮਲੇਰਕੋਟਲਾ, 22 ਜਨਵਰੀ (ਮੁਹੰਮਦ ਹਨੀਫ਼ ਥਿੰਦ) - ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਨੇ ਅਹਿਮ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਪੰਜਾਬ ਆਬਕਾਰੀ ਐਕਟ ਤਹਿਤ ਜ਼ਿਲ੍ਹਾ ਮਲੇਰਕੋਟਲਾ ਦੀ ਹਦੂਦ ਅੰਦਰ ਗਣਤੰਤਰਤਾ ਦਿਵਸ ਯਾਨੀ ਕਿ 26 ਜਨਵਰੀ ਨੂੰ ਸਵੇਰੇ 7 ਵਜੇ ਤੋਂ ਸ਼ਾਮ 5 ਵਜੇ ਤੱਕ ਡਰਾਈ ਡੇਅ ਘੋਸ਼ਿਤ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ 26 ਜਨਵਰੀ (ਗਣਤੰਤਰਤਾ ਦਿਵਸ) ਦਾ ਸਮਾਗਮ ਪੂਰੇ ਭਾਰਤ ਵਿਚ ਬੜੀ ਧੂਮ-ਧਾਮ ਨਾਲ ਮਨਾਇਆ ਜਾਂਦਾ ਹੈ | ਇਸ ਦਿਨ ਲੋਕਾਂ ਵਲੋਂ ਸ਼ਰਾਬ ਦੀ ਵਰਤੋਂ ਕਰਨ ਉਪਰੰਤ ਲੜਾਈ-ਝਗੜਾ ਕਰਨ ਕਰਕੇ ਅਮਨ-ਕਾਨੂੰਨ ਦੀ ਸਥਿਤੀ ਭੰਗ ਹੋਣ ਦਾ ਡਰ ਬਣਿਆ ਰਹਿੰਦਾ ਹੈ | ਇਸ ਲਈ ਗਣਤੰਤਰਤਾ ਦਿਵਸ ਸ਼ਾਂਤੀ ਪੂਰਵਕ ਢੰਗ ਨਾਲ ਮਨਾਉਣ ਲਈ ਡਰਾਈ ਡੇਅ ਘੋਸ਼ਿਤ ਕਰਨਾ ਜ਼ਰੂਰੀ ਬਣ ਜਾਂਦਾ ਹੈ | ਉਨ੍ਹਾਂ ਕਿਹਾ ਕਿ ਡਰਾਈ ਡੇਅ ਦੌਰਾਨ ਜ਼ਿਲ੍ਹਾ ਮਲੇਰਕੋਟਲਾ ਦੀ ਹਦੂਦ ਅੰਦਰ ਕਿਸੇ ਵੀ ਸ਼ਰਾਬ ਦੇ ਠੇਕੇ (ਦੇਸੀ ਅਤੇ ਅੰਗਰੇਜ਼ੀ), ਹੋਟਲ, ਦੁਕਾਨ, ਰੈਸਟੋਰੈਂਟਾਂ, ਕਲੱਬ, ਬੀਅਰ ਬਾਰ, ਅਹਾਤੇ, ਜਿੱਥੇ ਸ਼ਰਾਬ ਵੇਚਣ ਤੇ ਪੀਣ ਦੀ ਕਾਨੂੰਨੀ ਇਜਾਜ਼ਤ ਹੈ ਜਾਂ ਹੋਰ ਜਨਤਕ ਥਾਵਾਂ ਆਦਿ ਤੇ ਸ਼ਰਾਬ ਦੀ ਵਿਕਰੀ ਕਰਨ, ਵਰਤੋਂ ਕਰਨ, ਪੀਣ/ਪਿਲਾਉਣ ਅਤੇ ਸਟੋਰ ਕਰਨ ਤੇ ਮੁਕੰਮਲ ਪਾਬੰਦੀ ਹੋਵੇਗੀ |