ਰੂੜੇਕੇ ਕਲਾਂ, 29 ਜਨਵਰੀ (ਗੁਰਪ੍ਰੀਤ ਸਿੰਘ ਕਾਹਨੇਕੇ)-ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਹਰ ਫ਼ਰੰਟ 'ਤੇ ਫ਼ੇਲ੍ਹ ਸਾਬਤ ਹੋ ਚੁੱਕੀ ਹੈ | ਚੋਣਾਂ ਸਮੇਂ ਜੋ ਪੰਜਾਬ ਵਾਸੀਆਂ ਨਾਲ ਆਮ ਆਦਮੀ ਪਾਰਟੀ ਨੇ ਝੂਠੇ ਵਾਅਦੇ ਕੀਤੇ ਸਨ ਸਾਰੇ ਵਾਅਦਿਆਂ ਤੋਂ ਮੁਨਕਰ ਹੋ ਚੁੱਕੀ ਹੈ | ਪੰਜਾਬ ਦੇ ਹੱਕਾਂ ਲਈ ਬੋਲਣ ਵਾਲੇ ਸਮਾਜ ਸੇਵੀ, ਰਾਜਨੀਤਿਕ ਲੀਡਰਾਂ ਤੇ ਮੀਡੀਆ ਕਰਮੀਆਂ ਦੀ ਆਵਾਜ਼ ਨੂੰ ਦਬਾਉਣ ਲਈ ਪੰਜਾਬ ਸਰਕਾਰ ਝੂਠੇ ਪਰਚੇ ਦਰਜ ਕਰ ਰਹੀ ਹੈ | ਪੰਜਾਬ ਸਰਕਾਰ ਨੇ ਪੰਜਾਬ ਵਿਚ 16 ਮੈਡੀਕਲ ਕਾਲਜ ਬਣਾਉਣ ਲਈ ਨੀਂਹ ਪੱਥਰ ਰੱਖੇ ਸਨ ਸਰਕਾਰ ਤੋਂ ਇਕ ਵੀ ਕਾਲਜ ਨਹੀਂ ਬਣਿਆ ਹੈ | ਉਕਤ ਸ਼ਬਦਾਂ ਦਾ ਪ੍ਰਗਟਾਵਾ ਪਿੰਡ ਕਾਹਨੇਕੇ ਵਿਖੇ ਅਕਾਲੀ ਵਰਕਰ ਅਹੁਦੇਦਾਰਾਂ ਨਾਲ ਮੀਟਿੰਗ ਕਰਨ ਉਪਰੰਤ ਹਲਕਾ ਇੰਚਾਰਜ ਐਡਵੋਕੇਟ ਸਤਨਾਮ ਸਿੰਘ ਰਾਹੀ ਨੇ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ 'ਚ ਅਕਾਲੀ ਦਲ ਬਾਦਲ ਦੀ ਸਰਕਾਰ ਬਣਨ 'ਤੇ ਪਹਿਲੇ ਮਹੀਨੇ ਹੀ ਕਿਸਾਨਾਂ ਨੂੰ ਮੁਫ਼ਤ ਟਿਊਬਵੈੱਲ ਕੁਨੈਕਸ਼ਨ ਦਿੱਤੇ ਜਾਣਗੇ | ਹਰ ਇਕ ਜ਼ਿਲ੍ਹੇ ਵਿਚ ਮੈਡੀਕਲ ਕਾਲਜ ਬਣਾਇਆ ਜਾਵੇਗਾ | ਪੰਜਾਬ ਦੇ ਲੋਕ ਪਿਛਲੀ ਅਕਾਲੀ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਨੂੰ ਯਾਦ ਕਰ ਰਹੇ ਹਨ ਜੋ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਾਰੀਆਂ ਹੀ ਬੰਦ ਕਰ ਦਿੱਤੀਆਂ ਹਨ | ਇਸ ਮੌਕੇ ਅਕਾਲੀ ਵਰਕਰ ਅਹੁਦੇਦਾਰ ਹਾਜ਼ਰ ਸਨ |