ਤਪਾ ਮੰਡੀ , 18 ਫਰਵਰੀ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਸਿਵਲ ਸਰਜਨ ਬਰਨਾਲਾ ਡਾ: ਹਰੀਪਾਲ ਸਿੰਘ ਵਲੋਂ ਅੱਜ ਸਬ ਡਵੀਜ਼ਨਲ ਹਸਪਤਾਲ ਤਪਾ ਦਾ ਅਚਨਚੇਤੀ ਦੌਰਾ ਕੀਤਾ ਗਿਆ | ਇਸ ਮੌਕੇ ਉਨ੍ਹਾਂ ਤਪਾ ਹਸਪਤਾਲ ਵਿਖੇ ਮਿਲ ਰਹੀਆਂ ਵੱਖ-ਵੱਖ ਸਿਹਤ ਸੁਵਿਧਾਵਾਂ ਦਾ ਜਾਇਜ਼ਾ ਲਿਆ ਤੇ ਵੱਖ-ਵੱਖ ਪ੍ਰੋਗਰਾਮਾਂ ਦੀ ਸਮੀਖਿਆ ਕੀਤੀ ਗਈ | ਡਾ: ਹਰੀਪਾਲ ਸਿੰਘ ਨੇ ਕਿਹਾ ਕਿ ਸਾਡਾ ਮੁੱਢਲਾ ਫਰਜ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣਾ ਹੈ | ਇਸ ਦੌਰਾਨ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਤੇ ਲੋੜਵੰਦ ਤੇ ਯੋਗ ਵਰਗ ਨੂੰ ਮਿਲਣ ਵਾਲੀਆਂ ਹੋਰ ਵੱਖ-ਵੱਖ ਯੋਜਨਾਵਾਂ ਬਾਰੇ ਵੀ ਵੱਧ ਤੋਂ ਵੱਧ ਲੋਕਾਂ ਨੂੰ ਜਾਣਕਾਰੀ ਦਿੱਤੀ ਜਾਵੇ | ਇਸ ਦੌਰਾਨ ਉਨ੍ਹਾਂ ਐਮਰਜੈਂਸੀ, ਓ.ਪੀ.ਡੀ. ਜੱਚਾ-ਬੱਚਾ ਵਿਭਾਗ, ਫਾਰਮੇਸੀ ਆਦਿ ਵਿਚ ਮਰੀਜ਼ਾਂ ਨੂੰ ਮਿਲ ਰਹੀਆਂ ਸਹੂਲਤਾਂ ਦਾ ਵੀ ਜਾਇਜ਼ਾ ਲਿਆ | ਉਨ੍ਹਾਂ ਕਿਹਾ ਕਿ ਸਕੈਨ ਐਂਡ ਸ਼ੇਅਰ ਰਾਹੀਂ ਓ.ਪੀ.ਡੀ. ਪਰਚੀ ਮਰੀਜ਼ ਖੁਦ ਬਣਾ ਸਕਦੇ ਹਨ ਜਿਸ ਨਾਲ ਉਨ੍ਹਾਂ ਨੂੰ ਲਾਈਨ ਵਿਚ ਖੜਨ ਦੀ ਜ਼ਰੂਰਤ ਨਹੀਂ ਹੈ | ਇਸ ਉਪਰੰਤ ਸਿਵਲ ਸਰਜਨ ਵਲੋਂ ਸਟਾਫ਼ ਨਾਲ ਮੀਟਿੰਗ ਕੀਤੀ ਗਈ ਤੇ ਵੱਖ-ਵੱਖ ਪ੍ਰੋਗਰਾਮਾਂ ਤੇ ਸਕੀਮਾਂ ਦੀ ਸਮੀਖਿਆ ਕੀਤੀ | ਉਨ੍ਹਾਂ ਸਾਰਿਆਂ ਨੂੰ ਸਮੇਂ ਦੀ ਪਾਬੰਦੀ ਤੇ ਅਨੁਸ਼ਾਸਨ ਵਿਚ ਰਹਿਣ ਦੀ ਹਦਾਇਤ ਕੀਤੀ | ਉਨ੍ਹਾਂ ਕਿਹਾ ਕਿ ਸਾਰੇ ਅਧਿਕਾਰੀ ਤੇ ਕਰਮਚਾਰੀ ਆਪਣਾ ਕੰਮ ਸਮੇਂ ਸਿਰ ਤੇ ਇਮਾਨਦਾਰੀ ਨਾਲ ਕਰਨ ਤਾਂ ਜੋ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਸਕਣ | ਸੀਨੀਅਰ ਮੈਡੀਕਲ ਅਫਸਰ ਡਾ: ਕੰਵਲਜੀਤ ਸਿੰਘ ਬਾਜਵਾ ਨੇ ਉਨ੍ਹਾਂ ਨੂੰ ਲੋਕ ਹਿੱਤ ਵਿਚ ਲਗਾਤਾਰ ਤੇ ਹੋਰ ਬਿਹਤਰ ਕੰਮ ਕਰਨ ਦਾ ਭਰੋਸਾ ਦਿੱਤਾ | ਇਸ ਮੌਕੇ ਡਾ: ਸ਼ਿਖਾ ਅਗਰਵਾਲ, ਡਾ: ਜਸਵੀਰ ਕੌਰ, ਬਲਾਕ ਐਜੂਕੇਟਰ ਜਸਪਾਲ ਸਿੰਘ ਜਟਾਣਾ, ਨਰਸਿੰਗ ਸਿਸਟਰ ਸਵਰਨ ਕੌਰ ਸਮੇਤ ਹਸਪਤਾਲ ਦਾ ਸਮੂਹ ਸਟਾਫ ਹਾਜਰ ਸੀ |