ਬਰਨਾਲਾ, 7 ਮਈ (ਗੁਰਪ੍ਰੀਤ ਸਿੰਘ ਲਾਡੀ)-ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਵਲੋਂ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰ ਕੇ ਰੰਗਲਾ ਪੰਜਾਬ ਵਿਕਾਸ ਸਕੀਮ ਤਹਿਤ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਗਿਆ | ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਨਿਰਦੇਸ਼ ਦਿੱਤੇ ਕਿ ਇਸ ਸਕੀਮ ਦੇ ਪਹਿਲੇ ਪੜਾਅ ਤਹਿਤ ਰਹਿੰਦੇ ਕੰਮ ਜਲਦ ਮੁਕੰਮਲ ਕਰਵਾਏ ਜਾਣ | ਦੂਜੇ ਪੜਾਅ ਦੇ ਕੰਮਾਂ ਲਈ ਪੰਜਾਬ ਸਰਕਾਰ ਵਲੋਂ 5 ਕਰੋੜ ਦੀ ਗ੍ਰਾਂਟ ਜਾਰੀ ਕੀਤੀ ਗਈ ਹੈ ਜਿਸ ਤਹਿਤ ਪਿੰਡਾਂ ਵਿਚ ਰਹਿੰਦੇ ਕੰਮ ਕਰਵਾਏ ਜਾਣੇ ਹਨ | ਉਨ੍ਹਾਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ੍ਹਾ ਬਰਨਾਲਾ ਵਿਚ ਵਿਸ਼ੇਸ਼ ਪਲਾਂਟੇਸ਼ਨ ਮੁਹਿੰਮ ਦੀਆਂ ਤਿਆਰੀਆਂ ਦਾ ਵੀ ਜਾਇਜ਼ਾ ਲਿਆ | ਵਧੀਕ ਡਿਪਟੀ ਕਮਿਸ਼ਨਰ ਵਿਕਾਸ ਹਰਜਿੰਦਰ ਸਿੰਘ ਬੇਦੀ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਮਾਨਸੂਨ ਸੀਜ਼ਨ ਦੌਰਾਨ ਜ਼ਿਲ੍ਹਾ ਬਰਨਾਲਾ ਵਿਚ 6.50 ਲੱਖ ਪੌਦੇ ਲਗਾਏ ਜਾਣਗੇ | ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਬੀ.ਡੀ.ਪੀ.ਓਜ਼. ਦੀ ਦੇਖ ਰੇਖ ਹੇਠ ਤਿੰਨੋਂ ਬਲਾਕਾਂ ਵਿਚ ਤਿੰਨ ਸ੍ਰੀ ਗੁਰੂ ਰਵਿਦਾਸ ਬਗ਼ੀਚੀਆਂ ਬਣਾਈਆਂ ਜਾਣਗੀਆਂ | ਜਿਸ ਵਾਸਤੇ ਪੰਚਾਇਤੀ ਜਗ੍ਹਾ ਦੀ ਸ਼ਨਾਖ਼ਤ ਕਰਨ ਵਾਸਤੇ ਨਿਰਦੇਸ਼ ਦਿੱਤੇ ਗਏ | ਇਸ ਤੋਂ ਇਲਾਵਾ ਸਿੱਖਿਆ ਵਿਭਾਗ ਵਲੋਂ ਸਰਕਾਰੀ ਸਕੂਲਾਂ ਵਿਚ ਪੌਦੇ ਲਾਏ ਜਾਣਗੇ | ਇਸ ਤੋਂ ਇਲਾਵਾ ਪੰਚਾਇਤੀ ਰਾਜ ਅਤੇ ਲੋਕ ਨਿਰਮਾਣ ਵਿਭਾਗ ਵਲੋਂ ਆਪਣੇ ਅਧੀਨ ਆਉਂਦੀਆਂ ਸੜਕਾਂ/ਥਾਵਾਂ 'ਤੇ ਬੂਟੇ ਲਾਏ ਜਾਣਗੇ | ਇਸ ਮੌਕੇ ਬੀ.ਡੀ.ਪੀ.ਓ. ਬਰਨਾਲਾ ਜਗਤਾਰ ਸਿੰਘ, ਬੀ.ਡੀ.ਪੀ.ਓ. ਸ਼ਹਿਣਾ ਜਗਰਾਜ ਸਿੰਘ, ਬੀ.ਡੀ.ਪੀ.ਓ. ਮਹਿਲ ਕਲਾਂ ਭੂਸ਼ਣ ਕੁਮਾਰ ਸਮੇਤ ਵੱਖ-ਵੱਖ ਵਿਭਾਗਾਂ ਤੋਂ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ |