ਰੂੜੇਕੇ ਕਲਾਂ, 7 ਮਈ (ਗੁਰਪ੍ਰੀਤ ਸਿੰਘ ਕਾਹਨੇਕੇ)-ਪਿੰਡ ਧੂਰਕੋਟ ਵਿਖੇ ਪਿਛਲੀ ਰਾਤ ਕਿਸਾਨਾਂ ਦੇ ਖੇਤਾਂ ਵਿਚੋਂ ਬਿਜਲੀ ਟਰਾਂਸਫ਼ਾਰਮਰ ਚੋਰੀ ਹੋਣ ਦੀ ਖ਼ਬਰ ਹੈ | ਜਾਣਕਾਰੀ ਦਿੰਦੇ ਹੋਏ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਜ਼ਿਲ੍ਹਾ ਆਗੂ ਗੁਰਚਰਨ ਸਿੰਘ ਧੂਰਕੋਟ ਨੇ ਦੱਸਿਆ ਕਿ ਪਿਛਲੀ ਰਾਤ ਉਨ੍ਹਾਂ ਦਾ ਖ਼ੁਦ ਅਤੇ ਇਕ ਹੋਰ ਗੁਆਂਢੀ ਕਿਸਾਨ ਦਾ ਪਿੰਡ ਧੂਰਕੋਟ ਤੋਂ ਸ਼ਹੀਦ ਬਾਬਾ ਸਿੱਧ ਭੋਇੰ ਗੁਰਦੁਆਰਾ ਸਾਹਿਬ ਨੂੰ ਜਾਂਦੇ ਕੱਚੇ ਰਸਤੇ 'ਤੇ ਸਥਿਤ ਉਨ੍ਹਾਂ ਦੇ ਖੇਤਾਂ ਵਿਚੋਂ ਬਿਜਲੀ ਟਰਾਂਸਫ਼ਾਰਮਰਾਂ ਦਾ ਸਾਰਾ ਕੀਮਤੀ ਸਮਾਨ ਅਣਪਛਾਤੇ ਵਿਅਕਤੀ ਚੋਰੀ ਕਰ ਕੇ ਲੈ ਗਏ ਹਨ | ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਤੋਂ ਲੈ ਕੇ ਸਥਾਨਕ ਇਲਾਕੇ ਦੇ ਪਿੰਡਾਂ ਵਿਚੋਂ ਕਿਸਾਨਾਂ ਦੇ ਖੇਤਾਂ ਵਿਚੋਂ ਟਰਾਂਸਫ਼ਾਰਮਰ ਅਤੇ ਮੋਟਰਾਂ ਤੋਂ ਕੇਬਲ ਤਾਰਾਂ ਚੋਰੀ ਹੋਣ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ | ਕਿਸਾਨਾਂ ਦੇ ਖੇਤਾਂ ਵਿਚੋਂ ਬਿਜਲੀ ਟਰਾਂਸਫ਼ਾਰਮਰ ਚੋਰੀ ਹੋਣ ਨਾਲ ਕਿਸਾਨਾਂ ਨੂੰ ਵੱਡੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਦਾ ਹੈ | ਉੱਥੇ ਹੀ ਪਾਵਰ ਕਾਰਪੋਰੇਸ਼ਨ ਦਾ ਵੀ ਵੱਡਾ ਆਰਥਿਕ ਨੁਕਸਾਨ ਹੋ ਰਿਹਾ ਹੈ | ਇਸ ਮੌਕੇ ਪਿੰਡ ਦੇ ਕਿਸਾਨ ਹਾਜ਼ਰ ਸਨ |