ਟੋਹਾਣਾ/ਜਾਖ਼ਲ, 22 ਜਨਵਰੀ (ਮਨਜੀਤ ਸਿੰਘ)-ਟੋਹਾਣਾ ਸਿਟੀ ਪੁਲਿਸ ਸਟੇਸ਼ਨ ਨੇ ਨਸ਼ਿਆਂ ਤੇ ਨਸ਼ੀਲੇ ਪਦਾਰਥਾਂ ਦੀ ਗੈਰ-ਕਾਨੂੰਨੀ ਵਿਕਰੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਰੋਕਣ ਲਈ ਅੱਜ ਟੋਹਾਣਾ ਸ਼ਹਿਰ 'ਚ ਇਕ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ | ਇਸ ਮੁਹਿੰਮ ਦੌਰਾਨ ਪੁਲਿਸ ਟੀਮ ਨੇ ਡਰੱਗਜ਼ ਇੰਸਪੈਕਟਰ ਦੇ ਨਾਲ ਮਿਲ ਕੇ ਵੱਖ-ਵੱਖ ਮੈਡੀਕਲ ਸਟੋਰਾਂ ਦੀ ਜਾਂਚ ਕੀਤੀ ਤੇ ਉਨ੍ਹਾਂ ਨੂੰ ਦਵਾਈਆਂ ਦੀ ਵਿਕਰੀ ਸੰਬੰਧੀ ਨਿਯਮਾਂ ਦੀ ਪਾਲਨਾ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ | ਟੋਹਾਣਾ ਸਿਟੀ ਪੁਲਿਸ ਸਟੇਸ਼ਨ ਦੇ ਇੰਚਾਰਜ ਇੰਸਪੈਕਟਰ ਕੁਲਦੀਪ ਸਿੰਘ ਨੇ ਦੱਸਿਆ ਕਿ ਚੈਕਿੰਗ ਦੌਰਾਨ ਮੈਡੀਕਲ ਸਟੋਰਾਂ 'ਤੇ ਉਪਲਬਧ ਦਵਾਈਆਂ ਦੇ ਰਿਕਾਰਡ, ਵਿਕਰੀ ਰਜਿਸਟਰਾਂ ਅਤੇ ਸਟਾਕ ਦੀ ਸਥਿਤੀ ਦੀ ਸਮੀਖਿਆ ਕੀਤੀ ਗਈ | ਖ਼ਾਸ ਤੌਰ 'ਤੇ ਟੀਕੇ ਤੇ ਦਵਾਈਆਂ ਜਿਨ੍ਹਾਂ ਦੀ ਨਸ਼ਿਆਂ ਵਜੋਂ ਦੁਰਵਰਤੋਂ ਕੀਤੀ ਜਾ ਸਕਦੀ ਹੈ, ਦੀ ਜਾਂਚ ਕੀਤੀ ਗਈ | ਪੁਲਿਸ ਤੇ ਡਰੱਗ ਵਿਭਾਗ ਦੀ ਟੀਮ ਨੇ ਮੈਡੀਕਲ ਸਟੋਰਾਂ ਨੂੰ ਸਪੱਸ਼ਟ ਤੌਰ 'ਤੇ ਹਦਾਇਤ ਕੀਤੀ ਕਿ ਉਹ ਡਾਕਟਰ ਦੀ ਪਰਚੀ ਤੋਂ ਬਿਨਾਂ ਕਿਸੇ ਨੂੰ ਵੀ ਕੋਈ ਟੀਕਾ ਜਾਂ ਦਵਾਈ ਨਾ ਦੇਣ | ਇੰਸਪੈਕਟਰ ਕੁਲਦੀਪ ਸਿੰਘ ਨੇ ਦੱਸਿਆ ਕਿ ਜੇਕਰ ਕੋਈ ਵੀ ਮੈਡੀਕਲ ਸਟੋਰ ਮਾਲਕ ਨਿਯਮਾਂ ਦੀ ਉਲੰਘਣਾ ਕਰਦਾ ਪਾਇਆ ਜਾਂਦਾ ਹੈ ਅਤੇ ਬਿਨਾਂ ਡਾਕਟਰ ਦੀ ਪਰਚੀ ਤੋਂ ਦਵਾਈਆਂ ਜਾਂ ਟੀਕੇ ਵੇਚਦਾ ਪਾਇਆ ਜਾਂਦਾ ਹੈ ਤਾਂ ਉਸ ਵਿਰੁੱਧ ਨਿਯਮਾਂ ਅਨੁਸਾਰ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ | ਮੈਡੀਕਲ ਸਟੋਰਾਂ ਨੂੰ ਇਹ ਵੀ ਹਦਾਇਤ ਕੀਤੀ ਗਈ ਸੀ ਕਿ ਉਹ ਦਵਾਈਆਂ ਦੀ ਵਿਕਰੀ ਦਾ ਸਹੀ ਰਿਕਾਰਡ ਰੱਖਣ ਅਤੇ ਕਿਸੇ ਵੀ ਸ਼ੱਕੀ ਗਤੀਵਿਧੀ ਦੀ ਤੁਰੰਤ ਪੁਲਿਸ ਨੂੰ ਰਿਪੋਰਟ ਕਰਨ | ਮੁਹਿੰਮ ਦੌਰਾਨ ਜਨਤਾ ਨੂੰ ਇਹ ਵੀ ਅਪੀਲ ਕੀਤੀ ਗਈ ਕਿ ਉਹ ਡਾਕਟਰ ਦੀ ਸਲਾਹ ਤੋਂ ਬਿਨਾਂ ਕਿਸੇ ਵੀ ਕਿਸਮ ਦੀ ਦਵਾਈ ਦਾ ਸੇਵਨ ਨਾ ਕਰਨ ਅਤੇ ਕਿਸੇ ਵੀ ਗੈਰ-ਕਾਨੂੰਨੀ ਵਿਕਰੀ ਬਾਰੇ ਪੁਲਿਸ ਨੂੰ ਸੂਚਿਤ ਕਰਨ | ਟੋਹਾਣਾ ਸਿਟੀ ਪੁਲਿਸ ਸਟੇਸ਼ਨ ਅਜਿਹੀਆਂ ਮੁਹਿੰਮਾਂ ਜਾਰੀ ਰੱਖੇਗਾ ਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰੇਗਾ |