ਸਿਰਸਾ, 22 ਜਨਵਰੀ (ਭੁਪਿੰਦਰ ਪੰਨੀਵਾਲੀਆ)-ਚੌਧਰੀ ਦੇਵੀ ਲਾਲ ਯੂਨੀਵਰਸਿਟੀ ਸਿਰਸਾ ਵਿਖੇ ਚੋਣਾਂ ਲਈ ਨੋਡਲ ਅਫਸਰ ਡਾ. ਰਵਿੰਦਰ ਨੇ ਕਿਹਾ ਕਿ ਵੋਟਰਾਂ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਸਮਝਦਾਰੀ ਨਾਲ ਵਰਤੋਂ ਕਰਕੇ ਲੋਕਤੰਤਰ ਨੂੰ ਮਜ਼ਬੂਤ ਕਰਨ ਵਿਚ ਭੂਮਿਕਾ ਨਿਭਾਉਣੀ ਚਾਹੀਦੀ ਹੈ | ਡਾ. ਰਵਿੰਦਰ ਅੱਜ ਸੀ. ਡੀ. ਐਲ. ਯੂ. ਵਿਖੇ ਰਾਸ਼ਟਰੀ ਵੋਟਰ ਦਿਵਸ 'ਤੇ ਆਯੋਜਿਤ ਇਕ ਪ੍ਰੋਗਰਾਮ ਨੂੰ ਸੰਬੋਧਨ ਕਰ ਰਹੇ ਸਨ | ਉਨ੍ਹਾਂ ਨੇ ਵੱਖ-ਵੱਖ ਰਾਜਨੀਤਿਕ ਸਿਧਾਂਤਾਂ ਅਤੇ ਉਨ੍ਹਾਂ ਦੇ ਮੌਜੂਦਾ ਸੰਦਰਭ 'ਤੇ ਵਿਸਥਾਰ ਨਾਲ ਚਰਚਾ ਕੀਤੀ | ਪ੍ਰੋਗਰਾਮ ਦੌਰਾਨ ਰੰਗੋਲੀ ਤੇ ਲੇਖ ਲਿਖਣ ਮੁਕਾਬਲੇ ਵੀ ਕਰਵਾਏ ਗਏ | ਇਸ ਮੌਕੇ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਦੇ ਵਿਦਿਆਰਥੀਆਂ ਨੂੰ ਨਿਡਰਤਾ, ਨਿਰਪੱਖਤਾ ਅਤੇ ਜ਼ਿੰਮੇਵਾਰੀ ਨਾਲ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦੀ ਸਹੁੰ ਚੁਕਾਈ ਗਈ | ਰਾਜਨੀਤੀ ਵਿਗਿਆਨ ਵਿਭਾਗ ਦੇ ਚੇਅਰਪਰਸਨ ਪ੍ਰੋਫੈਸਰ ਰਾਜਬੀਰ ਦਲਾਲ ਅਤੇ ਇਤਿਹਾਸ ਵਿਭਾਗ ਦੇ ਡਾ. ਨੀਲਮ ਨੇ ਚੋਣ ਪ੍ਰਕਿਰਿਆ ਅਤੇ ਲੋਕਤੰਤਰ ਦੇ ਇਤਿਹਾਸਕ ਪਿਛੋਕੜ 'ਤੇ ਚਾਨਣਾ ਪਾਇਆ | ਵੋਟਰ ਦਿਵਸ ਮਨਾਉਣ ਲਈ ਊਰਜਾ ਅਤੇ ਵਾਤਾਵਰਨ ਵਿਭਾਗ ਵਿਚ ਇਕ ਫੁੱਲਦਾਰ ਰੰਗੋਲੀ ਬਣਾਈ ਗਈ | ਨੋਡਲ ਅਫ਼ਸਰ ਡਾ. ਰਵਿੰਦਰ ਨੇ ਦੱਸਿਆ ਕਿ ਇਨ੍ਹਾਂ ਪ੍ਰੋਗਰਾਮਾਂ ਦਾ ਉਦੇਸ਼ ਨੌਜਵਾਨਾਂ ਨੂੰ ਲੋਕਤੰਤਰ ਨੂੰ ਮਜ਼ਬੂਤ ਕਰਨ 'ਚ ਉਨ੍ਹਾਂ ਦੀ ਭੂਮਿਕਾ ਤੋਂ ਜਾਣੂ ਕਰਵਾਉਣਾ ਅਤੇ ਉਨ੍ਹਾਂ ਨੂੰ ਸਰਗਰਮ ਅਤੇ ਜਾਗਰੂਕ ਨਾਗਰਿਕ ਬਣਨ ਲਈ ਪ੍ਰੇਰਿਤ ਕਰਨਾ ਸੀ | ਉਨ੍ਹਾਂ ਵਿਦਿਆਰਥੀਆਂ ਨੂੰ ਵੋਟ ਪਾਉਣ ਨੂੰ ਸਿਰਫ਼ ਇੱਕ ਅਧਿਕਾਰ ਨਹੀਂ ਸਗੋਂ ਇੱਕ ਰਾਸ਼ਟਰੀ ਫਰਜ਼ ਸਮਝਣ ਦੀ ਅਪੀਲ ਕੀਤੀ | ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੇ ਲੋਕਤੰਤਰੀ ਕਦਰਾਂ-ਕੀਮਤਾਂ ਨੂੰ ਗ੍ਰਹਿਣ ਕਰਨ ਅਤੇ ਸੰਵਿਧਾਨ ਪ੍ਰਤੀ ਵਫ਼ਾਦਾਰੀ ਬਣਾਈ ਰੱਖਣ ਦਾ ਪ੍ਰਣ ਲਿਆ | ਇਸ ਮੌਕੇ ਡਾ. ਸੁਰੇਸ਼, ਡਾ. ਜੋਤੀ, ਡਾ. ਸੁਖਮੀਤ, ਤਰਵਿੰਦਰ ਕੌਰ ਅਤੇ ਖੋਜਕਰਤਾ ਵੀ ਮੌਜੂਦ ਸਨ |