ਯਮੁਨਾਨਗਰ, 22 ਜਨਵਰੀ (ਗੁਰਦਿਆਲ ਸਿੰਘ ਨਿਮਰ)-ਸਥਾਨਕ ਡੀ. ਏ. ਵੀ. ਕਾਲਜ ਫਾਰ ਗਰਲਜ਼ ਦੇ ਵੂਮੈਨ ਸਟੱਡੀ ਸੈਂਟਰ ਤੇ ਲੀਗਲ ਲਿਟਰੇਸੀ ਸੈੱਲ ਵਲੋਂ ਬਾਲ ਵਿਆਹ ਮੁਕਤ ਭਾਰਤ ਵਿਸ਼ੇ 'ਤੇ ਇਕ ਐਕਸਟੈਂਸ਼ਨ ਲੈਕਚਰ ਕਰਵਾਇਆ | ਇਸ ਪ੍ਰੋਗਰਾਮ 'ਚ ਐਡਵੋਕੇਟ ਅਮਿਤਾ ਕੁਮਾਰੀ ਮੁੱਖ ਬੁਲਾਰੇ ਵਜੋਂ ਸ਼ਾਮਿਲ ਹੋਏ ਅਤੇ ਕਾਲਜ ਦੀ ਕਾਰਜਕਾਰੀ ਪਿ੍ੰਸੀਪਲ ਡਾ. ਸੁਰਿੰਦਰ ਕੌਰ ਤੇ ਲੀਗਲ ਸੈੱਲ ਇੰਚਾਰਜ ਡਾ. ਸ਼ਿਖਾ ਸੈਣੀ ਨੇ ਪ੍ਰੋਗਰਾਮ ਦੀ ਪ੍ਰਧਾਨਗੀ ਕੀਤੀ, ਜਦਕਿ ਡਾ. ਅਮਨਪ੍ਰੀਤ ਕੌਰ ਤੇ ਪਿ੍ਆ ਨੇ ਕੋਆਰਡੀਨੇਟਰ ਦੀ ਭੂਮਿਕਾ ਨਿਭਾਈ | ਇਸ ਪ੍ਰੋਗਰਾਮ ਦਾ ਉਦੇਸ਼ ਵਿਦਿਆਰਥਣਾਂ ਨੂੰ ਬਾਲ ਵਿਆਹ ਵਰਗੀ ਸਮਾਜਿਕ ਬੁਰਾਈ ਬਾਰੇ ਜਾਗਰੂਕ ਕਰਨਾ ਅਤੇ ਉਨ੍ਹਾਂ ਨੂੰ ਉਨ੍ਹਾਂ ਦੇ ਅਧਿਕਾਰਾਂ ਅਤੇ ਸੰਬੰਧਤ ਕਾਨੂੰਨਾਂ ਬਾਰੇ ਜਾਣਕਾਰੀ ਪ੍ਰਦਾਨ ਕਰਨਾ ਸੀ | ਇਸ ਮੌਕੇ ਅਮਿਤਾ ਕੁਮਾਰੀ ਨੇ ਬਾਲ ਵਿਆਹ ਨਾਲ ਸੰਬੰਧਤ ਕਾਨੂੰਨੀ ਪ੍ਰਬੰਧਾਂ, ਇਸਦੇ ਸਮਾਜਿਕ ਨਤੀਜਿਆਂ ਤੇ ਇਸ ਨੂੰ ਰੋਕਣ 'ਚ ਨੌਜਵਾਨਾਂ ਦੀ ਮਹੱਤਵਪੂਰਨ ਭੂਮਿਕਾ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ | ਉਨ੍ਹਾਂ ਵਿਦਿਆਰਥੀਆਂ ਨੂੰ ਸਵੈ-ਨਿਰਭਰ ਬਣਨ ਅਤੇ ਸਮਾਜ 'ਚ ਜਾਗਰੂਕਤਾ ਫੈਲਾਉਣ ਲਈ ਵੀ ਉਤਸ਼ਾਹਿਤ ਕਰਦਿਆਂ ਕਿਹਾ ਕਿ ਜੇਕਰ ਉਨ੍ਹਾਂ ਨੂੰ ਕੋਈ ਸਮੱਸਿਆ ਹੈ ਜਾਂ ਸਹਾਇਤਾ ਦੀ ਲੋੜ ਹੈ ਤਾਂ ਉਹ ਹੈਲਪਲਾਈਨ ਨੰ. 1098, 15100 ਤੇ ਮੋਬਾਈਲ ਨੰ. 17322020840 'ਤੇ ਸੰਪਰਕ ਕਰ ਸਕਦੇ ਹਨ | ਇਸ ਦੌਰਾਨ ਉਨ੍ਹਾਂ ਨੇ ਵਿਦਿਆਰਥੀਆਂ ਵਲੋਂ ਪੁੱਛੇ ਗਏ ਸਵਾਲਾਂ ਦੇ ਜਵਾਬ ਵੀ ਦਿੱਤੇ | ਇਸ ਦੌਰਾਨ ਡਾ. ਸੁਰਿੰਦਰ ਕੌਰ ਨੇ ਕਿਹਾ ਕਿ ਬਾਲ ਵਿਆਹ ਸਮਾਜ ਦੀ ਤਰੱਕੀ 'ਚ ਇਕ ਗੰਭੀਰ ਰੁਕਾਵਟ ਹੈ ਤੇ ਇਸ ਨੂੰ ਖ਼ਤਮ ਕਰਨ ਲਈ ਸਿੱਖਿਆ ਤੇ ਜਾਗਰੂਕਤਾ ਬਹੁਤ ਜ਼ਰੂਰੀ ਹੈ |