ਟੋਹਾਣਾ, 1 ਅਪ੍ਰੈਲ (ਮਨਜੀਤ ਸਿੰਘ) - ਬੁੱਧਵਾਰ ਨੂੰ ਸਬ-ਡਵੀਜ਼ਨਲ ਮੈਜਿਸਟਰੇਟ ਆਕਾਸ਼ ਸ਼ਰਮਾ ਨੇ ਟੋਹਾਣਾ ਅਨਾਜ ਮੰਡੀ, ਟੋਹਾਣਾ ਵਧੀਕ ਅਨਾਜ ਮੰਡੀ, ਨਾਂਗਲਾ ਅਤੇ ਠਰਵਾ ਖ਼ਰੀਦ ਕੇਂਦਰਾਂ ਦਾ ਅਚਨਚੇਤ ਨਿਰੀਖਣ ਕੀਤਾ | ਇਸ ਨਿਰੀਖਣ ਦੌਰਾਨ ਉਨ੍ਹਾਂ ਨੇ ਕਣਕ ਦੀ ਖ਼ਰੀਦ ਦੀਆਂ ਤਿਆਰੀਆਂ ਅਤੇ ਕਿਸਾਨਾਂ ਨੂੰ ਉਪਲਬਧ ਸਹੂਲਤਾਂ ਦਾ ਵਿਸਥਾਰ ਨਾਲ ਜਾਇਜ਼ਾ ਲਿਆ | ਐਸ.ਡੀ.ਐਮ. ਨੇ ਮੰਡੀ ਅਤੇ ਖ਼ਰੀਦ ਕੇਂਦਰ ਦੇ ਅਧਿਕਾਰੀਆਂ ਨੂੰ ਸਪਸ਼ਟ ਨਿਰਦੇਸ਼ ਦਿੱਤੇ ਕਿ ਖ਼ਰੀਦ ਪ੍ਰਕਿਰਿਆ ਵਿਚ ਕਿਸਾਨਾਂ ਦੀ ਸਹੂਲਤ ਸਭ ਤੋਂ ਉੱਪਰ ਹੋਣੀ ਚਾਹੀਦੀ ਹੈ | ਐੱਸ.ਡੀ.ਐਮ. ਨੇ ਉਨ੍ਹਾਂ ਨੂੰ ਪੂਰੀ ਪਾਰਦਰਸ਼ਤਾ ਅਤੇ ਸੁਚਾਰੂ ਖ਼ਰੀਦ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ | ਨਿਰੀਖਣ ਦੌਰਾਨ ਐਸ.ਡੀ.ਐਮ. ਨੇ ਅਨਾਜ ਭੰਡਾਰਨ ਪ੍ਰਬੰਧਾਂ, ਤੋਲਣ ਵਾਲੀਆਂ ਮਸ਼ੀਨਾਂ ਦੇ ਸੰਚਾਲਨ ਅਤੇ ਖ਼ਰੀਦ ਵੇਰਵਿਆਂ ਦੀ ਜਾਂਚ ਕੀਤੀ | ਉਨ੍ਹਾਂ ਅਧਿਕਾਰੀਆਂ ਨੂੰ ਸਖ਼ਤ ਹਦਾਇਤ ਕੀਤੀ ਕਿ ਉਹ ਅਨਾਜ ਦਾ ਸਹੀ ਤੋਲ ਅਤੇ ਸਹੀ ਖ਼ਰੀਦ ਯਕੀਨੀ ਬਣਾਉਣ | ਉਨ੍ਹਾਂ ਨੇ ਕਿਸਾਨਾਂ ਨੂੰ ਸਮੇਂ ਸਿਰ ਭੁਗਤਾਨ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਤੁਰੰਤ ਹੱਲ ਯਕੀਨੀ ਬਣਾਉਣ ਲਈ ਵੀ ਕਿਹਾ | ਐਸ.ਡੀ.ਐਮ. ਨੇ ਕਿਸਾਨਾਂ ਲਈ ਮੁੱਢਲੀਆਂ ਸਹੂਲਤਾਂ ਦਾ ਵੀ ਜਾਇਜ਼ਾ ਲਿਆ | ਉਨ੍ਹਾਂ ਪੀਣ ਵਾਲੇ ਪਾਣੀ, ਪਖਾਨੇ, ਸੁਚਾਰੂ ਬਿਜਲੀ ਸਪਲਾਈ ਅਤੇ ਸਫ਼ਾਈ ਵੱਲ ਵਿਸ਼ੇਸ਼ ਧਿਆਨ ਦੇਣ ਦੇ ਨਿਰਦੇਸ਼ ਦਿੱਤੇ | ਉਨ੍ਹਾਂ ਕਿਹਾ ਕਿ ਮੰਡੀਆਂ ਵਿਚ ਚੰਗੀ ਸਫ਼ਾਈ ਅਤੇ ਬੁਨਿਆਦੀ ਸਹੂਲਤਾਂ ਬਣਾਈ ਰੱਖਣਾ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੈ | ਗੇਟ ਪਾਸ, ਸੀ.ਸੀ.ਟੀ.ਵੀ. ਅਤੇ ਬਾਇਓਮੈਟਿ੍ਕ ਪ੍ਰਣਾਲੀਆਂ ਦੀ ਸਮੀਖਿਆ ਕਰਦੇ ਹੋਏ ਐਸ.ਡੀ.ਐਮ. ਨੇ ਸਟਾਫ਼ ਨੂੰ ਹਦਾਇਤ ਕੀਤੀ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਕਿਸਾਨਾਂ ਨੂੰ ਕਿਸੇ ਵੀ ਬੇਲੋੜੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ | ਉਨ੍ਹਾਂ ਨੇ ਮਾਰਕੀਟ ਕਮੇਟੀ ਦੇ ਅਧਿਕਾਰੀਆਂ ਨੂੰ ਪਖਾਨਿਆਂ ਦੀ ਨਿਯਮਤ ਸਫ਼ਾਈ, ਬਿਜਲੀ ਅਤੇ ਪੀਣ ਵਾਲੇ ਪਾਣੀ ਵਰਗੀਆਂ ਜ਼ਰੂਰੀ ਸਹੂਲਤਾਂ ਦੀ ਨਿਰੰਤਰ ਜਾਂਚ ਅਤੇ ਰੱਖ-ਰਖਾਅ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ | ਮੀਟਿੰਗ ਦੌਰਾਨ ਮਾਰਕੀਟ ਕਮੇਟੀ ਦੇ ਸਕੱਤਰ ਸੰਦੀਪ ਗਰਗ ਅਤੇ ਹੋਰ ਸਟਾਫ਼ ਵੀ ਮੌਜੂਦ ਸੀ |
ਐਸ.ਡੀ.ਐਮ. ਟੋਹਾਣਾ ਨੇ ਕਣਕ ਦੀ ਖ਼ਰੀਦ ਦੀਆਂ ਤਿਆਰੀਆਂ ਦਾ ਕੀਤਾ ਨਿਰੀਖਣ-ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ
ਅਜੀਤ ਡੈਸਕ
02-04-2026