02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਕਿਸਾਨਾਂ 'ਤੇ ਲਗਾਈਆਂ ਗਈਆਂ ਤਰਕਹੀਣ ਸ਼ਰਤਾਂ ਵਾਪਸ ਲਵੇ ਸਰਕਾਰ: ਅਭੈ ਚੌਟਾਲਾ

ਸਿਰਸਾ 'ਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਅਭੈ ਚੌਟਾਲਾ ਤੇ ਹੋਰ | ਤਸਵੀਰ : ਪੰਨੀਵਾਲੀਆ<br/> 06-04-2026

ਸਿਰਸਾ, 5 ਅਪ੍ਰੈਲ (ਭੁਪਿੰੰਦਰ ਪੰਨੀਵਾਲੀਆ)- ਇੰਡੀਅਨ ਨੈਸ਼ਨਲ ਲੋਕ ਦਲ ਦੇ ਰਾਸ਼ਟਰੀ ਪ੍ਰਧਾਨ ਅਭੈ ਸਿੰਘ ਚੌਟਾਲਾ ਨੇ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਅਤੇ ਆੜ੍ਹਤੀਆਂ 'ਤੇ ਲਾਈਆਂ ਗਈਆਂ ਬੇਲੋੜੀਆਂ ਸ਼ਰਤਾਂ ਨੂੰ ਵਾਪਸ ਲਵੇ | ਜੇ ਸਰਕਾਰ ਨੇ ਕਣਕ ਵੇਚਣ ਲਈ ਲਾਈਆਂ ਗਈਆਂ ਸ਼ਰਤਾਂ ਨੂੰ ਵਾਪਸ ਨਹੀਂ ਲਿਆ ਤਾਂ ਇਨੈਲੋ 10 ਅਪਰੈਲ ਤੋਂ ਬਾਅਦ ਸਖ਼ਤ ਫੈਸਲੇ ਲੈਣ ਲਈ ਮਜਬੂਰ ਹੋਵੇਗੀ | ਉਹ ਐਤਵਾਰ ਨੂੰ ਡੱਬਵਾਲੀ ਰੋਡ 'ਤੇ ਆਪਣੇ ਨਿਵਾਸ ਸਥਾਨ 'ਤੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ | ਉਨ੍ਹਾਂ ਕਿਹਾ ਕਿ ਕਿਸਾਨ ਸਰਕਾਰ ਵੱਲੋਂ ਲਗਾਈਆਂ ਗਈਆਂ ਤਰਕਹੀਣ ਸ਼ਰਤਾਂ ਤੋਂ ਬਹੁਤ ਪ੍ਰੇਸ਼ਾਨ ਹਨ | ਕਿਸਾਨਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਇਨੈਲੋ ਨੇ ਹਰ ਜ਼ਿਲ੍ਹੇ ਅਤੇ ਕਸਬੇ ਵਿੱਚ ਕਿਸਾਨ ਸ਼ਿਕਾਇਤ ਨਿਵਾਰਨ ਕੇਂਦਰ ਸਥਾਪਤ ਕੀਤੇ ਹਨ | ਜਿੱਥੇ ਪਾਰਟੀ ਵਰਕਰ ਪੀੜਤ ਕਿਸਾਨਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰਨਗੇ | ਇਨੈਲੋ ਦੇ ਰਾਸ਼ਟਰੀ ਪ੍ਰਧਾਨ ਅਭੈ ਸਿੰਘ ਚੌਟਾਲਾ ਨੇ ਕਿਹਾ ਕਿ ਬਾਇਓਮੈਟਿ੍ਕ ਸਿਸਟਮ ਬਾਜ਼ਾਰ ਵਿੱਚ ਖਰੀਦੋ-ਫਰੋਖਤ ਦੇ ਕਿਸੇ ਹੋਰ ਖੇਤਰ ਵਿੱਚ ਲਾਗੂ ਨਹੀਂ ਹੈ, ਤਾਂ ਇਸਨੂੰ ਸਿਰਫ਼ ਕਿਸਾਨਾਂ 'ਤੇ ਹੀ ਕਿਉਂ ਲਾਗੂ ਕੀਤਾ ਜਾ ਰਿਹਾ ਹੈ? ਉਨ੍ਹਾਂ ਕਿਹਾ ਕਿ ਪੋਰਟਲ ਸਿਸਟਮ ਸਿਰਫ਼ ਅੰਬਾਨੀ ਅਤੇ ਅਡਾਨੀ ਵਰਗੇ ਪੂੰਜੀਪਤੀਆਂ ਨੂੰ ਲਾਭ ਪਹੁੰਚਾਉਣ ਲਈ ਲਾਗੂ ਕੀਤਾ ਗਿਆ ਹੈ ਅਤੇ ਸਰਕਾਰ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਨੂੰ ਪੂਰੀ ਤਰ੍ਹਾਂ ਖਤਮ ਕਰਨਾ ਚਾਹੁੰਦੀ ਹੈ | ਉਨ੍ਹਾਂ ਸਖ਼ਤ ਸ਼ਬਦਾਂ ਵਿੱਚ ਕਿਹਾ ਕਿ ਜੋ ਵੀ ਮੰਡੀ ਅਧਿਕਾਰੀ ਜਾਂ ਕਰਮਚਾਰੀ ਕਿਸਾਨਾਂ ਦੀਆਂ ਟਰੈਕਟਰ ਟਰਾਲੀਆਂ ਨੂੰ ਰੋਕਣ ਦੀ ਕੋਸ਼ਿਸ਼ ਕਰੇਗਾ ਉਸ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ | ਉਨ੍ਹਾਂ ਮੰਗ ਕੀਤੀ ਕਿ ਸਰਕਾਰ ਸਾਰੇ ਫੋਕਲ ਪੁਆਇੰਟਾਂ 'ਤੇ ਕਿਸਾਨਾਂ ਦੀ ਜਿਣਸ ਦੀ ਖਰੀਦ ਵਿੱਚ ਸੁਧਾਰ ਕਰੇ, ਨਾਲ ਹੀ ਉਨ੍ਹਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਏ | ਸ੍ਰੀ ਅਭੈ ਸਿੰਘ ਚੌਟਾਲਾ ਨੇ ਕਿਹਾ ਕਿ ਸਰਕਾਰ ਨੂੰ ਤੁਰੰਤ ਇੱਕ ਵਿਸ਼ੇਸ਼ ਸਰਵੇਖਣ ਕਰਵਾ ਕੇ ਗੜਿ੍ਹਆਂ ਤੇ ਮੀਂਹ ਨਾਲ ਨੁਕਸਾਨੀਆਂ ਫ਼ਸਲਾਂ ਦਾ ਕਿਸਾਨਾਂ ਨੂੰ 50,000 ਰੁਪਏ ਪ੍ਰਤੀ ਏਕੜ ਦੀ ਦਰ ਨਾਲ ਮੁਆਵਜ਼ਾ ਦੇਵੇ | ਉਨ੍ਹਾਂ ਕਿਹਾ ਕਿ ਜਿਸ ਦਿਨ ਮੰਡੀ ਵਿੱਚ ਜ਼ਿਆਦਾ ਆਮਦ ਹੋਵੇਗੀ, ਉਸ ਦਿਨ ਉਹ ਬੰਦ ਮੰਡੀ ਦੇ ਦਰਵਾਜ਼ੇ ਖੋਲ੍ਹ ਦੇਣਗੇ | ਸੂਬੇ ਵਿੱਚ ਕਾਨੂੰਨ ਵਿਵਸਥਾ ਦੀ ਸਥਿਤੀ ਦੀ ਗੱਲ ਕਰਦਿਆਂ ਸ੍ਰੀ ਚੌਟਾਲਾ ਨੇ ਕਿਹਾ ਕਿ ਵਪਾਰੀਆਂ ਤੋਂ ਖੁੱਲ੍ਹੇਆਮ ਫਿਰੌਤੀ ਮੰਗੀ ਜਾ ਰਹੀ ਹੈ, ਜਦੋਂ ਕਿ ਸਰਕਾਰ ਪੂਰੀ ਤਰ੍ਹਾਂ ਉਦਾਸੀਨ ਹੈ | ਉਨ੍ਹਾਂ ਦੋਸ਼ ਲਾਇਆ ਕਿ ਅਪਰਾਧੀਆਂ ਨੂੰ ਸਰਕਾਰੀ ਸੁਰੱਖਿਆ ਮਿਲ ਰਹੀ ਹੈ | ਇਨੈਲੋ ਆਗੂ ਨੇ ਕਿਹਾ ਕਿ ਅਪਰਾਧ ਨੂੰ ਰੋਕਣ ਦੀ ਬਜਾਏ ਸਰਕਾਰ ਕਿਸਾਨਾਂ ਨੂੰ ਪ੍ਰੇਸ਼ਾਨ ਕਰਨ 'ਤੇ ਤੁਲੀ ਹੋਈ ਹੈ | ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮਾਰਨ ਲਈ ਬਣਾਏ ਗਏ ਕਿਸੇ ਵੀ ਕਾਲੇ ਕਾਨੂੰਨ ਨੂੰ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ | ਇਸ ਮੌਕੇ 'ਤੇ ਇਨੈਲੋ ਜ਼ਿਲ੍ਹਾ ਪ੍ਰਧਾਨ ਜਸਵੀਰ ਸਿੰਘ ਜੱਸਾ, ਰਾਣੀਆ ਦੇ ਵਿਧਾਇਕ ਅਰਜੁਨ ਚੌਟਾਲਾ, ਸ਼ਹਿਰੀ ਜ਼ਿਲ੍ਹਾ ਪ੍ਰਧਾਨ ਗੰਗਾ ਰਾਮ ਬਜਾਜ ਅਤੇ ਮਹਾਂਵੀਰ ਸ਼ਰਮਾ ਵੀ ਮੌਜੂਦ ਸਨ |

ਪਿਛਲੀ ਖ਼ਬਰ ਕੁਦਰਤੀ ਆਫ਼ਤ ਕਾਰਨ ਨੁਕਸਾਨੀਆਂ ਫ਼ਸਲਾਂ ਲਈ ਕਿਸਾਨਾਂ ਨੂੰ 50,000 ਪ੍ਰਤੀ ਏਕੜ ਮੁਆਵਜ਼ਾ ਦੇਵੇ ਪੰਜਾਬ ਸਰਕਾਰ-ਸਾਬਕਾ ਵ... ਅਗਲੀ ਖ਼ਬਰ ਅੰਤਰਰਾਜੀ ਮੋਟਰਸਾਈਕਲ ਚੋਰੀ ਕਰਨ ਵਾਲੇ ਗਰੋਹ ਦਾ ਪਰਦਾਫਾਸ਼, ਤਿੰਨ ਗਿ੍ਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।