ਰਤੀਆ, 7 ਮਈ (ਬੇਅੰਤ ਕੌਰ ਮੰਡੇਰ)- ਐਸ.ਡੀ.ਐਮ. ਸੁਰੇਂਦਰ ਸਿੰਘ ਨੇ ਸਥਾਨਕ ਮਿੰਨੀ ਸਕੱਤਰੇਤ ਆਡੀਟੋਰੀਅਮ ਵਿਖੇ ਸਮਾਧਾਨ ਕੈਂਪ 'ਚ ਖੇਤਰ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਸੰਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਤੁਰੰਤ ਹੱਲ ਕਰਨ ਦੇ ਨਿਰਦੇਸ਼ ਦਿੱਤੇ | ਕੈਂਪ 'ਚ ਵੱਖ-ਵੱਖ ਪਿੰਡਾਂ ਤੇ ਸ਼ਹਿਰਾਂ ਦੇ ਨਾਗਰਿਕਾਂ ਨੇ ਸ਼ਿਰਕਤ ਕੀਤੀ ਅਤੇ ਬਿਜਲੀ, ਪੀਣ ਵਾਲੇ ਪਾਣੀ, ਪੈਨਸ਼ਨਾਂ, ਪਰਿਵਾਰਕ ਸ਼ਨਾਖ਼ਤੀ ਕਾਰਡਾਂ ਤੇ ਹੋਰ ਜਨਤਕ ਹਿਤਾਂ ਦੇ ਮਾਮਲਿਆਂ ਬਾਰੇ ਪ੍ਰਸ਼ਾਸਨ ਨੂੰ ਆਪਣੀਆਂ ਸ਼ਿਕਾਇਤਾਂ ਪੇਸ਼ ਕੀਤੀਆਂ | ਐਸ.ਡੀ.ਐਮ. ਨੇ ਹਰੇਕ ਸ਼ਿਕਾਇਤਕਰਤਾ ਦੀ ਸਮੱਸਿਆ ਨੂੰ ਗੰਭੀਰਤਾ ਨਾਲ ਸੁਣਿਆ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਜਨਤਕ ਸ਼ਿਕਾਇਤਾਂ ਦਾ ਸਮੇਂ ਸਿਰ ਹੱਲ ਪਹਿਲ ਦੇ ਆਧਾਰ 'ਤੇ ਯਕੀਨੀ ਬਣਾਉਣ | ਉਨ੍ਹਾਂ ਕਿਹਾ ਕਿ ਸਮਾਧਾਨ ਕੈਂਪ ਦਾ ਉਦੇਸ਼ ਲੋਕਾਂ ਨੂੰ ਇੱਕੋ ਛੱਤ ਹੇਠ ਵੱਖ-ਵੱਖ ਵਿਭਾਗਾਂ ਦੀਆਂ ਸੇਵਾਵਾਂ ਤੱਕ ਪਹੁੰਚ ਪ੍ਰਦਾਨ ਕਰਨਾ ਅਤੇ ਸਮੱਸਿਆਵਾਂ ਦਾ ਤੁਰੰਤ ਹੱਲ ਕਰਨਾ ਹੈ | ਐਸ.ਡੀ.ਐਮ. ਨੇ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਯਕੀਨੀ ਬਣਾਉਣ ਕਿ ਸਰਕਾਰ ਦੀਆਂ ਭਲਾਈ ਸਕੀਮਾਂ ਦੇ ਲਾਭ ਯੋਗ ਵਿਅਕਤੀਆਂ ਤੱਕ ਪਾਰਦਰਸ਼ੀ ਢੰਗ ਨਾਲ ਪਹੁੰਚਣ | ਵਿਭਾਗੀ ਅਧਿਕਾਰੀਆਂ ਨੂੰ ਜ਼ਿੰਮੇਵਾਰੀ ਨਾਲ ਕੰਮ ਕਰਨਾ ਚਾਹੀਦਾ ਹੈ ਤਾਂ ਜੋ ਕਿਸੇ ਵੀ ਨਾਗਰਿਕ ਨੂੰ ਦਫ਼ਤਰਾਂ 'ਚ ਭੱਜਣਾ ਨਾ ਪਵੇ | ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਆਮ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਪ੍ਰਤੀ ਪੂਰੀ ਤਰ੍ਹਾਂ ਸੰਵੇਦਨਸ਼ੀਲ ਹੈ ਅਤੇ ਲੋਕਾਂ ਦੀ ਸਹੂਲਤ ਲਈ ਅਜਿਹੇ ਕੈਂਪ ਹਫ਼ਤੇ 'ਚ 2 ਵਾਰ ਸੋਮਵਾਰ ਅਤੇ ਵੀਰਵਾਰ ਨੂੰ ਲਗਾਏ ਜਾ ਰਹੇ ਹਨ | ਉਨ੍ਹਾਂ ਮੌਕੇ 'ਤੇ ਮੌਜੂਦ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜੋ ਸਮੱਸਿਆਵਾਂ ਤੁਰੰਤ ਹੱਲ ਹੋ ਸਕਦੀਆਂ ਹਨ, ਉਨ੍ਹਾਂ ਦਾ ਹੱਲ ਉੱਥੇ ਹੀ ਕੀਤਾ ਜਾਵੇ ਅਤੇ ਬਾਕੀ ਮਾਮਲਿਆਂ ਨੂੰ ਨਿਰਧਾਰਿਤ ਸਮਾਂ ਸੀਮਾ 'ਚ ਪੂਰਾ ਕੀਤਾ ਜਾਵੇ | ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ |