25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਨੀਟ ਘੁਟਾਲਾ ਦੇਸ਼ ਦੇ ਨੌਜਵਾਨਾਂ ਦੇ ਭਵਿੱਖ ਨਾਲ ਖਿਲਵਾੜ- ਕੁਮਾਰੀ ਸ਼ੈਲਜਾ

ਅਜੀਤ ਡੈਸਕ 18-05-2026

ਸਿਰਸਾ, 17 ਮਈ (ਭੁਪਿੰਦਰ ਪੰਨੀਵਾਲੀਆ)- ਸਿਰਸਾ ਤੋਂ ਕਾਂਗਰਸ ਦੇ ਸੰਸਦ ਮੈਂਬਰ ਕੁਮਾਰੀ ਸ਼ੈਲਜਾ ਨੇ ਨੀਟ ਪ੍ਰੀਖਿਆ ਵਿਚ ਕਥਿਤ ਪੇਪਰ ਲੀਕ ਅਤੇ ਬੇਨਿਯਮੀਆਂ ਨੂੰ ਦੇਸ਼ ਦੇ ਲੱਖਾਂ ਵਿਦਿਆਰਥੀਆਂ ਦੇ ਭਵਿੱਖ ਲਈ ਖ਼ਤਰਾ ਦੱਸਿਆ ਹੈ | ਸੰਸਦ ਮੈਂਬਰ ਨੇ ਕਿਹਾ ਕਿ ਭਾਜਪਾ ਸਰਕਾਰ ਦੀਆਂ ਗਲਤ ਨੀਤੀਆਂ ਅਤੇ ਸਿੱਖਿਆ ਪ੍ਰਣਾਲੀ ਵਿਚ ਵੱਧ ਰਹੇ ਭਿ੍ਸ਼ਟਾਚਾਰ ਨੇ ਮਿਹਨਤੀ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਸੁਪਨਿਆਂ ਨੂੰ ਚਕਨਾਚੂਰ ਕਰ ਦਿੱਤਾ ਹੈ | ਕੁਮਾਰੀ ਸ਼ੈਲਜਾ ਨੇ ਕਿਹਾ ਕਿ 22 ਲੱਖ ਤੋਂ ਵੱਧ ਵਿਦਿਆਰਥੀਆਂ ਨੇ ਪ੍ਰੀਖਿਆ ਲਈ ਸਖ਼ਤ ਮਿਹਨਤ ਕੀਤੀ, ਪਰ ਲਗਾਤਾਰ ਪੇਪਰ ਲੀਕ ਅਤੇ ਬੇਨਿਯਮੀਆਂ ਨੇ ਪੂਰੀ ਪ੍ਰੀਖਿਆ ਪ੍ਰਣਾਲੀ ਦੀ ਭਰੋਸੇਯੋਗਤਾ 'ਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ | ਉਨ੍ਹਾਂ ਕਿਹਾ ਕਿ ਇਹ ਸਿਰਫ਼ ਇੱਕ ਪ੍ਰੀਖਿਆ ਦਾ ਮਾਮਲਾ ਨਹੀਂ ਹੈ, ਸਗੋਂ ਦੇਸ਼ ਦੇ ਨੌਜਵਾਨਾਂ ਦੇ ਭਵਿੱਖ ਅਤੇ ਵਿਸ਼ਵਾਸ ਦਾ ਸਵਾਲ ਹੈ | ਕੁਮਾਰੀ ਸ਼ੈਲਜਾ ਨੇ ਕਿਹਾ ਕਿ ਇਸ ਪੂਰੀ ਘਟਨਾ ਨੇ ਦੇਸ਼ ਨੂੰ ਹੈਰਾਨ ਕਰ ਦਿੱਤਾ ਹੈ ਅਤੇ ਬਹੁਤ ਸਾਰੇ ਵਿਦਿਆਰਥੀਆਂ ਵੱਲੋਂ ਖੁਦਕੁਸ਼ੀ ਵਰਗੇ ਦੁਖਦਾਈ ਕਦਮ ਚੁੱਕਣ ਦੀਆਂ ਰਿਪੋਰਟਾਂ ਬਹੁਤ ਦੁਖਦਾਈ ਅਤੇ ਚਿੰਤਾਜਨਕ ਹਨ | ਇਸ ਮਾਮਲੇ 'ਚ ਸਰਕਾਰ ਨੂੰ ਜਵਾਬਦੇਹ ਠਹਿਰਾਇਆ ਜਾਣਾ ਚਾਹੀਦਾ ਹੈ | ਸੰਸਦ ਮੈਂਬਰ ਨੇ ਮੰਗ ਕੀਤੀ ਕਿ ਕੇਂਦਰ ਸਰਕਾਰ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਨੂੰ ਇਸ ਦੀ ਜਿਮੇਦਾਰੀ ਲੈਂਦਿਆਂ ਤੁਰੰਤ ਆਪਣੇ ਆਹੁਦੇ ਤੋਂ ਅਸਤੀਫਾ ਦੇਣਾ ਚਾਹੀਦਾ ਹੈ ਅਤੇ ਨੈਸ਼ਨਲ ਟੈਸਟਿੰਗ ਏਜੰਸੀ (ਐਨਟੀਏ) ਦੇ ਕੰਮਕਾਜ ਦੀ ਨਿਰਪੱਖ ਜਾਂਚ ਕਰਕੇ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ | ਸੰਸਦ ਮੈਂਬਰ ਨੇ ਕਿਹਾ ਕਿ ਭਾਜਪਾ ਸਰਕਾਰ ਸਾਂਝੀ ਸੰਸਦੀ ਕਮੇਟੀ (ਜੇਪੀਸੀ) ਦੀ ਜਾਂਚ ਤੋਂ ਬਚਣ ਦੀ ਕੋਸ਼ਿਸ਼ ਕਰ ਰਹੀ ਹੈ, ਜਦੋਂ ਕਿ ਦੇਸ਼ ਦੇ ਨੌਜਵਾਨ ਪਾਰਦਰਸ਼ਤਾ ਅਤੇ ਨਿਆਂ ਦੀ ਮੰਗ ਕਰਦੇ ਹਨ | ਕੁਮਾਰੀ ਸ਼ੈਲਜਾ ਨੇ ਮੰਗ ਕੀਤੀ ਕਿ ਪ੍ਰਭਾਵਿਤ ਵਿਦਿਆਰਥੀਆਂ ਨੂੰ ਢੁਕਵਾਂ ਨਿਆਂ ਅਤੇ ਮੁਆਵਜ਼ਾ ਦਿੱਤਾ ਜਾਵੇ, ਅਤੇ ਪ੍ਰਧਾਨ ਮੰਤਰੀ ਇਸ ਗੰਭੀਰ ਮੁੱਦੇ 'ਤੇ ਆਪਣੀ ਚੁੱਪੀ ਤੋੜਨ ਅਤੇ ਦੇਸ਼ ਦੇ ਨੌਜਵਾਨਾਂ ਨੂੰ ਸਪੱਸ਼ਟ ਜਵਾਬ ਦੇਣ | ਕੁਮਾਰੀ ਸ਼ੈਲਜਾ ਨੇ ਕਿਹਾ ਕਿ ਯੂਥ ਕਾਂਗਰਸ ਅਤੇ ਦੇਸ਼ ਭਰ ਦੇ ਵਿਦਿਆਰਥੀਆਂ ਦੁਆਰਾ ਉਠਾਈਆਂ ਗਈਆਂ ਆਵਾਜ਼ਾਂ ਅਸਲ ਵਿਚ ਲੱਖਾਂ ਨੌਜਵਾਨਾਂ ਦੀ ਆਵਾਜ਼ ਹਨ | ਹੁਣ ਦੇਸ਼ ਦੇ ਨੌਜਵਾਨ ਜਵਾਬ ਮੰਗ ਰਹੇ ਹਨ ਅਤੇ ਕਾਂਗਰਸ ਪਾਰਟੀ ਵਿਦਿਆਰਥੀਆਂ ਦੇ ਹਿੱਤਾਂ ਲਈ ਜ਼ੋਰਦਾਰ ਢੰਗ ਨਾਲ ਲੜਦੀ ਰਹੇਗੀ |

ਪਿਛਲੀ ਖ਼ਬਰ ਦੁਰਲੱਭ ਕੰਡੇਦਾਰ ਜੰਗਲੀ ਜੀਵ ਦਾ ਨਵਜੋਤ ਸਿੰਘ ਢਿੱਲੋਂ ਵਲੋਂ ਸੁਰੱਖਿਅਤ ਰੈਸਕਿਊ ਅਗਲੀ ਖ਼ਬਰ ਖੂਨਦਾਨ ਕੈਂਪ 'ਚ 70 ਖੂਨਦਾਨੀਆਂ ਵਲੋਂ ਦਾਨ ਕੀਤਾ ਖ਼ੂਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।