ਸਿਰਸਾ, 28 ਅਕਤੂਬਰ (ਭੁਪਿੰਦਰ ਪੰਨੀਵਾਲੀਆ)- ਪੁਲਿਸ ਦੇ ਸੀ.ਆਈ.ਏ. ਸਟਾਫ ਨੇ ਇੱਕ ਵਿਅਕਤੀ ਨੂੰ ਨਜਾਇਜ਼ ਅਸਲੇ ਸਮੇਤ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਕਮਲ ਉਰਫ਼ ਮੈਕਸ ਪੁੱਤਰ ਸ਼ੇਰ ਸਿੰਘ ਵਾਸੀ ਸੰਜੇ ਕਲੋਨੀ ਸਿਰਸਾ ਵਜੋਂ ਹੋਈ ਹੈ। ਸੀ.ਆਈ.ਏ. ਇੰਚਾਰਜ ਨੇ ਦੱਸਿਆ ਕਿ ਪੁਲਿਸ ਅਪਰਾਧ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਰੋਕਣ ਲਈ ਸ਼ੱਕੀ ਵਿਅਕਤੀਆਂ ਅਤੇ ਅਪਰਾਧਿਕ ਗਤੀਵਿਧੀਆਂ ’ਤੇ ਲਗਾਤਾਰ ਨਜ਼ਰ ਰੱਖ ਰਹੀ ਹੈ। ਇਸ ਸਬੰਧ ਵਿੱਚ ਸੀ.ਆਈ.ਏ. ਸਟਾਫ ਦੀ ਇੱਕ ਟੀਮ ਸਿਰਸਾ ਦੇ ਦੇਵੀ ਲਾਲ ਪਾਰਕ ਆਟੋ ਮਾਰਕੀਟ ਦੇ ਨੇੜੇ ਤਾਇਨਾਤ ਸੀ। ਇਸੇ ਦੌਰਾਨ ਇੱਕ ਸ਼ੱਕੀ ਵਿਅਕਤੀ ਨੂੰ ਰੋਕ ਕੇ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ ਇੱਕ ਗੈਰ-ਕਾਨੂੰਨੀ 32 ਬੋਰ ਪਿਸਤੌਲ ਅਤੇ ਇੱਕ ਜ਼ਿੰਦਾ ਕਾਰਤੂਸ ਬਰਾਮਦ ਹੋਇਆ। ਮੁਲਜ਼ਮ ਕਮਲ ਉਰਫ਼ ਮੈਕਸ ਨੂੰ ਮੌਕੇ ’ਤੇ ਹੀ ਗ੍ਰਿਫ਼ਤਾਰ ਕਰ ਲਿਆ ਗਿਆ ਅਤੇ ਮੁਲਜ਼ਮ ਵਿਰੁੱਧ ਸਿਟੀ ਥਾਣੇ ’ਚ ਅਸਲਾ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।