06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਜਥੇਦਾਰ ਝੀਂਡਾ ਨੇ ਮੁੱਖ ਮੰਤਰੀ ਨਾਇਬ ਸੈਣੀ ਕੋਲ ਚੁੱਕਿਆ ਆਲ ਇੰਡੀਆ ਗੁਰਦੁਆਰਾ ਐਕਟ ਬਣਾਉਣ ਦਾ ਮੁੱਦਾ * ਲੇਹ - ਲੱਦਾਖ ਤੋਂ ਸ਼ੁਰੂ ਕੀਤੀ ਮੁਹਿੰਮ ਤਹਿਤ ਮੁੱਖ ਮੰਤਰੀ ਨੂੰ ਸੌਂਪਿਆ ਮੰਗ ਪੱਤਰ * ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਅਤੇ ਸੰਸਦ ਮੈਂਬਰਾਂ ਤੱਕ ਪਹੁੰਚ ਕਰਨਗੇ

ਕਰਨਾਲ, 5 ਨਵੰਬਰ (ਗੁਰਮੀਤ ਸਿੰਘ ਸੱਗੂ)- ਆਲ ਇੰਡੀਆ ਗੁਰਦੁਆਰਾ ਐਕਟ ਬਣਾਉਣ ਦੀ ਮੰਗ ਨੂੰ ਲੈ ਕੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਜਗਦੀਸ਼ ਸਿੰਘ ਝੀਂਡਾ ਨੇ ਆਪਣੀ ਮੁਹਿੰਮ ਨੂੰ ਅੱਗੇ ਵਧਾਉਂਦਿਆਂ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਮੰਗ ਪੱਤਰ ਸੌਂਪਿਆ। ਇਸ ਦੌਰਾਨ ਉਨ੍ਹਾਂ ਮੁੱਖ ਮੰਤਰੀ ਨਾਲ ਆਲ ਇੰਡੀਆ ਗੁਰਦੁਆਰਾ ਐਕਟ ਦੀ ਲੋੜ ਬਾਰੇ ਵਿਸਥਾਰ ਨਾਲ ਚਰਚਾ ਕੀਤੀ।

ਅਜੀਤ ਡੈਸਕ 06-11-2026
ਕਰਨਾਲ, 5 ਨਵੰਬਰ (ਗੁਰਮੀਤ ਸਿੰਘ ਸੱਗੂ)- ਆਲ ਇੰਡੀਆ ਗੁਰਦੁਆਰਾ ਐਕਟ ਬਣਾਉਣ ਦੀ ਮੰਗ ਨੂੰ ਲੈ ਕੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਜਗਦੀਸ਼ ਸਿੰਘ ਝੀਂਡਾ ਨੇ ਆਪਣੀ ਮੁਹਿੰਮ ਨੂੰ ਅੱਗੇ ਵਧਾਉਂਦਿਆਂ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਮੰਗ ਪੱਤਰ ਸੌਂਪਿਆ। ਇਸ ਦੌਰਾਨ ਉਨ੍ਹਾਂ ਮੁੱਖ ਮੰਤਰੀ ਨਾਲ ਆਲ ਇੰਡੀਆ ਗੁਰਦੁਆਰਾ ਐਕਟ ਦੀ ਲੋੜ ਬਾਰੇ ਵਿਸਥਾਰ ਨਾਲ ਚਰਚਾ ਕੀਤੀ। ਜਥੇਦਾਰ ਝੀਂਡਾ ਨੇ ਕਿਹਾ ਕਿ ਦੇਸ਼ ਭਰ ਦੇ ਪ੍ਰਮੁੱਖ ਗੁਰਦੁਆਰਿਆਂ ਦੇ ਪ੍ਰਬੰਧ ਨੂੰ ਸੁਚਾਰੂ ਅਤੇ ਪ੍ਰਭਾਵਸ਼ਾਲੀ ਬਣਾਉਣ ਲਈ ਆਲ ਇੰਡੀਆ ਗੁਰਦੁਆਰਾ ਐਕਟ ਬਣਾਉਣਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਇਕ ਸਾਂਝਾ ਕਾਨੂੰਨ ਬਣਨ ਨਾਲ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਸਥਿਤ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧ ਵਿਚ ਇਕਸਾਰਤਾ ਅਤੇ ਬਿਹਤਰ ਕਾਰਜਪ੍ਰਣਾਲੀ ਯਕੀਨੀ ਬਣਾਈ ਜਾ ਸਕੇਗੀ। ਉਨ੍ਹਾਂ ਦੱਸਿਆ ਕਿ ਇਸ ਮੰਗ ਨੂੰ ਸੰਸਦ ਤੱਕ ਪਹੁੰਚਾਉਣ ਅਤੇ ਕਾਨੂੰਨ ਬਣਾਉਣ ਦੀ ਪ੍ਰਕਿਰਿਆ ਅੱਗੇ ਵਧਾਉਣ ਲਈ ਉਹ ਦੇਸ਼ ਦੇ ਸਾਰੇ ਮੁੱਖ ਮੰਤਰੀਆਂ, ਸੰਸਦ ਮੈਂਬਰਾਂ ਅਤੇ ਹੋਰ ਜਨਤਕ ਨੁਮਾਇੰਦਿਆਂ ਨੂੰ ਮੰਗ ਪੱਤਰ ਸੌਂਪਣਗੇ। ਜਥੇਦਾਰ ਝੀਂਡਾ ਨੇ ਕਿਹਾ ਕਿ ਇਹ ਮੁਹਿੰਮ ਉਨ੍ਹਾਂ ਨੇ ਲੇਹ-ਲੱਦਾਖ ਤੋਂ ਸ਼ੁਰੂ ਕੀਤੀ ਸੀ, ਜਿੱਥੇ ਉਨ੍ਹਾਂ ਨੇ ਉੱਥੋਂ ਦੇ ਉਪ ਰਾਜਪਾਲ ਨੂੰ ਮੰਗ ਪੱਤਰ ਸੌਂਪਿਆ ਸੀ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਸ੍ਰੀ ਅਕਾਲ ਤਖ਼ਤ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨੂੰ ਵੀ ਆਲ ਇੰਡੀਆ ਗੁਰਦੁਆਰਾ ਐਕਟ ਬਣਾਉਣ ਦੀ ਮੰਗ ਸੰਬੰਧੀ ਮੰਗ ਪੱਤਰ ਦਿੱਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦਾ ਮਕਸਦ ਦੇਸ਼ ਭਰ ਦੇ ਗੁਰਦੁਆਰਿਆਂ ਦੇ ਪ੍ਰਬੰਧ ਨੂੰ ਹੋਰ ਮਜ਼ਬੂਤ ਅਤੇ ਸੁਚਾਰੂ ਬਣਾਉਣਾ ਹੈ। ਬਜਟ ਪਾਸ ਕਰਵਾਉਣ ਲਈ ਵੀ ਮੁੱਖ ਮੰਤਰੀ ਨੂੰ ਕੀਤੀ ਅਪੀਲ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਬਜਟ ਪਾਸ ਨਾ ਹੋਣ ਦਾ ਮਾਮਲਾ ਵੀ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਕੋਲ ਪਹੁੰਚ ਗਿਆ ਹੈ। ਜਥੇਦਾਰ ਜਗਦੀਸ਼ ਸਿੰਘ ਝੀਂਡਾ ਨੇ ਕਮੇਟੀ ਦੇ ਕੁਝ ਮੈਂਬਰਾਂ ਨਾਲ ਮੁੱਖ ਮੰਤਰੀ ਨਾਲ ਮੁਲਾਕਾਤ ਕਰਕੇ ਬਜਟ ਪਾਸ ਕਰਵਾਉਣ ਵਿਚ ਆ ਰਹੀਆਂ ਰੁਕਾਵਟਾਂ ਅਤੇ ਇਸ ਕਾਰਨ ਪ੍ਰਭਾਵਿਤ ਹੋ ਰਹੇ ਕੰਮਾਂ ਬਾਰੇ ਜਾਣਕਾਰੀ ਦਿੱਤੀ। ਜਥੇਦਾਰ ਝੀਂਡਾ ਨੇ ਦੋਸ਼ ਲਾਇਆ ਕਿ ਕਮੇਟੀ ਦੇ ਕੁਝ ਮੈਂਬਰ ਜਾਣਬੁੱਝ ਕੇ ਸੰਸਥਾ ਦੇ ਕੰਮਕਾਜ ਵਿਚ ਰੁਕਾਵਟ ਪੈਦਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸੰਗਤ ਦੀਆਂ ਲੋੜਾਂ ਅਤੇ ਮੰਗਾਂ ਨੂੰ ਧਿਆਨ ਵਿਚ ਰੱਖਦਿਆਂ ਬਜਟ ਪਾਸ ਕਰਵਾਉਣ ਲਈ ਕਾਰਜਕਾਰੀ ਕਮੇਟੀ ਦੀਆਂ ਕਈ ਮੀਟਿੰਗਾਂ ਬੁਲਾਈਆਂ ਗਈਆਂ ਹਨ, ਪਰ ਹਰਿਆਣਾ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਗੁਰਮੀਤ ਸਿੰਘ, ਜੂਨੀਅਰ ਮੀਤ ਪ੍ਰਧਾਨ ਗੁਰਬੀਰ ਸਿੰਘ ਤਲਾਕੋਰ, ਕਾਰਜਕਾਰੀ ਕਮੇਟੀ ਮੈਂਬਰ ਜਗਤਾਰ ਸਿੰਘ ਅਤੇ ਟੀ. ਪੀ. ਸਿੰਘ ਨਾਰਨੌਲ ਇਨ੍ਹਾਂ ਮੀਟਿੰਗਾਂ ਵਿਚ ਸ਼ਾਮਿਲ ਨਹੀਂ ਹੋ ਰਹੇ। ਉਨ੍ਹਾਂ ਕਿਹਾ ਕਿ ਬਜਟ ਪਾਸ ਨਾ ਹੋਣ ਕਾਰਨ ਕਮੇਟੀ ਦੇ ਕਈ ਜ਼ਰੂਰੀ ਕੰਮ ਪ੍ਰਭਾਵਿਤ ਹੋ ਰਹੇ ਹਨ ਅਤੇ ਪ੍ਰਬੰਧਕੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਥੇਦਾਰ ਝੀਂਡਾ ਨੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਸੰਬੰਧਿਤ ਮੈਂਬਰਾਂ ਨਾਲ ਗੱਲਬਾਤ ਕਰਕੇ ਬਜਟ ਪਾਸ ਕਰਵਾਉਣ ਵਿਚ ਆ ਰਹੀਆਂ ਰੁਕਾਵਟਾਂ ਦੂਰ ਕਰਵਾਉਣ, ਤਾਂ ਜੋ ਕਮੇਟੀ ਦੇ ਕੰਮਕਾਜ ਨੂੰ ਸੁਚਾਰੂ ਢੰਗ ਨਾਲ ਚਲਾਇਆ ਜਾ ਸਕੇ। ਇਸ ਮੌਕੇ ਕਮੇਟੀ ਦੇ ਸੰਯੁਕਤ ਸਕੱਤਰ ਬਲਵਿੰਦਰ ਸਿੰਘ ਭਿੰਡਰ, ਕਾਰਜਕਾਰੀ ਕਮੇਟੀ ਮੈਂਬਰ ਪਲਵਿੰਦਰ ਸਿੰਘ ਚੀਮਾ, ਰੁਪਿੰਦਰ ਸਿੰਘ ਪੰਜੋਖਰਾ ਸਾਹਿਬ ਅਤੇ ਮੈਂਬਰ ਮੇਜਰ ਸਿੰਘ ਵੀ ਮੌਜੂਦ ਸਨ।
ਪਿਛਲੀ ਖ਼ਬਰ ਕਾਂਗਰਸ ਆਪਣੀ ਚੋਣ ਹਾਰ ਦਾ ਠੀਕਰਾ ਚੋਣ ਕਮਿਸ਼ਨ ਅਤੇ ਈ. ਵੀ. ਐੱਮ. ਸਿਰ ਭੰਨ ਰਹੀ ਹੈ - ਅਮਿਤ ਸ਼ਾਹ ਅਗਲੀ ਖ਼ਬਰ ਲੋਕਤੰਤਰ ਦੀ ਸਭ ਤੋਂ ਵੱਡੀ ਤਾਕਤ ਸੰਵਿਧਾਨ ਅਤੇ ਆਮ ਨਾਗਰਿਕ ਦੀ ਵੋਟ - ਨਾਇਬ ਸਿੰਘ ਸੈਣੀ * ਕਿਹਾ, ਐੱਸ . ਆਈ . ਆਰ . ਨ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।