ਸੋਨੀਆ ਗਾਂਧੀ ਦੀ ਕਿਤਾਬ ’ਤੇ ਤਰਲੋਚਨ ਸਿੰਘ ਦਾ ਤਿੱਖਾ ਹਮਲਾ
ਕਰਨਾਲ , 12 ਨਵੰਬਰ ( ਗੁਰਮੀਤ ਸਿੰਘ ਸੱਗੂ )- ਹਰਿਆਣਾ ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਅਤੇ ਭਾਜਪਾ ਆਗੂ ਤਰਲੋਚਨ ਸਿੰਘ ਨੇ ਸੋਨੀਆ ਗਾਂਧੀ ਦੀ ਕਿਤਾਬ ਨੂੰ ਲੈ ਕੇ ਤਿੱਖੀ ਪ੍ਰਤੀਕਿਰਿਆ ਪ੍ਰਗਟ ਕਰਦਿਆਂ ਕਾਂਗਰਸ ਲੀਡਰਸ਼ਿਪ ’ ਤੇ ਨਿਸ਼ਾਨਾ ਸਾਧਿਆ ਹੈ । ਉਨ੍ਹਾਂ ਦੋਸ਼ ਲਾਇਆ ਕਿ ਕਿਤਾਬ ਰਾਹੀਂ ਸਿੱਖ ਕਤਲੇਆਮ ਅਤੇ ਆਪ੍ਰੇਸ਼ਨ ਬਲੂ ਸਟਾਰ ਵਰਗੇ ਸੰਵੇਦਨਸ਼ੀਲ ਇਤਿਹਾਸਕ ਮੁੱਦਿਆਂ ਤੋਂ ਬਚਣ ਦੀ ਕੋਸ਼ਿਸ਼ ਕੀਤੀ ਗਈ ਹੈ ।
ਕਰਨਾਲ , 12 ਨਵੰਬਰ ( ਗੁਰਮੀਤ ਸਿੰਘ ਸੱਗੂ )- ਹਰਿਆਣਾ ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਅਤੇ ਭਾਜਪਾ ਆਗੂ ਤਰਲੋਚਨ ਸਿੰਘ ਨੇ ਸੋਨੀਆ ਗਾਂਧੀ ਦੀ ਕਿਤਾਬ ਨੂੰ ਲੈ ਕੇ ਤਿੱਖੀ ਪ੍ਰਤੀਕਿਰਿਆ ਪ੍ਰਗਟ ਕਰਦਿਆਂ ਕਾਂਗਰਸ ਲੀਡਰਸ਼ਿਪ ’ ਤੇ ਨਿਸ਼ਾਨਾ ਸਾਧਿਆ ਹੈ । ਉਨ੍ਹਾਂ ਦੋਸ਼ ਲਾਇਆ ਕਿ ਕਿਤਾਬ ਰਾਹੀਂ ਸਿੱਖ ਕਤਲੇਆਮ ਅਤੇ ਆਪ੍ਰੇਸ਼ਨ ਬਲੂ ਸਟਾਰ ਵਰਗੇ ਸੰਵੇਦਨਸ਼ੀਲ ਇਤਿਹਾਸਕ ਮੁੱਦਿਆਂ ਤੋਂ ਬਚਣ ਦੀ ਕੋਸ਼ਿਸ਼ ਕੀਤੀ ਗਈ ਹੈ । ਉਨ੍ਹਾਂ ਕਿਹਾ ਕਿ ਦੇਸ਼ ਦੇ ਇਤਿਹਾਸ ਵਿਚ ਦਰਜ ਇਨ੍ਹਾਂ ਘਟਨਾਵਾਂ ਨੂੰ ਕਿਤਾਬਾਂ ਵਿਚ ਕੁਝ ਗੱਲਾਂ ਲਿਖ ਕੇ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ । ਸਿੱਖ ਭਾਈਚਾਰਾ ਅੱਜ ਵੀ ਇਨ੍ਹਾਂ ਘਟਨਾਵਾਂ ਦਾ ਦਰਦ ਆਪਣੇ ਦਿਲ ਵਿਚ ਸਮੋਈ ਬੈਠਾ ਹੈ ਅਤੇ ਇਨ੍ਹਾਂ ਬਾਰੇ ਜਵਾਬ ਚਾਹੁੰਦਾ ਹੈ । ਤਰਲੋਚਨ ਸਿੰਘ ਨੇ ਕਿਹਾ ਕਿ 1984 ਦੇ ਸਿੱਖ ਵਿਰੋਧੀ ਦੰਗਿਆਂ ਦੌਰਾਨ ਹਜ਼ਾਰਾਂ ਬੇਕਸੂਰ ਸਿੱਖਾਂ ਨੂੰ ਆਪਣੀਆਂ ਜਾਨਾਂ ਗੁਆਉਣੀਆਂ ਪਈਆਂ । ਅਨੇਕਾਂ ਪਰਿਵਾਰ ਉੱਜੜ ਗਏ , ਘਰਾਂ ਅਤੇ ਕਾਰੋਬਾਰਾਂ ਦਾ ਨੁਕਸਾਨ ਹੋਇਆ ਅਤੇ ਕਈ ਲੋਕਾਂ ਨੂੰ ਸਾਲਾਂਬੱਧੀ ਇਨਸਾਫ਼ ਲਈ ਸੰਘਰਸ਼ ਕਰਨਾ ਪਿਆ । ਉਨ੍ਹਾਂ ਤਤਕਾਲੀ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਅਤੇ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਭੂਮਿਕਾ ’ ਤੇ ਸਵਾਲ ਉਠਾਉਂਦਿਆਂ ਕਿਹਾ ਕਿ ਇਨ੍ਹਾਂ ਘਟਨਾਵਾਂ ਦੀ ਜ਼ਿੰਮੇਵਾਰੀ ਬਾਰੇ ਖੁੱਲ੍ਹ ਕੇ ਚਰਚਾ ਹੋਣੀ ਚਾਹੀਦੀ ਹੈ । ਆਪ੍ਰੇਸ਼ਨ ਬਲੂ ਸਟਾਰ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ’ ਤੇ ਹੋਏ ਹਮਲੇ ਨੂੰ ਸਿੱਖ ਕੌਮ ਕਦੇ ਵੀ ਭੁਲਾ ਨਹੀਂ ਸਕਦੀ । ਇਹ ਸਿਰਫ਼ ਇਕ ਧਾਰਮਿਕ ਅਸਥਾਨ ’ ਤੇ ਕੀਤੀ ਗਈ ਕਾਰਵਾਈ ਨਹੀਂ ਸੀ , ਸਗੋਂ ਸਿੱਖ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਅਤੇ ਆਸਥਾ ਨਾਲ ਜੁੜਿਆ ਬੇਹੱਦ ਸੰਵੇਦਨਸ਼ੀਲ ਮਾਮਲਾ ਸੀ । ਇਸ ਘਟਨਾ ਨੇ ਦੁਨੀਆ ਭਰ ਵਿਚ ਵੱਸਦੇ ਸਿੱਖ ਭਾਈਚਾਰੇ ਨੂੰ ਡੂੰਘੀ ਠੇਸ ਪਹੁੰਚਾਈ ਸੀ । ਤਰਲੋਚਨ ਸਿੰਘ ਨੇ ਕਿਹਾ ਕਿ ਕਾਂਗਰਸ ਲੀਡਰਸ਼ਿਪ ਨੂੰ ਇਨ੍ਹਾਂ ਮੁੱਦਿਆਂ ’ ਤੇ ਸਿਆਸੀ ਬਿਆਨਬਾਜ਼ੀ ਕਰਨ ਦੀ ਬਜਾਏ ਆਪਣੀ ਜ਼ਿੰਮੇਵਾਰੀ ਸਵੀਕਾਰ ਕਰਨੀ ਚਾਹੀਦੀ ਹੈ । ਉਨ੍ਹਾਂ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਤੋਂ ਮੰਗ ਕੀਤੀ ਕਿ ਉਹ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋ ਕੇ ਮੁਆਫ਼ੀ ਮੰਗਣ । ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖਾਂ ਦੀ ਸਰਵਉੱਚ ਧਾਰਮਿਕ ਸੰਸਥਾ ਹੈ ਅਤੇ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨਾਲ ਜੁੜੇ ਮਾਮਲਿਆਂ ਵਿਚ ਇਸ ਦੀ ਮਰਿਆਦਾ ਸਭ ਤੋਂ ਉੱਪਰ ਹੈ । ਇਤਿਹਾਸ ਦੇ ਇਨ੍ਹਾਂ ਕਾਲੇ ਅਧਿਆਵਾਂ ਨੂੰ ਭੁਲਾਇਆ ਨਹੀਂ ਜਾ ਸਕਦਾ । ਜਦੋਂ ਤੱਕ ਪੀੜਤ ਪਰਿਵਾਰਾਂ ਨੂੰ ਇਨਸਾਫ਼ ਅਤੇ ਸਿੱਖ ਭਾਈਚਾਰੇ ਨੂੰ ਤਸੱਲੀਬਖ਼ਸ਼ ਜਵਾਬ ਨਹੀਂ ਮਿਲਦਾ , ਉਦੋਂ ਤੱਕ ਇਹ ਸਵਾਲ ਉਠਾਏ ਜਾਂਦੇ ਰਹਿਣਗੇ ।