ਜਲੰਧਰ, 20 ਜਨਵਰੀ (ਜਸਪਾਲ ਸਿੰਘ)-ਆਮ ਆਦਮੀ ਪਾਰਟੀ ਪੰਜਾਬ ਦੇ ਸੀਨੀਅਰ ਆਗੂ ਅਤੇ ਬੁਲਾਰੇ ਪਵਨ ਕੁਮਾਰ ਟੀਨੂੰ ਸਾਬਕਾ ਵਿਧਾਇਕ ਨੇ ਨਸ਼ਾ ਤਸਕਰਾਂ ਖਿਲਾਫ਼ ਚਲਾਈ ਗਈ 'ਯੁੱਧ ਨਸ਼ਿਆਂ ਵਿਰੁੱਧ' ਸਫਲ ਮੁਹਿੰਮ ਤੋਂ ਬਾਅਦ ਪੰਜਾਬ ਪੁਲਿਸ ਵੱਲੋਂ ਗੈਂਗਸਟਰਾਂ ਵਿਰੁੱਧ ਸ਼ੁਰੂ ਕੀਤੀ ਗਈ 'ਗੈਂਗਸਟਰਾਂ 'ਤੇ ਵਾਰ' ਮੁਹਿੰਮ ਦੀ ਸ਼ਲਾਘਾ ਕੀਤੀ ਹੈ | ਉਨ੍ਹਾਂ ਇਥੇ ਇਕ ਪੱਤਰਕਾਰ ਸੰਮੇਲਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਹ ਮੁਹਿੰਮ ਸੰਬੰਧੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸਪੱਸ਼ਟ ਅਤੇ ਸਖ਼ਤ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ਼ੁਰੂ ਕੀਤੀ ਗਈ ਹੈ, ਜਿਸ ਦਾ ਉਦੇਸ਼ ਪੰਜਾਬ ਨੂੰ ਗੈਂਗਸਟਰਵਾਦ ਅਤੇ ਸੰਗਠਿਤ ਅਪਰਾਧ ਤੋਂ ਪੂਰੀ ਤਰ੍ਹਾਂ ਮੁਕਤ ਕਰਨਾ ਹੈ | ਇਸ ਮੌਕੇ ਆਮ ਆਦਮੀ ਪਾਰਟੀ ਦੇ ਆਗੂ ਤਰਨਦੀਪ ਸਿੰਘ ਸੰਨੀ, ਜ਼ਿਲ੍ਹਾ ਮੀਡੀਆ ਇੰਚਾਰਜ ਸੰਜੀਵ ਭਗਤ, ਮੀਡੀਆ ਕੋਆਰਡੀਨੇਟਰ ਅਨਮੋਲ ਖੰਨਾ ਅਤੇ ਮੀਡੀਆ ਕੋਆਰਡੀਨੇਟਰ ਨਰੇਸ਼ ਕੁਮਾਰ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ | ਸ੍ਰੀ ਪਵਨ ਟੀਨੂੰ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਦੀ ਸੁਰੱਖਿਆ 'ਆਪ' ਸਰਕਾਰ ਦੀ ਪਹਿਲ ਹੈ ਤੇ ਕਿਸੇ ਨੂੰ ਵੀ ਪੰਜਾਬ ਦੀ ਸ਼ਾਂਤੀ ਅਤੇ ਭਾਈਚਾਰੇ ਨੂੰ ਨੁਕਸਾਨ ਪਹੁੰਚਾਉਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ | ਉਨ੍ਹਾਂ ਕਿਹਾ ਕਿ ਪਿਛਲੇ ਕੁੱਝ ਸਾਲਾਂ ਵਿੱਚ ਗੈਂਗਸਟਰਾਂ ਨੇ ਪੰਜਾਬ ਦੀ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕੀਤੀ ਪਰ ਹੁਣ ਪੰਜਾਬ ਸਰਕਾਰ ਨੇ ਇਸ ਸ਼ਬਦ ਨੂੰ ਹੀ ਖ਼ਤਮ ਕਰਨ ਦਾ ਅਹਿਦ ਲਿਆ ਹੈ | ਸ੍ਰੀ ਟੀਨੂੰ ਨੇ ਦੱਸਿਆ ਕਿ ਜੇਲ੍ਹਾਂ 'ਚ ਬੈਠ ਕੇ ਗੈਂਗ ਚਲਾਉਣ ਵਾਲੇ ਗੈਂਗਸਟਰਾਂ 'ਤੇ ਨਜ਼ਰ ਰੱਖਣ ਲਈ ਪੰਜਾਬ ਪੁਲਿਸ ਵੱਲੋਂ ਵਿਸ਼ੇਸ਼ ਟੀਮਾਂ ਦਾ ਗਠਨ ਕੀਤਾ ਗਿਆ ਹੈ | ਉਨ੍ਹਾਂ ਇਸ ਮੁਹਿੰਮ 'ਚ ਆਮ ਜਨਤਾ ਤੋਂ ਸਹਿਯੋਗ ਦੀ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਗੈਂਗਸਟਰਾਂ ਵਿਰੁੱਧ ਸੂਚਨਾ ਦੇਣ ਲਈ ਇੱਕ ਵਿਸ਼ੇਸ਼ ਹੈਲਪਲਾਈਨ ਨੰਬਰ ਵੀ ਜਾਰੀ ਕੀਤਾ ਗਿਆ ਹੈ | ਇਸ ਨੰਬਰ 'ਤੇ ਸੂਚਨਾ ਦੇਣ ਵਾਲੇ ਵਿਅਕਤੀ ਦੀ ਪਛਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ |