ਜਲੰਧਰ, 17 ਫਰਵਰੀ (ਜਸਪਾਲ ਸਿੰਘ)-ਭਾਜਪਾ ਦੇ ਜਲੰਧਰ ਛਾਉਣੀ ਵਿਧਾਨ ਸਭਾ ਹਲਕੇ ਦੇ ਸੀਨੀਅਰ ਆਗੂ ਤੇ ਮੰਡਲ 17 ਦੇ ਪ੍ਰਧਾਨ ਸਾਗਰ ਜੌਰਜ ਵਲੋਂ ਚੰਡੀਗੜ੍ਹ ਵਿਖੇ ਭਾਜਪਾ ਦੇ ਸੰਗਠਨ ਇੰਚਾਰਜ ਪੰਜਾਬ ਸ੍ਰੀ ਨਿਵਾਸਲੂ ਤੇ ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਕੁਮਾਰ ਸ਼ਰਮਾ ਨਾਲ ਮੁਲਾਕਾਤ ਕੀਤੀ ਗਈ | ਇਸ ਮੌਕੇ ਉਨ੍ਹਾਂ ਦੋਵਾਂ ਆਗੂਆਂ ਨੂੰ ਮਿਲ ਕੇ ਪੰਜਾਬ ਦੇ ਮੌਜੂਦਾ ਸਿਆਸੀ ਹਾਲਾਤ ਸੰਬੰਧੀ ਲੰਬੀ ਵਿਚਾਰ ਚਰਚਾ ਕੀਤੀ | ਇਸ ਮੌਕੇ ਸਾਗਰ ਜੌਰਜ ਨੇ ਜਲੰਧਰ ਛਾਉਣੀ ਹਲਕੇ 'ਚ ਪਾਰਟੀ ਨੂੰ ਮਜ਼ਬੂਤ ਕਰਨ ਲਈ ਕੀਤੇ ਜਾ ਰਹੇ ਕੰਮਾਂ ਤੋਂ ਵੀ ਦੋਵਾਂ ਆਗੂਆਂ ਨੂੰ ਜਾਣੂ ਕਰਵਾਉਂਦੇ ਹੋਏ ਕਿਹਾ ਕਿ ਜਲੰਧਰ ਛਾਉਣੀ ਹਲਕੇ 'ਚ ਪਾਰਟੀ ਪਹਿਲਾਂ ਨਾਲੋਂ ਕਾਫੀ ਮਜ਼ਬੂਤ ਹੋਈ ਹੈ | ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਲੋਕ ਪੱਖੀ ਨੀਤੀਆਂ ਕਾਰਨ ਲੋਕਾਂ ਅੰਦਰ ਭਾਜਪਾ ਪ੍ਰਤੀ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਸਾਗਰ ਜੌਰਜ ਨੇ ਕਿਹਾ ਕਿ ਪਿਛਲੇ ਦਿਨੀਂ ਪਾਰਟੀ ਹਾਈਕਮਾਨ ਵਲੋਂ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਦੀ ਰੈਲੀ ਨੂੰ ਲੈ ਕੇ ਹਲਕਾ ਇੰਚਾਰਜਾਂ ਦੀ ਕੀਤੀ ਗਈ ਨਿਯੁਕਤੀ ਨਾਲ ਪਾਰਟੀ ਵਰਕਰਾਂ ਅੰਦਰ ਰੋਸ ਦੇਖਣ ਨੂੰ ਮਿਲ ਰਿਹਾ ਸੀ | ਉਨ੍ਹਾਂ ਸ੍ਰੀ ਨਿਵਾਸਲੂ ਅਤੇ ਸ੍ਰੀ ਅਸ਼ਵਨੀ ਸ਼ਰਮਾ ਨੂੰ ਅਪੀਲ ਕੀਤੀ ਕਿ ਉਹ ਕੋਈ ਵੀ ਅਜਿਹਾ ਫੈਸਲਾ ਪਾਰਟੀ ਵਰਕਰਾਂ ਦੀਆਂ ਭਾਵਨਾਵਾਂ ਨੂੰ ਧਿਆਨ 'ਚ ਰੱਖ ਕੇ ਲੈਣ | ਉਨ੍ਹਾਂ ਦੱਸਿਆ ਕਿ ਇਸ ਮੌਕੇ ਦੋਵਾਂ ਆਗੂਆਂ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਪਾਰਟੀ ਲਈ ਮਿਹਨਤ ਨਾਲ ਕੰਮ ਕਰਨ ਵਾਲੇ ਆਗੂਆਂ ਨੂੰ ਪੂਰਾ ਮਾਣ ਸਨਮਾਨ ਦਿੱਤਾ ਜਾਵੇਗਾ ਅਤੇ ਜਲਦ ਹੀ ਉਹ ਮੰਡਲ 17 ਅਤੇ ਹਲਕਾ ਜਲੰਧਰ ਕੈਂਟ ਵਿਖੇ ਆ ਕੇ ਪਾਰਟੀ ਦੇ ਵਰਕਰਾਂ ਨਾਲ ਮੁਲਾਕਾਤ ਕਰਨਗੇ |