ਮਕਸੂਦਾਂ, 18 ਫਰਵਰੀ (ਸੌਰਵ ਮਹਿਤਾ) - ਸ਼ਹਿਰ ਦੀ ਇੰਦਰਾ ਕਲੋਨੀ ਵਿੱਚ ਉਸ ਵੇਲੇ ਹੜਕੰਪ ਮਚ ਗਿਆ ਜਦੋਂ 15 ਸਾਲਾ ਬੱਚਾ ਰਹੱਸਮਈ ਹਾਲਾਤ 'ਚ ਲਾਪਤਾ ਹੋ ਗਿਆ | ਇਸ ਸੰਬੰਧੀ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਇੰਦਰਾ ਕਲੋਨੀ ਵਾਸੀ ਜੋਤੀ ਪਤਨੀ ਸੋਨੂੰ ਨੇ ਦੱਸਿਆ ਕਿ ਉਸਦਾ ਨਾਬਾਲਗ ਪੁੱਤਰ ਸਾਈਕਲ 'ਤੇ ਘਰੋਂ ਬਾਹਰ ਗਿਆ ਸੀ ਪਰ ਕਾਫ਼ੀ ਸਮਾਂ ਬੀਤ ਜਾਣ ਦੇ ਬਾਵਜੂਦ ਘਰ ਵਾਪਸ ਨਹੀਂ ਆਇਆ | ਪਰਿਵਾਰਕ ਮੈਂਬਰਾਂ ਵੱਲੋਂ ਆਪਣੇ ਪੱਧਰ 'ਤੇ ਬੱਚੇ ਦੀ ਹਰ ਸੰਭਵ ਥਾਂ ਭਾਲ ਕੀਤੀ ਗਈ | ਹਾਲਾਤ ਗੰਭੀਰ ਦੇਖਦਿਆਂ ਪਰਿਵਾਰ ਵੱਲੋਂ ਤੁਰੰਤ ਪੁਲਿਸ ਕੰਟਰੋਲ ਰੂਮ ਨੂੰ ਸੂਚਿਤ ਕੀਤਾ ਗਿਆ | ਸੂਚਨਾ ਮਿਲਦੇ ਹੀ ਥਾਣਾ ਡਿਵੀਜ਼ਨ ਨੰਬਰ 1 ਤੋਂ ਏ.ਐੱਸ.ਆਈ. ਜਸਵਿੰਦਰ ਸਿੰਘ ਮੌਕੇ 'ਤੇ ਪਹੁੰਚੇ ਤੇ ਪਰਿਵਾਰਕ ਮੈਂਬਰਾਂ ਨਾਲ ਪੁੱਛਗਿੱਛ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ | ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਬੱਚੇ ਨੂੰ ਆਖਰੀ ਵਾਰ ਜਿੱਥੇ ਦੇਖਿਆ ਗਿਆ, ਉਸ ਇਲਾਕੇ ਦੇ ਸਾਰੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ | ਪਰਿਵਾਰਿਕ ਮੈਂਬਰਾਂ ਨੇ ਦੋਸ਼ ਲਗਾਇਆ ਹੈ ਕਿ ਉਨ੍ਹਾਂ ਦੇ ਬੱਚੇ ਨੂੰ ਕਿਸੇ ਅਣਪਛਾਤੇ ਵਿਅਕਤੀ ਵੱਲੋਂ ਅਗਵਾਹ ਕਰਕੇ ਗਲਤ ਹਿਰਾਸਤ ਵਿੱਚ ਰੱਖਿਆ ਗਿਆ ਹੈ | ਮਾਂ ਦੇ ਬਿਆਨਾਂ ਦੇ ਆਧਾਰ 'ਤੇ ਪੁਲਿਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਵੱਖ-ਵੱਖ ਧਰਾਵਾਂ ਹੇਠ ਮੁਕੱਦਮਾ ਦਰਜ ਕਰ ਲਿਆ ਹੈ |