ਫਿਲੌਰ, 18 ਫਰਵਰੀ (ਸਤਿੰਦਰ ਸ਼ਰਮਾ, ਵਿਪਨ ਗੈਰੀ)- ਅੱਜ ਇੱਥੇ ਮਹਾਰਾਜਾ ਰਣਜੀਤ ਸਿੰਘ ਪੰਜਾਬ ਪੁਲਿਸ ਅਕੈਡਮੀ ਵਿਖੇ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਐੱਸ.ਸੀ./ਐੱਸ.ਟੀ. ਅੱਤਿਆਚਾਰ ਰੋਕੂ ਐਕਟ 1989 ਸੰਬੰਧੀ ਕਰਵਾਏ ਟ੍ਰੇਨਿੰਗ ਪ੍ਰੋਗਰਾਮ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਐੱਸ.ਸੀ./ਐੱਸ.ਟੀ. ਅੱਤਿਆਚਾਰ ਰੋਕੂ ਐਕਟ 1989 ਸਮਾਜਿਕ ਬਰਾਬਰੀ ਤੇ ਇਨਸਾਫ ਨੂੰ ਯਕੀਨੀ ਬਣਾਉਣ ਲਈ ਇਕ ਅਹਿਮ ਸੰਵਿਧਾਨਕ ਉਪਾਅ ਹੈ ਜਿਸ ਦਾ ਉਦੇਸ਼ ਐੱਸ.ਸੀ./ਐੱਸ.ਟੀ. ਭਾਈਚਾਰੇ ਦੇ ਅਧਿਕਾਰਾਂ ਅਤੇ ਸਨਮਾਨ ਦੀ ਰਾਖੀ ਕਰਨਾ ਹੈ | ਇਸ ਮੌਕੇ ਅਕੈਡਮੀ ਦੀ ਡੀ.ਜੀ.ਪੀ.-ਕਮ-ਡਾਇਰੈਕਟਰ ਡਾਇਰੈਕਟਰ ਅਨੀਤਾ ਪੁੰਜ ਆਈ.ਪੀ.ਐੱਸ. ਤੇ ਕੰਸਲਟੈਂਟ ਟ੍ਰੇਨਿੰਗ ਰਵਚਰਨ ਸਿੰਘ ਬਰਾੜ ਤੋਂ ਇਲਾਵਾ ਪੰਜਾਬ ਭਰ ਤੋਂ ਆਏ ਡੀ.ਐੱਸ.ਪੀ. ਪੱਧਰ ਦੇ ਅਧਿਕਾਰੀ ਹਾਜ਼ਰ ਸਨ | ਚੇਅਰਮੈਨ ਗੜ੍ਹੀ ਨੇ ਕਿਹਾ ਕਿ ਇਸ ਟ੍ਰੇਨਿੰਗ ਦਾ ਮੁੱਖ ਮਕਸਦ ਕਾਨੂੰਨ ਦੇ ਪ੍ਰਭਾਵਸ਼ਾਲੀ ਅਮਲ ਲਈ ਪੁਲਿਸ ਅਧਿਕਾਰੀਆਂ ਨੂੰ ਇਸ ਐਕਟ ਸੰਬੰਧੀ ਵਿਸਥਾਰ ਨਾਲ ਜਾਣਕਾਰੀ ਦੇਣਾ, ਸੰਵੇਦਨਸ਼ੀਲ ਮਾਮਲਿਆਂ 'ਚ ਐਕਟ ਅਨੁਸਾਰ ਕਾਰਵਾਈ ਯਕੀਨੀ ਬਣਾਉਣਾ ਤੇ ਇਸ ਐਕਟ ਪ੍ਰਤੀ ਜਾਗਰੂਕਤਾ ਵਧਾਉਣਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਕੋਲ ਆਉਣ ਵਾਲੇ ਜ਼ਿਆਦਾਤਰ ਮਾਮਲੇ ਪੁਲਿਸ ਵਿਭਾਗ ਨਾਲ ਸਬੰਧਤ ਹੁੰਦੇ ਹਨ | ਪੁਲਿਸ ਅਧਿਕਾਰੀਆਂ ਨੂੰ ਐੱਸ.ਸੀ./ਐੱਸ.ਟੀ. ਅੱਤਿਆਚਾਰ ਰੋਕੂ ਐਕਟ ਬਾਰੇ ਅੱਜ ਜੋ ਟ੍ਰੇਨਿੰਗ ਮੁਹੱਈਆ ਕਰਵਾਈ ਗਈ ਹੈ, ਉਸ ਨਾਲ ਅਜਿਹੇ ਮਾਮਲਿਆਂ ਦੀ ਗਿਣਤੀ ਘੱਟ ਕਰਨ ਵਿਚ ਮਦਦ ਮਿਲੇਗੀ | ਉਨ੍ਹਾਂ ਕਿਹਾ ਕਿ ਇਸ ਲੜੀ 'ਚ ਇਹ ਪਹਿਲਾ ਟ੍ਰੇਨਿੰਗ ਪ੍ਰੋਗਰਾਮ ਕੀਤਾ ਗਿਆ ਹੈ ਤੇ ਆਉਣ ਵਾਲੇ ਦਿਨਾਂ 'ਚ ਪੰਜਾਬ ਭਰ ਦੇ 400 ਦੇ ਕਰੀਬ ਡੀ.ਐੱਸ.ਪੀਜ਼. ਨੂੰ ਵਿਸਥਾਰਤ ਸਿਖਲਾਈ ਦੇਣ ਦੀ ਤਜਵੀਜ਼ ਹੈ | ਟ੍ਰੇਨਿੰਗ 'ਚ ਸ਼ਾਮਲ ਪੰਜਾਬ ਭਰ ਤੋਂ ਆਏ ਪੁਲਿਸ ਅਧਿਕਾਰੀਆਂ ਵੱਲੋਂ ਇਸ ਸਿਖਲਾਈ ਪ੍ਰੋਗਰਾਮ ਨੂੰ ਹਾਂ-ਪੱਖੀ ਹੁੰਗਾਰਾ ਦਿੱਤਾ ਗਿਆ | ਟ੍ਰੇਨਿੰਗ ਸੈਸ਼ਨ ਦੌਰਾਨ ਮਾਹਰਾਂ ਵਲੋਂ ਐੱਸ.ਸੀ./ਐੱਸ.ਟੀ. ਅੱਤਿਆਚਾਰ ਰੋਕੂ ਐਕਟ ਦੇ ਵੱਖ-ਵੱਖ ਪਹਿਲੂਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ |