ਜਲੰਧਰ, 26 ਮਾਰਚ (ਹਰਵਿੰਦਰ ਸਿੰਘ ਫੁੱਲ)-ਰਵਿੰਦਰਪਾਲ ਸਿੰਘ ਚੀਮਾ ਨੇ ਗੁਰੂ ਹਰਿਗੋਬਿੰਦ ਚੈਰੀਟੇਬਲ ਹਸਪਤਾਲ ਬਸਤੀ ਸ਼ੇਖ਼ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਦਿਆਂ ਕਿਹਾ ਕਿ ਉਹ ਸਮੂਹ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਦੇ ਸਹਿਯੋਗ ਨਾਲ ਪੂਰੀ ਤਨਦੇਹੀ ਤੇ ਮਿਹਨਤ ਨਾਲ ਹਸਪਤਾਲ ਨੂੰ ਹੋਰ ਬੁਲੰਦੀਆਂ 'ਤੇ ਲੈ ਕੇ ਜਾਣਗੇ | ਉਨ੍ਹਾਂ ਕਿਹਾ ਕਿ ਬਹੁਤ ਜਲਦ ਹਸਪਤਾਲ ਵਲੋਂ ਨਿਭਾਈਆਂ ਜਾ ਰਹੀਆਂ ਸੇਵਾਵਾਂ 'ਚ ਹੋਰ ਵਾਧਾ ਕੀਤਾ ਜਾਵੇਗਾ ਤਾਂ ਜੋ ਮਰੀਜ਼ਾਂ ਨੂੰ ਕਿਸੇ ਕਿਸਮ ਦੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਨਾ ਕਰਨਾ ਪਵੇ | ਇਸ ਤੋਂ ਪਹਿਲਾਂ ਹਸਪਤਾਲ ਦੀ ਸਮੂਹ ਪ੍ਰਬੰਧਕ ਕਮੇਟੀ ਦੀ ਹੋਈ ਮੀਟਿੰਗ ਦੌਰਾਨ ਹਸਪਤਾਲ ਕਮੇਟੀ ਦੇ ਚੇਅਰਮੈਨ ਸਵਰਗੀ ਜਥੇਦਾਰ ਸੁਰਜੀਤ ਸਿੰਘ ਚੀਮਾ ਵਲੋਂ ਹਸਪਤਾਲ ਪ੍ਰਤੀ ਨਿਭਾਈਆਂ ਸੇਵਾਵਾਂ ਦੀ ਭਰਪੂਰ ਸ਼ਲਾਘਾ ਕੀਤੀ ਗਈ ਅਤੇ ਦੋ ਮਿੰਟ ਦਾ ਮੋਨ ਧਾਰਨ ਕਰ ਕੇ ਸ਼ਰਧਾਂਜਲੀ ਭੇਟ ਕੀਤੀ, ਹਸਪਤਾਲ ਦੇ ਕੰਮ ਸੁਚਾਰੂ ਢੰਗ ਨਾਲ ਚਲਾਉਣ ਲਈ ਸਰਬਸੰਮਤੀ ਨਾਲ ਰਵਿੰਦਰਪਾਲ ਸਿੰਘ ਚੀਮਾ ਨੂੰ ਚੇਅਰਮੈਨ ਚੁਣਿਆ ਗਿਆ | ਉਪਰੰਤ ਸਮੂਹ ਕਮੇਟੀ ਨੇ ਇਤਿਹਾਸਕ ਅਸਥਾਨ ਗੁਰਦੁਆਰਾ ਛੇਵੀਂ ਪਾਤਿਸ਼ਾਹੀ ਬਸਤੀ ਸ਼ੇਖ਼ ਵਿਖੇ ਨਤਮਸਤਕ ਹੁੰਦੇ ਹੋਏ ਚੜ੍ਹਦੀ ਕਲਾ ਦੀ ਅਰਦਾਸ ਕੀਤੀ | ਇਸ ਮੌਕੇ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਗੁਰਕਿਰਪਾਲ ਸਿੰਘ ਹਸਪਤਾਲ ਦੇ ਚੇਅਰਮੈਨ ਚੀਮਾ ਨੂੰ ਗੁਰੂ ਘਰ ਦੀ ਬਖ਼ਸ਼ੀਸ਼ ਸਿਰੋਪਾਓ ਦੇ ਕੇ ਸਨਮਾਨਿਤ ਕਰਦੇ ਹੋਏ ਅਹੁਦਾ ਸੰਭਾਲਣ 'ਤੇ ਵਧਾਈ ਦਿੱਤੀ | ਇਸ ਮੌਕੇ ਪ੍ਰਧਾਨ ਗੁਰਕਿਰਪਾਲ ਸਿੰਘ, ਹਰਜੀਤ ਸਿੰਘ ਕਾਲੜਾ ਐਡਵੋਕੇਟ, ਰਾਜਵੀਰ ਸਿੰਘ ਬਾਜਵਾ, ਪਰਮਿੰਦਰ ਸਿੰਘ ਦਸਮੇਸ਼ ਨਗਰ, ਹਰਸ਼ਰਨ ਸਿੰਘ ਚੀਮਾ, ਚਰਨਜੀਤ ਸਿੰਘ ਸਰਾਫ਼, ਅਮਰੀਕ ਸਿੰਘ ਜੁਨੇਜਾ, ਜਸਵਿੰਦਰ ਸਿੰਘ ਧੋਗੜੀ, ਬਲਵਿੰਦਰ ਸਿੰਘ ਸਰਾਫ਼, ਕੁਲਵਿੰਦਰ ਸਿੰਘ ਚੀਮਾ ਤੇ ਹੋਰ ਹਾਜ਼ਰ ਸਨ |