ਜਲੰਧਰ, 16 ਮਈ (ਜਸਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਗੁਰਨੇਕ ਸਿੰਘ ਢਿੱਲੋਂ ਨੇ ਝੋਨੇ ਦੇ ਮੁੱਲ 'ਚ ਕੇਂਦਰ ਸਰਕਾਰ ਵਲੋਂ ਕੀਤੇ ਗਏ 72 ਰੁਪਏ ਪ੍ਰਤੀ ਕੁਇੰਟਲ ਦੇ ਵਾਧੇ ਨੂੰ ਨਿਗੂਣਾ ਦੱਸਦੇ ਹੋਏ ਇਸ ਨੂੰ ਕਿਸਾਨਾਂ ਨਾਲ ਕੋਝਾ ਮਜ਼ਾਕ ਕਰਾਰ ਦਿੱਤਾ ਹੈ | ਉਨ੍ਹਾਂ ਕਿਹਾ ਕਿ ਇਸ ਨਾਲ ਕਿਸਾਨਾਂ ਨੂੰ ਲਾਗਤ ਮੁੱਲ ਵੀ ਨਹੀਂ ਮਿਲਦਾ, ਜਦਕਿ ਹੁਣ ਡੀਜ਼ਲ ਦੀਆਂ ਕੀਮਤਾਂ 'ਚ ਕੀਤੇ ਵਾਧੇ ਨੇ ਵੀ ਕਿਸਾਨਾਂ ਦਾ ਲੱਕ ਤੋੜ ਕੇ ਰੱਖ ਦਿੱਤਾ ਹੈ | ਸ. ਢਿੱਲੋਂ ਨੇ ਕਿਹਾ ਕਿ ਹੁਣ ਝੋਨੇ ਦੀ ਲਵਾਈ ਦਾ ਕੰਮ ਸ਼ੁਰੂ ਹੋਣ ਵਾਲਾ ਹੈ ਤੇ ਅਜਿਹੇ 'ਚ ਕੱਦੂ ਕਰਨ ਲਈ ਕਿਸਾਨਾਂ ਨੂੰ ਮਹਿੰਗੇ ਮੁੱਲ ਦਾ ਡੀਜ਼ਲ ਖਰੀਦਣ ਲਈ ਮਜ਼ਬੂਰ ਹੋਣਾ ਪਵੇਗਾ | ਉਨ੍ਹਾਂ ਕਿਹਾ ਕਿ ਜਿਸ ਨਾਲ ਝੋਨੇ ਦੀ ਲਵਾਈ 'ਤੇ ਕਿਸਾਨਾਂ ਦੀ ਲਾਗਤ 'ਚ ਹੋਰ ਵਾਧਾ ਹੋਵੇਗਾ, ਜਿਸ ਨਾਲ ਪਹਿਲਾਂ ਤੋਂ ਹੀ ਆਰਥਿਕ ਮੰਦਹਾਲੀ ਦਾ ਸ਼ਿਕਾਰ ਸੂਬੇ ਦੀ ਕਿਸਾਨਾਂ ਦਾ ਕਚੂੰਮਰ ਹੀ ਨਿਕਲ ਜਾਵੇਗਾ | ਉਨ੍ਹਾਂ ਝੋਨੇ ਦੀ ਐਸ. ਐਸ. ਪੀ. ਵਧਾਉਣ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਫੌਰੀ ਕਟੌਤੀ ਦੀ ਮੰਗ ਕੀਤੀ ਹੈ |