ਆਜ਼ਾਦੀ ਦਿਹਾੜੇ ਸੰਬੰਧੀ ਫੁੱਲ ਡਰੈੱਸ ਰਿਹਰਸਲ ਹੋਈ , ਡੀ . ਸੀ ...
ਜਲੰਧਰ, 13 ਅਗਸਤ (ਜਤਿੰਦਰ ਪੰਮੀ)–ਦੇਸ਼ ਦੇ 80ਵੇਂ ਆਜ਼ਾਦੀ ਦਿਹਾੜੇ ਮੌਕੇ 15 ਅਗਸਤ ਨੂੰ ਕਰਵਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੀ ਵੀਰਵਾਰ ਨੂੰ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਫੁੱਲ ਡਰੈੱਸ ਰਿਹਰਸਲ ਹੋਈ, ਜਿਸ ਵਿੱਚ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਵਲੋਂ ਕੌਮੀ ਝੰਡਾ ਲਹਿਰਾਇਆ ਗਿਆ। ਕੌਮੀ ਝੰਡਾ ਲਹਿਰਾਉਣ ਉਪਰੰਤ ਡਿਪਟੀ ਕਮਿਸ਼ਨਰ ਵੱਲੋਂ ਪਰੇਡ ਦਾ ਨਿਰੀਖਣ ਕੀਤਾ ਗਿਆ।
ਫੁੱਲ ਡਰੈੱਲ ਰਿਹਰਸਲ ਦੌਰਾਨ ਪਰੇਡ ’ਚ ਹਿੱਸਾ ਲੈਂਦੇ ਹੋਏ ਨੀਮ ਸੁਰੱਖਿਆ ਬਲਾਂ ਦੇ ਜਵਾਨਾਂ ਦੀ ਟੁਕੜੀ। (ਸੱਜੇ) ਪਰੇਡ ਦੌਰਾਨ ਸਲਾਮੀ ਦਿੰਦੇ ਹੋਏ ਪੰਜਾਬ ਪੁਲਿਸ ਦੀਆਂ ਮਹਿਲਾ ਮੁਲਾਜ਼ਮਾਂ ਦੀ ਟੁਕੜੀ। ਤਸਵੀਰ-ਮੁਨੀਸ਼।
14-08-2026
ਫੁੱਲ ਡਰੈੱਸ ਰਿਹਰਸਲ ਤੋਂ ਬਾਅਦ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 15 ਅਗਸਤ ਨੂੰ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਰਾਸ਼ਟਰੀ ਝੰਡਾ ਲਹਿਰਾਉਣਗੇ। ਡਿਪਟੀ ਕਮਿਸ਼ਨਰ ਨੇ ਇਹ ਵੀ ਦੱਸਿਆ ਕਿ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਆਜ਼ਾਦੀ ਘੁਲਾਟੀਆਂ ਤੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਜਾਵੇਗਾ। ਇਸ ਤੋਂ ਇਲਾਵਾ ਵੱਖ-ਵੱਖ ਖੇਤਰਾਂ ਵਿੱਚ ਨਾਮਣਾ ਖੱਟਣ ਵਾਲੀਆਂ ਹਸਤੀਆਂ ਅਤੇ ਵੱਖ-ਵੱਖ ਵਿਭਾਗਾਂ ਦੇ ਸ਼ਾਨਦਾਰ ਕਾਰਗੁਜ਼ਾਰੀ ਵਾਲੇ ਅਧਿਕਾਰੀਆਂ/ਕਰਮਚਾਰੀਆਂ ਦਾ ਸਨਮਾਨ ਵੀ ਕੀਤਾ ਜਾਵੇਗਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਦਿਵਿਆ ਪੀ., ਐਸ.ਡੀ.ਐਮ. ਜਲੰਧਰ-1 ਸ਼ੁਭੀ ਆਂਗਰਾ, ਐਸ.ਡੀ.ਐਮ. ਜਲੰਧਰ-2 ਸ਼ਾਇਰੀ ਮਲਹੋਤਰਾ, ਏ.ਡੀ.ਸੀ.ਪੀ. ਸੁਖਵਿੰਦਰ ਸਿੰਘ, ਸਹਾਇਕ ਕਮਿਸ਼ਨਰ (ਜ) ਵਰੁਣ ਕੁਮਾਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਸਿੱਖਿਆ ਸੰਸਥਾਵਾਂ ਦੇ ਨੁਮਾਇੰਦੇ ਵੀ ਮੌਜੂਦ ਸਨ।
ਚੀਫ ਡਾਇਰੈਕਟਰ ਵਿਜੀਲੈਂਸ ਨਾਗੇਸ਼ਵਰ ਰਾਓ ਤੇ ਪੁਲਿਸ ਕਮਿਸ਼ਨਰ ਨੇ ਵੀ ਲਿਆ ਜਾਇਜ਼ਾ
ਇਸੇ ਦੌਰਾਨ ਏ. ਡੀ. ਜੀ. ਪੀ. ਚੀਫ ਡਾਇਰੈਕਟਰ ਵਿਜੀਲੈਂਸ ਬਿਊਰੋ ਪੰਜਾਬ ਨਾਗੇਸ਼ਵਰ ਰਾਓ ਤੇ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਨੇ ਵੀ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿੱਚ ਆਜ਼ਾਦੀ ਦਿਹਾੜੇ ਮੌਕੇ ਕਰਵਾਏ ਜਾਣ ਜ਼ਿਲ੍ਹਾ ਪੱਧਰੀ ਸਮਾਗਮ ਮੌਕੇ ਕੀਤੇ ਜਾਣ ਵਾਲੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਨਾਲ ਡੀ. ਸੀ. ਪੀ. (ਤਫਤੀਸ਼) ਮਨਪ੍ਰੀਤ ਸਿੰਘ ਢਿੱਲੋਂ, ਡੀ. ਸੀ. ਪੀ. (ਹੈੱਡਕੁਆਰਟਰ) ਪਰਮਿੰਦਰ ਸਿੰਘ ਹੀਰ ਅਤੇ ਹੋਰ ਪੁਲਿਸ ਅਧਿਕਾਰੀ ਵੀ ਮੌਜੂਦ ਸਨ। ਏ. ਡੀ. ਜੀ. ਪੀ. ਚੀਫ ਡਾਇਰੈਕਟਰ ਵਿਜੀਲੈਂਸ ਤੇ ਪੁਲਿਸ ਕਮਿਸ਼ਨਰ ਵਲੋਂ ਸੰਬੰਧਤ ਅਧਿਕਾਰੀਆਂ ਨੂੰ ਸਮਾਗਮ ਮੌਕੇ ਹਰ ਤਰ੍ਹਾਂ ਦੀ ਚੌਕਸੀ, ਆਪਸੀ ਤਾਲਮੇਲ ਤੇ ਮੁਸਤੈਦੀ ਯਕੀਨੀ ਬਣਾਏ ਜਾਣ ਦੇ ਦਿਸ਼ਾ-ਨਿਰਦੇਸ਼ ਦਿੰਦਿਆਂ ਸਮਾਗਮ ਦੌਰਾਨ ਸੁਰੱਖਿਆ ਪ੍ਰਬੰਧਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪ੍ਰਵਾਹੀ ਨਾ ਵਰਤਣ ਲਈ ਆਖਿਆ। ਇਸ ਉਪਰੰਤ ਏ. ਡੀ. ਜੀ. ਪੀ. ਨਾਗੇਸ਼ਵਰ ਰਾਓ ਨੇ ਆਜ਼ਾਦੀ ਦਿਵਸ ਦੇ ਮੱਦੇਨਜ਼ਰ ਸ਼ਹਿਰ ਵਿੱਚ ਸੁਰੱਖਿਆ ਪ੍ਰਬੰਧ ਹੋਰ ਮਜ਼ਬੂਤ ਕਰਨ ਲਈ ਕਮਿਸ਼ਨੇਰਟ ਪੁਲਿਸ ਦੇ ਅਧਿਕਾਰੀਆਂ ਤੇ ਥਾਣਾ ਮੁਖੀਆਂ ਨਾਲ ਮੀਟਿੰਗ ਕੀਤੀ ਅਤੇ ਉਨ੍ਹਾਂ ਨੂੰ ਹਦਾਇਤਾਂ ਦਿੱਤੀਆਂ।