ਸੀਟੂ ਦੀ ਧੂਰੀ ਰੈਲੀ ’ਚ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨਗੀਆਂ ਆਂਗਣਵਾੜੀ ਵਰਕਰਾਂ: ਯੂਨੀਅਨ
ਨੂਰਮਹਿਲ, 2 ਨਵੰਬਰ (ਤਜਿੰਦਰ ਕੁਮਾਰ )-ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਵਲੋਂ ਪੰਜਾਬ ਦੇ ਮੁੱਖ ਮੰਤਰੀ ਵਲੋਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਮੰਗਾਂ ਸਬੰਧੀ ਮੀਟਿੰਗਾਂ ਵਾਰ-ਵਾਰ ਮੁਲਤਵੀ ਕੀਤੇ ਜਾਣ ’ਤੇ ਗੰਭੀਰ ਰੋਸ ਪ੍ਰਗਟ ਕੀਤਾ ਗਿਆ ਹੈ। ਯੂਨੀਅਨ ਨੇ ਕਿਹਾ ਕਿ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਲੰਬੇ ਸਮੇਂ ਤੋਂ ਆਪਣੀਆਂ ਹੱਕੀ ਮੰਗਾਂ ਦੀ ਪ੍ਰਾਪਤੀ ਲਈ ਸੰਘਰਸ਼ ਕਰ ਰਹੀਆਂ ਹਨ ਅਤੇ ਸਰਕਾਰ ਤੋਂ ਲਗਾਤਾਰ ਮੰਗ ਕਰ ਰਹੀਆਂ ਹਨ ਕਿ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਮੁੱਖ ਮੰਤਰੀ ਨਾਲ ਮੀਟਿੰਗ ਤੈਅ ਕੀਤੀ ਜਾਵੇ, ਤਾਂ ਜੋ ਗੱਲਬਾਤ ਰਾਹੀਂ ਮੰਗਾਂ ਦਾ ਨਿਪਟਾਰਾ ਹੋ ਸਕੇ।
ਨੂਰਮਹਿਲ, 2 ਨਵੰਬਰ (ਤਜਿੰਦਰ ਕੁਮਾਰ )-ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਵਲੋਂ ਪੰਜਾਬ ਦੇ ਮੁੱਖ ਮੰਤਰੀ ਵਲੋਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਮੰਗਾਂ ਸਬੰਧੀ ਮੀਟਿੰਗਾਂ ਵਾਰ-ਵਾਰ ਮੁਲਤਵੀ ਕੀਤੇ ਜਾਣ ’ਤੇ ਗੰਭੀਰ ਰੋਸ ਪ੍ਰਗਟ ਕੀਤਾ ਗਿਆ ਹੈ। ਯੂਨੀਅਨ ਨੇ ਕਿਹਾ ਕਿ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਲੰਬੇ ਸਮੇਂ ਤੋਂ ਆਪਣੀਆਂ ਹੱਕੀ ਮੰਗਾਂ ਦੀ ਪ੍ਰਾਪਤੀ ਲਈ ਸੰਘਰਸ਼ ਕਰ ਰਹੀਆਂ ਹਨ ਅਤੇ ਸਰਕਾਰ ਤੋਂ ਲਗਾਤਾਰ ਮੰਗ ਕਰ ਰਹੀਆਂ ਹਨ ਕਿ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਮੁੱਖ ਮੰਤਰੀ ਨਾਲ ਮੀਟਿੰਗ ਤੈਅ ਕੀਤੀ ਜਾਵੇ, ਤਾਂ ਜੋ ਗੱਲਬਾਤ ਰਾਹੀਂ ਮੰਗਾਂ ਦਾ ਨਿਪਟਾਰਾ ਹੋ ਸਕੇ। ਇਸ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਜਥੇਬੰਦੀ ਦੀ ਜ਼ਿਲ੍ਹਾ ਪ੍ਰਧਾਨ ਨਿਰਲੇਪ ਕੌਰ ਤੇ ਜਨਰਲ ਸਕੱਤਰ ਕ੍ਰਿਸ਼ਨਾ ਕੁਮਾਰੀ ਨੇ ਦੱਸਿਆ ਕਿ 2 ਅਕਤੂਬਰ ਨੂੰ ਸੰਗਰੂਰ ਵਿਖੇ ਕੀਤੇ ਗਏ ਸੰਘਰਸ਼ ਤੋਂ ਬਾਅਦ ਮੁੱਖ ਮੰਤਰੀ ਨਾਲ 26 ਅਕਤੂਬਰ ਨੂੰ ਮੀਟਿੰਗ ਤੈਅ ਹੋਈ ਸੀ, ਪਰ ਰੁਝੇਵਿਆਂ ਦਾ ਬਹਾਨਾ ਬਣਾ ਕੇ ਇਹ ਮੀਟਿੰਗ ਮੁਲਤਵੀ ਕਰ ਦਿੱਤੀ ਗਈ ਅਤੇ ਹੁਣ 7 ਨਵੰਬਰ ਦਾ ਸਮਾਂ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਲਾਰੇ ਲਾਓ ’ਤੇ ਡੰਗ ਟਪਾਓ ਨੀਤੀ ਅਪਣਾਈ ਜਾ ਰਹੀ ਹੈ, ਜਦਕਿ ਵਰਕਰ ਲੰਬੇ ਸਮੇਂ ਤੋਂ ਮੁੱਖ ਮੰਤਰੀ ਨਾਲ ਬੈਠਕ ਦੀ ਮੰਗ ਕਰ ਰਹੀਆਂ ਹਨ ਪਰ ਮੀਟਿੰਗਾਂ ਲਗਾਤਾਰ ਅੱਗੇ ਪਾਈਆਂ ਜਾ ਰਹੀਆਂ ਹਨ। ਇਸ ਮੌਕੇ ਜ਼ਿਲ੍ਹਾ ਕੈਸ਼ੀਅਰ ਪਰਮਜੀਤ ਕੌਰ ਨੇ ਕਿਹਾ ਕਿ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਸੂਬੇ ਦੇ ਬੱਚਿਆਂ, ਗਰਭਵਤੀ ਔਰਤਾਂ ਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਦੀ ਸੇਵਾ ਵਿੱਚ ਅਹਿਮ ਭੂਮਿਕਾ ਨਿਭਾ ਰਹੀਆਂ ਹਨ, ਪਰ ਇਸ ਦੇ ਬਾਵਜੂਦ ਉਨ੍ਹਾਂ ਨੂੰ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰਨਾ ਪੈ ਰਿਹਾ ਹੈ। ਆਗੂਆਂ ਨੇ ਐਲਾਨ ਕੀਤਾ ਕਿ ਕੱਲ੍ਹ 3 ਨਵੰਬਰ ਨੂੰ ਧੂਰੀ ਵਿਖੇ ਸੀਟੂ ਵਲੋਂ ਕੀਤੀ ਜਾ ਰਹੀ ਵਿਸ਼ਾਲ ਰੈਲੀ ਵਿੱਚ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨਗੀਆਂ।