ਸ੍ਰੀ ਮੁਕਤਸਰ ਸਾਹਿਬ, 19 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਚੇਅਰਮੈਨ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਸ੍ਰੀ ਮੁਕਤਸਰ ਸਾਹਿਬ ਵਿਨੀਤ ਜਿੰਦਲ ਅਤੇ ਉਨ੍ਹਾਂ ਦੀ ਟੀਮ ਵਲੋਂ ਅੱਜ ਜ਼ਿਲ੍ਹੇ ਦੇ ਵੱਖ-ਵੱਖ ਦਫ਼ਤਰਾਂ ਵਿਖੇ ਵਿਜ਼ਿਟ ਕਰਕੇ ਵਪਾਰੀਆਂ ਨੂੰ ਦਰਪੇਸ਼ ਆ ਰਹੀਆਂ ਮੁਸ਼ਕਿਲਾਂ ਸੰਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਅੱਜ ਜ਼ਿਲ੍ਹੇ ਦੇ ਐੱਸ.ਐੱਸ.ਪੀ. ਦਫ਼ਤਰ, ਰਾਜ ਕਰ ਦਫ਼ਤਰ, ਕਿਰਤ ਵਿਭਾਗ, ਵਧੀਕ ਡਿਪਟੀ ਕਮਿਸ਼ਨਰ ਦਫ਼ਤਰ ਤੇ ਉਦਯੋਗ ਵਿਭਾਗ ਵਿਖੇ ਜਾ ਕੇ ਵਪਾਰੀਆਂ ਦੇ ਉਦਯੋਗ ਵਿਚ ਵਾਧਾ ਕਰਨ ਦੇ ਮੰਤਵ ਨਾਲ ਮੀਟਿੰਗਾਂ ਕੀਤੀਆਂ ਗਈਆਂ | ਇਸ ਮੌਕੇ ਐੱਸ.ਐੱਸ.ਪੀ. ਅਭਿਮੰਨਿਊ ਰਾਣਾ ਵਲੋਂ ਕਿਹਾ ਗਿਆ ਕਿ ਜੇਕਰ ਕਿਸੇ ਵੀ ਵਪਾਰੀ ਨੂੰ ਵਪਾਰ ਦੌਰਾਨ ਕਿਸੇ ਕਿਸਮ ਦੀ ਦਿੱਕਤ ਪੇਸ਼ ਆਉਂਦੀ ਹੈ ਤਾਂ ਉਹ ਪਹਿਲ ਦੇ ਆਧਾਰ 'ਤੇ ਪੁਲਿਸ ਨਾਲ ਰਾਬਤਾ ਕਾਇਮ ਕਰ ਸਕਦੇ ਹਨ | ਪੁਲਿਸ ਪ੍ਰਸ਼ਾਸਨ ਹਰ ਸਮੇਂ ਉਨ੍ਹਾਂ ਦੀ ਮਦਦ ਲਈ ਤਿਆਰ ਹੈ | ਇਸ ਤੋਂ ਇਲਾਵਾ ਦਫ਼ਤਰ ਰਾਜ ਕਰ, ਕਿਰਤ ਵਿਭਾਗ, ਵਧੀਕ ਡਿਪਟੀ ਕਮਿਸ਼ਨਰ ਦਫ਼ਤਰ ਅਤੇ ਉਦਯੋਗ ਵਿਭਾਗ ਦੇ ਅਧਿਕਾਰੀਆਂ ਵਲੋਂ ਵੀ ਵਿਸ਼ਵਾਸ ਦਿਵਾਇਆ ਗਿਆ ਕਿ ਉਨ੍ਹਾਂ ਦੇ ਵਿਭਾਗਾਂ ਵਲੋਂ ਵਪਾਰੀਆਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ | ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਹਲਕਾ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਵਲੋਂ ਵਪਾਰੀਆਂ ਦੇ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਪਾਰੀਆਂ ਦੇ ਮੋਢੇ ਨਾਲ ਮੋਢਾ ਲਗਾ ਕੇ ਖੜ੍ਹੀ ਹੈ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਵਚਨਬੱਧ ਹੈ | ਉਨ੍ਹਾਂ ਕਿਹਾ ਕਿ ਵਪਾਰਕ ਵਾਧੇ ਨਾਲ ਪੰਜਾਬ ਦੇ ਵਿਕਾਸ ਵਿੱਚ ਵੀ ਲਗਾਤਾਰ ਵਾਧਾ ਹੋ ਰਿਹਾ ਹੈ | ਇਸ ਮੌਕੇ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੇ ਸਮੂਹ ਮੈਂਬਰ ਹਾਜ਼ਰ ਸਨ |