ਦੋਦਾ, 1 ਅਪ੍ਰੈਲ (ਰਵੀਪਾਲ)-ਬੀਤੇ ਕੱਲ੍ਹ ਕੁਦਰਤੀ ਆਫ਼ਤ ਭਾਰੀ ਬਾਰਿਸ਼ਾਂ, ਝੱਖੜ ਗੜੇਮਾਰੀ ਨਾਲ ਕਣਕ, ਸਬਜ਼ੀਆਂ, ਹਰਾ ਚਾਰਾ ਤੇ ਬਾਗਾਂ ਦਾ ਭਾਰੀ ਨੁਕਸਾਲ ਹੋਇਆ | ਇਸ ਦੌਰਾਨ ਭਾਕਿਯੂ ਏਕਤਾ (ਉਗਰਾਹਾਂ) ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਨੇ ਸਾਂਝੇ ਤੌਰ 'ਤੇ ਕਿਸਾਨਾਂ ਤੇ ਮਜ਼ਦੂਰਾਂ ਨਾਲ ਹਮਦਰਦੀ ਪ੍ਰਗਟ ਕੀਤੀ ਅਤੇ ਕਿਹਾ ਕਿ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਉਮੀਦਾਂ 'ਤੇ ਪਾਣੀ ਫ਼ਿਰ ਗਿਆ ਹੈ | ਆਗੂਆਂ ਨੇ ਕਿਹਾ ਕਿ ਕਿਸਾਨ ਤੇ ਮਜ਼ਦੂਰ ਤਾਂ ਪਹਿਲਾਂ ਹੀ ਕਰਜ਼ੇ ਦੇ ਬੋਝ ਹੇਠ ਦੱਬ ਕੇ ਖ਼ੁਦਕੁਸ਼ੀਆਂ ਕਰ ਰਹੇ ਹਨ | ਉਨ੍ਹਾਂ ਮੰਗ ਕੀਤੀ ਕਿ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਫ਼ਸਲਾਂ ਦੀ ਤੁਰੰਤ ਮਾਲ ਮਹਿਕਮੇ ਵਲੋਂ ਗਿਰਦਾਵਰੀ ਕਰਵਾ ਕੇ ਸਰਕਾਰ ਮੁਆਵਜ਼ਾ ਦੇਵੇ | ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਕਾਰਜਕਾਰੀ ਪ੍ਰਧਾਨ ਗੁਰਜੰਟ ਸਿੰਘ ਸਾਉਂਕੇ, ਜਨਰਲ ਸਕੱਤਰ ਤਰਸੇਮ ਸਿੰਘ ਖੁੰਡੇ ਹਲਾਲ, ਭਾਕਿਯੂ ਏਕਤਾ (ਉਗਰਾਹਾਂ) ਦੇ ਜ਼ਿਲ੍ਹਾ ਪ੍ਰਧਾਨ ਹਰਬੰਸ ਸਿੰਘ ਕੋਟਲੀ, ਜਨਰਲ ਸਕੱਤਰ ਗੁਰਭਗਤ ਸਿੰਘ ਭਲਾਈਆਣਾ ਨੇ ਸਾਂਝੇ ਬਿਆਨ ਰਾਹੀਂ ਪੰਜਾਬ ਸਰਕਾਰ 'ਤੇ ਦੋਸ਼ ਲਾਉਂਦਿਆਂ ਕਿਹਾ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਸੀ ਕਿ ਕੁਦਰਤੀ ਮਾਰ ਨਾਲ ਫ਼ਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਗਿਰਦਾਵਰੀ ਕਰਨ ਤੋਂ ਪਹਿਲਾਂ ਹੀ ਕਿਸਾਨਾਂ ਤੇ ਮਜ਼ਦੂਰਾਂ ਦੇ ਖਾਤਿਆਂ 'ਚ ਪਾਅ ਦਿੱਤਾ ਜਾਵੇਗਾ, ਪਰ ਸਰਕਾਰ ਪੂਰੀ ਤਰ੍ਹਾਂ ਫ਼ੇਲ੍ਹ ਹੋ ਚੁੱਕੀ ਹੈ | ਅਜੇ ਤੱਕ ਹੜ੍ਹਾਂ ਤੋਂ ਪੀੜਤ ਕਿਸਾਨਾਂ ਨੂੰ ਮੁਆਵਜ਼ਾ ਨਹੀਂ ਦਿੱਤਾ ਗਿਆ | ਉਨ੍ਹਾਂ ਮੰਗ ਕੀਤੀ ਕਿ ਕਿਸਾਨਾਂ ਤੇ ਮਜ਼ਦੂਰਾਂ ਨੂੰ ਫ਼ਸਲਾਂ ਦਾ 60,000 ਹਜ਼ਾਰ ਰੁਪਏ ਪ੍ਰਤੀ ਏਕੜ ਤੋਂ ਇਲਾਵਾ ਘਰਾਂ ਦੇ ਹੋਏ ਨੁਕਸਾਨ ਦਾ ਵੀ ਮੁਆਵਜ਼ਾ ਤੁਰੰਤ ਦਿੱਤਾ ਜਾਵੇ |