ਮਲੋਟ, 1 ਅਪ੍ਰੈਲ (ਅਜਮੇਰ ਸਿੰਘ ਬਰਾੜ)-'ਪਿੰਡ ਨੂਰਪੁਰ ਜੱਟਾਂ ਵਿਖੇ ਭਾਰਤ ਰਤਨ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਦੇ ਬੁੱਤ ਨੂੰ ਖੰਡਿਤ ਕਰਨ ਦੀ ਕਾਰਵਾਈ ਬਹੁਤ ਹੀ ਨਿੰਦਣਯੋਗ ਹੈ ਤੇ ਇਸ ਨੂੰ ਸ਼ੈਤਾਨੀ ਦਿਮਾਗ ਦੀ ਮਾੜੀ ਸੋਚ ਹੀ ਕਿਹਾ ਜਾ ਸਕਦਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਰਿਪਬਲਿਕਨ ਪਾਰਟੀ ਆਫ ਇੰਡੀਆ ਦੇ ਸੂਬਾਈ ਪ੍ਰਧਾਨ ਕੁਲਵੰਤ ਸਿੰਘ ਭਾਈਕਾ ਕੇਰਾ ਨੇ ਕਰਦਿਆਂ ਕਿਹਾ ਕਿ ਲਗਾਤਾਰ ਹੋ ਰਹੀਆਂ ਅਜਿਹੀਆਂ ਘਟਨਾਵਾਂ ਕਰਕੇ ਉਨ੍ਹਾਂ ਦੇ ਦਿਲਾਂ ਵਿਚ ਜਿੱਥੇ ਮਨ ਮਾਯੂਸ ਹਨ, ਉੱਥੇ ਮਨਾਂ ਵਿਚ ਬਹੁਤ ਭਾਰੀ ਰੋਸ ਪੈਦਾ ਹੋ ਰਿਹਾ ਹੈ | ਲੋਕਤੰਤਰ ਨੂੰ ਸ਼ਰਮਸਾਰ ਕਰਦੀ ਹੋਈ ਇਸ ਘਟਨਾ ਦੀ ਜ਼ਿੰਮੇਵਾਰੀ ਵੀ ਗੁਰਪਤਵੰਤ ਪੰਨੂ ਵਲੋਂ ਲਈ ਗਈ ਹੈ ਜੋ ਇਕ ਮਾੜੀ ਮਾਨਸਿਕਤਾ ਦਾ ਪ੍ਰਗਟਾਵਾ ਕਰਦੀ ਹੈ | ਉਨ੍ਹਾਂ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਪ੍ਰਸ਼ਾਸਨ ਤੋਂ ਪੁਰਜ਼ੋਰ ਮੰਗ ਵੀ ਕੀਤੀ ਕਿ ਅਜਿਹੀਆਂ ਘਟਨਾਵਾਂ ਨੂੰ ਤੁਰੰਤ ਨੱਥ ਪਾਈ ਜਾਵੇ | ਉਨ੍ਹਾਂ ਕਿਹਾ ਕਿ ਸਮੁੱਚੇ ਦੇਸ਼ ਨੂੰ ਇਸ ਮਾੜੀ ਮਾਨਸਿਕਤਾ ਵਾਲੇ ਵਿਅਕਤੀ ਦਾ ਵਿਰੋਧ ਕਰਨਾ ਚਾਹੀਦਾ ਹੈ ਤਾਂ ਕਿ ਸਮਾਜ ਵਿਚ ਅਮਨ ਸ਼ਾਂਤੀ ਅਤੇ ਭਾਈਚਾਰਾ ਬਣਿਆ ਰਹੇ | ਉਨ੍ਹਾਂ ਮੰਗ ਕੀਤੀ ਕਿ ਜਿਹੜੇ ਵੀ ਸ਼ਰਾਰਤੀ ਅਨਸਰ ਇਸ ਮਾੜੀ ਘਟਨਾ ਵਿਚ ਸ਼ਾਮਿਲ ਹਨ ਉਨਾਂ 'ਤੇ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ | ਉਨ੍ਹਾਂ ਚਿਤਾਵਨੀ ਦਿੱਤੀ ਕਿ ਅਜਿਹੇ ਲੋਕਾਂ ਨੂੰ ਫ਼ੜਿਆ ਨਾ ਗਿਆ ਤਾਂ ਆਰ. ਪੀ. ਆਈ. ਪਾਰਟੀ ਵਲੋਂ ਸੰਘਰਸ਼ ਵਿੱਡਣ ਤੋਂ ਗੁਰੇਜ ਨਹੀਂ ਕੀਤਾ ਜਾਵੇਗਾ |