ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਸੂਬੇ ’ਚ ਮਜ਼ਬੂਤੀ ਨਾਲ ਅੱਗੇ ਵਧ ਰਹੀ ਹੈ-ਸ਼ਿਵਕੰਵਰ ਸਿੰਘ ਸੰਧੂ
ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਰਣਜੀਤ ਸਿੰਘ ਢਿੱਲੋਂ)-ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਦਿਨੋਂ-ਦਿਨ ਪੰਜਾਬ ਵਿਚ ਮਜ਼ਬੂਤੀ ਨਾਲ ਅੱਗੇ ਵਧ ਰਹੀ ਹੈ ਅਤੇ ਆਉਣ ਵਾਲੇ ਸਮੇਂ ਵਿਚ ਇਸ ਨਾਲ ਹੋਰ ਵੱਡੇ ਆਗੂ ਜੁੜਨਗੇ। ਇਹ ਪ੍ਰਗਟਾਵਾ ਅਕਾਲੀ ਦਲ ਵਾਰਿਸ ਪੰਜਾਬ ਦੇ ਸੀਨੀਅਰ ਆਗੂ ਸ਼ਿਵਕੰਵਰ ਸਿੰਘ ਸੰਧੂ ਨੇ ਇੱਥੇ ਗੱਲਬਾਤ ਕਰਦਿਆਂ ਕੀਤਾ।
ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਰਣਜੀਤ ਸਿੰਘ ਢਿੱਲੋਂ)-ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਦਿਨੋਂ-ਦਿਨ ਪੰਜਾਬ ਵਿਚ ਮਜ਼ਬੂਤੀ ਨਾਲ ਅੱਗੇ ਵਧ ਰਹੀ ਹੈ ਅਤੇ ਆਉਣ ਵਾਲੇ ਸਮੇਂ ਵਿਚ ਇਸ ਨਾਲ ਹੋਰ ਵੱਡੇ ਆਗੂ ਜੁੜਨਗੇ। ਇਹ ਪ੍ਰਗਟਾਵਾ ਅਕਾਲੀ ਦਲ ਵਾਰਿਸ ਪੰਜਾਬ ਦੇ ਸੀਨੀਅਰ ਆਗੂ ਸ਼ਿਵਕੰਵਰ ਸਿੰਘ ਸੰਧੂ ਨੇ ਇੱਥੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਭਾਈ ਅੰਮ੍ਰਿਤਪਾਲ ਸਿੰਘ ਮੈਂਬਰ ਪਾਰਲੀਮੈਂਟ ਦੀ ਅਗਵਾਈ ਹੇਠ ਅਕਾਲੀ ਦਲ ਵਾਰਿਸ ਪੰਜਾਬ ਦੇ ਸੂਬੇ ਵਿਚ ਮਜ਼ਬੂਤੀ ਨਾਲ ਆਪਣਾ ਆਧਾਰ ਬਣਾ ਰਿਹਾ ਹੈ ਅਤੇ ਇਹ ਪੰਜਾਬ ਦੀਆਂ ਭਾਵਨਾਵਾਂ ਦੀ ਸਹੀ ਤਰਜਮਾਨੀ ਕਰੇਗਾ। ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਪਾਰਟੀ ਸ਼ਾਨਦਾਰ ਜਿੱਤ ਹਾਸਿਲ ਕਰੇਗੀ। ਸ਼ਿਵਕੰਵਰ ਸਿੰਘ ਸੰਧੂ ਨੇ ਸ਼੍ਰੋਮਣੀ ਅਕਾਲੀ ਦਲ (ਬਾਦਲ) ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਬਾਦਲ ਅਕਾਲੀ ਦਲ ਲੋਕਾਂ ਵਿਚ ਆਪਣਾ ਆਧਾਰ ਗੁਆ ਚੁੱਕਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਅਕਾਲੀ ਸਰਕਾਰਾਂ ਦੇ ਸਮੇਂ ਰਾਜਨੀਤੀ ਨੂੰ ਲੋਕ ਸੇਵਾ ਦੀ ਬਜਾਏ ਨਿੱਜੀ ਹਿੱਤਾਂ ਲਈ ਵਰਤਿਆ ਗਿਆ। ਉਨ੍ਹਾਂ ਕਿਹਾ ਕਿ ਹੁਣ ਬਾਦਲ ਅਕਾਲੀ ਦਲ ਭਾਜਪਾ ਨਾਲ ਮੁੜ ਸਮਝੌਤਾ ਕਰਨ ਲਈ ਤਰਲੋਮੱਛੀ ਹੋ ਰਿਹਾ ਹੈ, ਜੋ ਉਸ ਦੀ ਭਾਜਪਾ ਅੱਗੇ ਝੁਕਣ ਦੀ ਨਿਸ਼ਾਨੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਅਕਾਲੀ ਸਰਕਾਰ ਦੇ ਸਮੇਂ ਪੰਜਾਬ ਦੇ ਹਿੱਤਾਂ ਦੀ ਬਜਾਏ ਨਿੱਜੀ ਸਵਾਰਥਾਂ ਨੂੰ ਪਹਿਲ ਦਿੱਤੀ ਗਈ ਅਤੇ ਵੱਡੇ ਕਾਰੋਬਾਰਾਂ ’ਤੇ ਆਪਣੇ ਚਹੇਤਿਆਂ ਦਾ ਕਬਜ਼ਾ ਕਰਵਾਇਆ ਗਿਆ। ਕੇਂਦਰ ਦੀ ਭਾਜਪਾ ਸਰਕਾਰ ਨਾਲ ਸੰਬੰਧਾਂ ਦਾ ਜ਼ਿਕਰ ਕਰਦਿਆਂ ਸ਼ਿਵਕੰਵਰ ਸਿੰਘ ਸੰਧੂ ਨੇ ਕਿਹਾ ਕਿ ਖੇਤੀ ਕਾਨੂੰਨਾਂ ਦੇ ਮਾਮਲੇ ਵਿਚ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਪਹਿਲਾਂ ਕੇਂਦਰ ਸਰਕਾਰ ਦਾ ਸਾਥ ਦਿੱਤਾ ਗਿਆ, ਪਰ ਕਿਸਾਨ ਅੰਦੋਲਨ ਦੇ ਤੇਜ਼ ਹੋਣ ਮਗਰੋਂ ਹਰਸਿਮਰਤ ਕੌਰ ਬਾਦਲ ਨੂੰ ਕੇਂਦਰੀ ਮੰਤਰੀ ਮੰਡਲ ਤੋਂ ਮਜ਼ਬੂਰਨ ਅਸਤੀਫ਼ਾ ਦੇਣਾ ਪਿਆ। ਉਨ੍ਹਾਂ ਦਾਅਵਾ ਕੀਤਾ ਕਿ ਅਕਾਲੀ ਦਲ ਵਾਰਿਸ ਪੰਜਾਬ ਦੇ ਨਾਲ ਆਉਣ ਵਾਲੇ ਦਿਨਾਂ ਵਿਚ ਹੋਰ ਵੱਡੇ ਆਗੂ ਜੁੜਨਗੇ ਅਤੇ ਪਾਰਟੀ ਦੇ ਹੱਕ ਵਿਚ ਬਣ ਰਹੀ ਲੋਕ ਲਹਿਰ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਵੱਡਾ ਪ੍ਰਭਾਵ ਪਾਵੇਗੀ। ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਪਾਰਟੀ ਪੰਜਾਬ ਤੋਂ ਇਲਾਵਾ ਹਰਿਆਣਾ, ਦਿੱਲੀ ਅਤੇ ਹੋਰ ਰਾਜਾਂ ਵਿਚ ਵੀ ਆਪਣਾ ਆਧਾਰ ਵਧਾ ਰਹੀ ਹੈ।