ਆਂਗਣਵਾੜੀ ਵਰਕਰਾਂ ਵਲੋਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੀ ਕੋਠੀ ਦਾ ਘਿਰਾਓ
ਮਲੋਟ, 19 ਸਤੰਬਰ (ਪਾਟਿਲ)-ਸਰਵ ਆਂਗਣਵਾੜੀ ਵਰਕਰ ਅਤੇ ਹੈਲਪਰ ਯੂਨੀਅਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਲੋਂ ਆਪਣੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਅੱਜ ਮਲੋਟ ਵਿਖੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੀ ਕੋਠੀ ਦਾ ਘਿਰਾਓ ਕੀਤਾ ਗਿਆ।
ਮਲੋਟ, 19 ਸਤੰਬਰ (ਪਾਟਿਲ)-ਸਰਵ ਆਂਗਣਵਾੜੀ ਵਰਕਰ ਅਤੇ ਹੈਲਪਰ ਯੂਨੀਅਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਲੋਂ ਆਪਣੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਅੱਜ ਮਲੋਟ ਵਿਖੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੀ ਕੋਠੀ ਦਾ ਘਿਰਾਓ ਕੀਤਾ ਗਿਆ। ਇਸ ਦੌਰਾਨ ਆਂਗਣਵਾੜੀ ਵਰਕਰਾਂ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਆਪਣੀਆਂ ਮੰਗਾਂ ਦੇ ਹੱਕ ਵਿਚ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਯੂਨੀਅਨ ਦੀ ਜ਼ਿਲ੍ਹਾ ਪ੍ਰਧਾਨ ਸਤਵਿੰਦਰ ਕੌਰ ਨੇ ਕਿਹਾ ਕਿ ਆਂਗਣਵਾੜੀ ਵਰਕਰਾਂ ਦੇ ਮਾਣ-ਭੱਤੇ ਨੂੰ ਦੁੱਗਣਾ ਕਰਨ ਦਾ ਵਾਅਦਾ ਸਰਕਾਰ ਵਲੋਂ ਕੀਤਾ ਗਿਆ ਸੀ, ਪਰ ਸਰਕਾਰ ਦੇ ਲਗਪਗ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਇਹ ਮੰਗ ਪੂਰੀ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਯੂਨੀਅਨ ਵਲੋਂ ਸਰਕਾਰ ਨਾਲ ਕਈ ਮੀਟਿੰਗਾਂ ਕਰਨ ਅਤੇ ਵੱਖ-ਵੱਖ ਥਾਵਾਂ ’ਤੇ ਧਰਨੇ ਦੇਣ ਦੇ ਬਾਵਜੂਦ ਮੰਗਾਂ ਦਾ ਢੱਕਵਾਂ ਹੱਲ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਆਂਗਣਵਾੜੀ ਵਰਕਰਾਂ ਤੋਂ ਵਿਭਾਗ ਨਾਲ ਸੰਬੰਧਿਤ ਕਈ ਕੰਮ ਲਏ ਜਾਂਦੇ ਹਨ, ਪਰ ਉਨ੍ਹਾਂ ਦੇ ਮਾਣ-ਭੱਤੇ ਅਤੇ ਹੋਰ ਹੱਕਾਂ ਵੱਲ ਧਿਆਨ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਦੱਸਿਆ ਕਿ ਮੰਗਾਂ ਨਾ ਮੰਨੇ ਜਾਣ ਦੀ ਸੂਰਤ ਵਿਚ ਯੂਨੀਅਨ ਵਲੋਂ ਸੰਗਰੂਰ ਵਿਖੇ ਸੂਬਾ ਪੱਧਰੀ ਧਰਨਾ ਲਗਾਇਆ ਜਾਵੇਗਾ ਅਤੇ ਅਗਲੇ ਸੰਘਰਸ਼ ਦੀ ਰਣਨੀਤੀ ਤਹਿ ਕੀਤੀ ਜਾਵੇਗੀ। ਇਸ ਮੌਕੇ ਆਂਗਣਵਾੜੀ ਵਰਕਰ ਗੁਰਮੀਤ ਕੌਰ ਨੇ ਕਿਹਾ ਕਿ ਪਿਛਲੇ ਲਗਪਗ ਦੋ-ਢਾਈ ਸਾਲ ਤੋਂ ਉਨ੍ਹਾਂ ਦੀਆਂ ਤਨਖ਼ਾਹਾਂ/ਭੁਗਤਾਨ ਬਕਾਇਆ ਹਨ। ਉਨ੍ਹਾਂ ਦੱਸਿਆ ਕਿ ਮੌਜੂਦਾ ਮਾਣ-ਭੱਤਾ ਵਰਕਰ ਲਈ 5500 ਰੁਪਏ ਅਤੇ ਹੈਲਪਰ ਲਈ 3000 ਰੁਪਏ ਹੈ, ਜਿਸ ਨਾਲ ਪਰਿਵਾਰ ਦਾ ਗੁਜ਼ਾਰਾ ਕਰਨਾ ਮੁਸ਼ਕਿਲ ਹੈ। ਉਨ੍ਹਾਂ ਸਰਕਾਰ ਤੋਂ ਮਾਣ-ਭੱਤੇ ਵਿਚ ਵਾਧਾ ਕਰਨ ਅਤੇ ਪੈਂਡਿੰਗ ਭੁਗਤਾਨ ਜਾਰੀ ਕਰਨ ਦੀ ਮੰਗ ਕੀਤੀ। ਇਸ ਮੌਕੇ ਕਰੈਚ ਵਰਕਰ ਸੰਤੋਸ਼ ਕੌਰ ਨੇ ਕਿਹਾ ਕਿ ਕਰੈਚ ਵਰਕਰਾਂ ਵਲੋਂ ਛੋਟੇ ਬੱਚਿਆਂ ਦੀ ਸਾਂਭ-ਸੰਭਾਲ ਦੀ ਜ਼ਿੰਮੇਵਾਰੀ ਨਿਭਾਈ ਜਾਂਦੀ ਹੈ। ਉਨ੍ਹਾਂ ਸਰਕਾਰ ਤੋਂ ਕਰੈਚ ਵਰਕਰਾਂ ਦੀਆਂ ਤਨਖ਼ਾਹਾਂ ਵਿਚ ਵਾਧਾ ਕਰਨ ਅਤੇ ਬੱਚਿਆਂ ਦੀ ਦੇਖਭਾਲ ਲਈ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਦੀ ਮੰਗ ਕੀਤੀ। ਇਸ ਦੌਰਾਨ ਆਂਗਣਵਾੜੀ ਵਰਕਰਾਂ ਨੂੰ ਕੋਠੀ ਦੇ ਗੇਟ ਤੋਂ ਪਹਿਲਾਂ ਹੀ ਰੋਕ ਦਿੱਤਾ ਗਿਆ। ਇਸ ’ਤੇ ਵਰਕਰਾਂ ਨੇ ਰੋਸ ਜ਼ਾਹਿਰ ਕਰਦਿਆਂ ਕਾਲੋਨੀ ਦੇ ਗੇਟ ਤੋਂ ਦਾਖ਼ਲ ਹੋ ਕੇ ਕੈਬਨਿਟ ਮੰਤਰੀ ਦੀ ਕੋਠੀ ਦਾ ਘਿਰਾਓ ਕੀਤਾ ਅਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਯੂਨੀਅਨ ਆਗੂਆਂ ਨੇ ਕਿਹਾ ਕਿ ਸਰਕਾਰ ਵਲੋਂ ਮੰਗਾਂ ਸੰਬੰਧੀ ਠੋਸ ਫ਼ੈਸਲਾ ਨਾ ਲਏ ਜਾਣ ਤੱਕ ਸੰਘਰਸ਼ ਜਾਰੀ ਰੱਖਿਆ ਜਾਵੇਗਾ। 19 ਐਮ.ਕੇ.ਟੀ. 19 ਮਲੋਟ ਵਿਖੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੀ ਕੋਠੀ ਦਾ ਘਿਰਾਓ ਕਰਨ ਮੌਕੇ ਪ੍ਰਦਰਸ਼ਨ ਕਰਦੇ ਹੋਏ ਆਂਗਣਵਾੜੀ ਹੈਲਪਰਾਂ ਤੇ ਵਰਕਰਾਂ। ਤਸਵੀਰ: ਪਾਟਿਲ