ਮੰਡੀ ਲੱਖੇਵਾਲੀ, 28 ਅਕਤੂਬਰ (ਮਿਲਖ ਰਾਜ)-ਮਾਨਸਾ ਵਿਖੇ ਪੁਲਿਸ ਜ਼ਬਰ ਦੇ ਵਿਰੋਧ ਅਤੇ ਮ੍ਰਿਤਕ ਨੌਜਵਾਨ ਦੀ ਲਾਸ਼ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਤੁਰੰਤ ਸੌਂਪਣ ਦੀ ਮੰਗ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਸੂਬਾ ਕਮੇਟੀ ਦੇ ਸੱਦੇ ਤਹਿਤ ਪੰਜਾਬ ਭਰ ਦੇ ਪੁਲਿਸ ਥਾਣਿਆਂ ਅੱਗੇ ਰੋਸ ਪ੍ਰਦਰਸ਼ਨ ਕੀਤੇ ਗਏ। ਇਸੇ ਲੜੀ ਤਹਿਤ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਥਾਣਾ ਲੱਖੇਵਾਲੀ ਦੇ ਬਾਹਰ ਰੋਸ ਧਰਨਾ ਦੇ ਕੇ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਧਰਨੇ ਨੂੰ ਸੰਬੋਧਨ ਕਰਦਿਆਂ ਬਲਾਕ ਪ੍ਰਧਾਨ ਰਜਿੰਦਰ ਸਿੰਘ ਰਾਜਾ, ਇਕਾਈ ਪ੍ਰਧਾਨ ਹਰਫੂਲ ਸਿੰਘ ਭਾਗਸਰ, ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਕਾਕਾ ਸਿੰਘ ਖੁੰਡੇ ਹਲਾਲ, ਤਰਸੇਮ ਖੁੰਡੇ ਹਲਾਲ ਅਤੇ ਹੋਰ ਆਗੂਆਂ ਨੇ ਕਿਹਾ ਕਿ ਮਾਨਸਾ ਵਿਖੇ ਸ਼ਾਂਤਮਈ ਢੰਗ ਨਾਲ ਚੱਲ ਰਹੇ ਮੋਰਚੇ ਦੌਰਾਨ ਕਿਸਾਨਾਂ, ਮਜ਼ਦੂਰਾਂ ਅਤੇ ਹੋਰ ਲੋਕਾਂ ਉਪਰ ਪੁਲਿਸ ਵਲੋਂ ਕੀਤੀ ਗਈ ਕਾਰਵਾਈ ਨਿੰਦਣਯੋਗ ਹੈ। ਉਨ੍ਹਾਂ ਮੰਗ ਕੀਤੀ ਕਿ ਪਿੰਡ ਭੰਮੇ ਕਲਾਂ ਦੇ ਮ੍ਰਿਤਕ ਨੌਜਵਾਨ ਦੀ ਲਾਸ਼ ਤੁਰੰਤ ਉਸ ਦੇ ਪਰਿਵਾਰ ਨੂੰ ਸੌਂਪੀ ਜਾਵੇ ਅਤੇ ਗ੍ਰਿਫ਼ਤਾਰ ਕੀਤੇ ਗਏ ਲੋਕਾਂ ਨੂੰ ਬਿਨਾਂ ਦੇਰੀ ਰਿਹਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਕਾਰੋਬਾਰ ਨੂੰ ਖ਼ਤਮ ਕਰਨ ਲਈ ਸਰਕਾਰ ਨੂੰ ਵੱਡੇ ਨਸ਼ਾ ਤਸਕਰਾਂ ਅਤੇ ਉਨ੍ਹਾਂ ਨੂੰ ਕਥਿਤ ਤੌਰ ’ਤੇ ਸਰਪ੍ਰਸਤੀ ਦੇਣ ਵਾਲੇ ਰਾਜਨੀਤਿਕ ਆਗੂਆਂ ਤੇ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ। ਬੁਲਾਰਿਆਂ ਨੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿਚ ਕਥਿਤ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ, ਉਸ ਦੇ ਪਰਿਵਾਰ ਨੂੰ ਦੋ ਕਰੋੜ ਰੁਪਏ ਮੁਆਵਜ਼ਾ ਦੇਣ ਅਤੇ ਉਸ ਦੀ ਪਤਨੀ ਮਨਪ੍ਰੀਤ ਕੌਰ ਨੂੰ ਯੋਗਤਾ ਅਨੁਸਾਰ ਸਰਕਾਰੀ ਨੌਕਰੀ ਦੇਣ ਦੀ ਮੰਗ ਵੀ ਉਠਾਈ। ਇਸ ਤੋਂ ਇਲਾਵਾ ਮਾਨਸਾ ਵਿਖੇ ਪੁਲਿਸ ਕਾਰਵਾਈ ਦੌਰਾਨ ਜ਼ਖ਼ਮੀ ਹੋਏ ਲੋਕਾਂ ਦਾ ਇਲਾਜ ਕਰਵਾਉਣ ਅਤੇ ਉਨ੍ਹਾਂ ਨੂੰ ਢੁਕਵਾਂ ਮੁਆਵਜ਼ਾ ਦੇਣ ਦੀ ਮੰਗ ਕੀਤੀ ਗਈ। ਆਗੂਆਂ ਨੇ ਕਿਹਾ ਕਿ ਜਦੋਂ ਤੱਕ ਮ੍ਰਿਤਕ ਨੌਜਵਾਨ ਦੀ ਲਾਸ਼ ਪਰਿਵਾਰ ਨੂੰ ਸੌਂਪਣ, ਗ੍ਰਿਫ਼ਤਾਰ ਕੀਤੇ ਲੋਕਾਂ ਦੀ ਰਿਹਾਈ ਅਤੇ ਹੋਰ ਮੰਗਾਂ ਸੰਬੰਧੀ ਇਨਸਾਫ਼ ਨਹੀਂ ਮਿਲਦਾ, ਉਦੋਂ ਤੱਕ ਜਥੇਬੰਦੀ ਸੰਘਰਸ਼ ਜਾਰੀ ਰੱਖੇਗੀ। ਉਨ੍ਹਾਂ ਕਿਸਾਨਾਂ ਤੇ ਮਜ਼ਦੂਰਾਂ ਨੂੰ ਆਪਣੇ ਹੱਕਾਂ ਲਈ ਇਕਜੁੱਟ ਹੋ ਕੇ ਸੰਘਰਸ਼ ਕਰਨ ਦਾ ਸੱਦਾ ਦਿੱਤਾ। ਇਸ ਮੌਕੇ ਕਿਸਾਨ ਜਥੇਬੰਦੀ, ਖੇਤ ਮਜ਼ਦੂਰ ਯੂਨੀਅਨ ਦੇ ਆਗੂਆਂ, ਵੱਡੀ ਗਿਣਤੀ ਵਿਚ ਕਿਸਾਨਾਂ ਤੇ ਮਜ਼ਦੂਰਾਂ ਨੇ ਸ਼ਮੂਲੀਅਤ ਕੀਤੀ।
ਭਾਕਿਯੂ ਏਕਤਾ (ਉਗਰਾਹਾਂ) ਵਲੋਂ ਥਾਣਾ ਲੱਖੇਵਾਲੀ ਅੱਗੇ ਰੋਸ ਧਰਨਾ
ਮੰਡੀ ਲੱਖੇਵਾਲੀ, 28 ਅਕਤੂਬਰ (ਮਿਲਖ ਰਾਜ)-ਮਾਨਸਾ ਵਿਖੇ ਪੁਲਿਸ ਜ਼ਬਰ ਦੇ ਵਿਰੋਧ ਅਤੇ ਮ੍ਰਿਤਕ ਨੌਜਵਾਨ ਦੀ ਲਾਸ਼ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਤੁਰੰਤ ਸੌਂਪਣ ਦੀ ਮੰਗ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਸੂਬਾ ਕਮੇਟੀ ਦੇ ਸੱਦੇ ਤਹਿਤ ਪੰਜਾਬ ਭਰ ਦੇ ਪੁਲਿਸ ਥਾਣਿਆਂ ਅੱਗੇ ਰੋਸ ਪ੍ਰਦਰਸ਼ਨ ਕੀਤੇ ਗਏ। ਇਸੇ ਲੜੀ ਤਹਿਤ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਥਾਣਾ ਲੱਖੇਵਾਲੀ ਦੇ ਬਾਹਰ ਰੋਸ ਧਰਨਾ ਦੇ ਕੇ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ।
ਪੁਲਿਸ ਥਾਣਾ ਲੱਖੇਵਾਲੀ ਮੂਹਰੇ ਰੋਸ ਧਰਨੇ ਦੌਰਾਨ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਕਿਸਾਨ ਅਤੇ ਮਜ਼ਦੂਰ। ਤਸਵੀਰ: ਮਿਲਖ ਰਾਜ
29-10-2026