ਬੱਚਿਆਂ ਦੀ ਸੁਰੱਖਿਆ ਸਮਾਜ ਦੀ ਸਾਂਝੀ ਜ਼ਿੰਮੇਵਾਰੀ-ਅਸ਼ਮੀਤਾ ਰੋਮਾਣਾ
ਸ੍ਰੀ ਮੁਕਤਸਰ ਸਾਹਿਬ, 31 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸੁਰੱਖਿਅਤ ਬਚਪਨ ਮੁਹਿੰਮ ਤਹਿਤ ਸਰਕਾਰੀ ਪ੍ਰਾਇਮਰੀ ਸਕੂਲ ਦਸਮੇਸ਼ ਨਗਰ ਵਾਰਡ ਨੰਬਰ 9 ਅਤੇ ਸਰਕਾਰੀ ਪ੍ਰਾਇਮਰੀ ਸਕੂਲ ਉਦੇਕਰਨ ਵਿਖੇ ਬੱਚਿਆਂ ਨੂੰ ਉਨ੍ਹਾਂ ਦੇ ਕਾਨੂੰਨੀ ਅਧਿਕਾਰਾਂ ਤੇ ਸੁਰੱਖਿਆ ਪ੍ਰਤੀ ਜਾਗਰੂਕ ਕਰਨ ਲਈ ਵਿਸ਼ੇਸ਼ ਪ੍ਰੋਗਰਾਮ ਕਰਵਾਏ ਗਏ। ਇਨ੍ਹਾਂ ਪ੍ਰੋਗਰਾਮਾਂ ਦੀ ਪ੍ਰਧਾਨਗੀ ਜੁਡੀਸ਼ੀਅਲ ਮੈਜਿਸਟ੍ਰੇਟ ਦਰਜਾ ਪਹਿਲਾ ਸ੍ਰੀ ਮੁਕਤਸਰ ਸਾਹਿਬ ਅਸ਼ਮੀਤਾ ਰੋਮਾਣਾ ਨੇ ਕੀਤੀ।
ਸ੍ਰੀ ਮੁਕਤਸਰ ਸਾਹਿਬ, 31 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸੁਰੱਖਿਅਤ ਬਚਪਨ ਮੁਹਿੰਮ ਤਹਿਤ ਸਰਕਾਰੀ ਪ੍ਰਾਇਮਰੀ ਸਕੂਲ ਦਸਮੇਸ਼ ਨਗਰ ਵਾਰਡ ਨੰਬਰ 9 ਅਤੇ ਸਰਕਾਰੀ ਪ੍ਰਾਇਮਰੀ ਸਕੂਲ ਉਦੇਕਰਨ ਵਿਖੇ ਬੱਚਿਆਂ ਨੂੰ ਉਨ੍ਹਾਂ ਦੇ ਕਾਨੂੰਨੀ ਅਧਿਕਾਰਾਂ ਤੇ ਸੁਰੱਖਿਆ ਪ੍ਰਤੀ ਜਾਗਰੂਕ ਕਰਨ ਲਈ ਵਿਸ਼ੇਸ਼ ਪ੍ਰੋਗਰਾਮ ਕਰਵਾਏ ਗਏ। ਇਨ੍ਹਾਂ ਪ੍ਰੋਗਰਾਮਾਂ ਦੀ ਪ੍ਰਧਾਨਗੀ ਜੁਡੀਸ਼ੀਅਲ ਮੈਜਿਸਟ੍ਰੇਟ ਦਰਜਾ ਪਹਿਲਾ ਸ੍ਰੀ ਮੁਕਤਸਰ ਸਾਹਿਬ ਅਸ਼ਮੀਤਾ ਰੋਮਾਣਾ ਨੇ ਕੀਤੀ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਬੱਚੇ ਦੇਸ਼ ਦਾ ਭਵਿੱਖ ਹਨ ਅਤੇ ਉਨ੍ਹਾਂ ਦੀ ਸੁਰੱਖਿਆ, ਸਨਮਾਨ ਤੇ ਅਧਿਕਾਰਾਂ ਦੀ ਰਾਖੀ ਕਰਨਾ ਸਮਾਜ ਦੇ ਹਰ ਵਰਗ ਦੀ ਸਾਂਝੀ ਜ਼ਿੰਮੇਵਾਰੀ ਹੈ। ਬੱਚਿਆਂ ਨੂੰ ਆਪਣੇ ਅਧਿਕਾਰਾਂ ਪ੍ਰਤੀ ਜਾਗਰੂਕ ਕਰਨ ਦੇ ਨਾਲ-ਨਾਲ ਕਿਸੇ ਵੀ ਤਰ੍ਹਾਂ ਦੇ ਸੋਸ਼ਣ, ਛੇੜਛਾੜ ਤੇ ਗ਼ਲਤ ਵਿਹਾਰ ਵਿਰੁੱਧ ਆਵਾਜ਼ ਉਠਾਉਣ ਦੇ ਯੋਗ ਬਣਾਉਣਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਗੁੱਡ ਟੱਚ ਅਤੇ ਬੈਡ ਟੱਚ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਦੱਸਿਆ ਕਿ ਜੇਕਰ ਕੋਈ ਵਿਅਕਤੀ ਉਨ੍ਹਾਂ ਨਾਲ ਗ਼ਲਤ ਵਿਹਾਰ ਕਰਦਾ ਹੈ ਤਾਂ ਇਸ ਨੂੰ ਨਜ਼ਰਅੰਦਾਜ਼ ਕਰਨ ਜਾਂ ਡਰਨ ਦੀ ਬਜਾਏ, ਤੁਰੰਤ ਆਪਣੇ ਮਾਪਿਆਂ ਤੇ ਅਧਿਆਪਕਾਂ ਨੂੰ ਜਾਣੂ ਕਰਵਾਉਣਾ ਚਾਹੀਦਾ ਹੈ। ਉਨ੍ਹਾਂ ਬੱਚਿਆਂ ਨੂੰ ਕੰਮਕਾਜ ਵਾਲੀਆਂ ਥਾਵਾਂ ’ਤੇ ਔਰਤਾਂ ਦੇ ਜਿਨਸੀ ਸ਼ੋਸ਼ਣ ਦੀ ਰੋਕਥਾਮ ਸੰਬੰਧੀ ਕਾਨੂੰਨ ਬਾਰੇ ਵੀ ਜਾਣਕਾਰੀ ਦਿੱਤੀ। ਇਸ ਦੇ ਨਾਲ ਹੀ ਦੱਸਿਆ ਕਿ ਬੱਚਿਆਂ ਨਾਲ ਸੰਬੰਧਿਤ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਜਾਂ ਸੋਸ਼ਣ ਦੀ ਸਥਿਤੀ ਵਿਚ ਮਦਦ ਲਈ ਟੋਲ ਫਰੀ ਨੰਬਰ 1098 ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਸਾਈਬਰ ਅਪਰਾਧ ਸਬੰਧੀ ਸ਼ਿਕਾਇਤ ਦਰਜ ਕਰਵਾਉਣ ਲਈ 1930 ਅਤੇ ਮੁਫ਼ਤ ਕਾਨੂੰਨੀ ਸਹਾਇਤਾ ਤੇ ਜਾਣਕਾਰੀ ਪ੍ਰਾਪਤ ਕਰਨ ਲਈ 15100 ਹੈਲ ਪਲਾਈਨ ਨੰਬਰ ਦੀ ਵਰਤੋਂ ਕੀਤੀ ਜਾ ਸਕਦੀ ਹੈ। ਇਸ ਮੌਕੇ ਬੱਚਿਆਂ ਨੂੰ ਜਾਗਰੂਕ ਕਰਨ ਲਈ ਜਾਣਕਾਰੀ ਭਰਪੂਰ ਸਾਹਿਤ ਵੀ ਵੰਡਿਆ ਗਿਆ। ਪ੍ਰੋਗਰਾਮਾਂ ਨੂੰ ਸਫ਼ਲ ਬਣਾਉਣ ਲਈ ਪੈਰਾ ਲੀਗਲ ਵਲੰਟੀਅਰ (ਪੀ.ਐਲ.ਵੀ.) ਜਸਵਿੰਦਰ ਕੌਰ ਵਲੋਂ ਵਿਸ਼ੇਸ਼ ਉਪਰਾਲੇ ਕੀਤੇ ਗਏ। ਸਕੂਲ ਪ੍ਰਬੰਧਕਾਂ ਨੇ ਕਿਹਾ ਕਿ ਸੁਰੱਖਿਅਤ ਬਚਪਨ ਮੁਹਿੰਮ ਦਾ ਮੁੱਖ ਉਦੇਸ਼ ਬੱਚਿਆਂ ਨੂੰ ਉਨ੍ਹਾਂ ਦੇ ਕਾਨੂੰਨੀ ਅਧਿਕਾਰਾਂ ਤੇ ਨਿੱਜੀ ਸੁਰੱਖਿਆ ਪ੍ਰਤੀ ਜਾਗਰੂਕ ਕਰਨਾ ਹੈ, ਤਾਂ ਜੋ ਉਹ ਕਿਸੇ ਵੀ ਅਣਸੁਖਾਵੀਂ ਸਥਿਤੀ ਵਿਚ ਆਪਣੀ ਰੱਖਿਆ ਲਈ ਸਹੀ ਕਦਮ ਚੁੱਕ ਸਕਣ। ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਸਮੱਸਿਆ ਜਾਂ ਗ਼ਲਤ ਵਿਵਹਾਰ ਦਾ ਸਾਹਮਣਾ ਕਰਨ ’ਤੇ ਚੁੱਪ ਰਹਿਣ ਦੀ ਬਜਾਏ, ਆਪਣੇ ਮਾਪਿਆਂ ਤੇ ਅਧਿਆਪਕਾਂ ਨਾਲ ਖੁੱਲ੍ਹ ਕੇ ਗੱਲ ਕਰਨ।