ਮਾਮਲਾ ਝੋਨੇ ਦੀ ਖ਼ਰੀਦ ਬੰਦ ਕਰਨ ਦਾ ਗਿੱਦੜਬਾਹਾ ਵਿਖੇ ਕਿਸਾਨ ਜਥੇਬੰਦੀਆਂ ਵਲੋਂ ਰਾਸ਼ਟਰੀ ਮਾਰਗ ਜਾਮ
ਗਿੱਦੜਬਾਹਾ, 28 ਨਵੰਬਰ (ਸ਼ਿਵਰਾਜ ਸਿੰਘ ਬਰਾੜ)-ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਝੋਨੇ ਦੀ ਖ਼ਰੀਦ ਨੂੰ ਲੈ ਕੇ ਗਿੱਦੜਬਾਹਾ ਵਿਖੇ ਰਾਸ਼ਟਰੀ ਮਾਰਗ ’ਤੇ ਰੋਸ ਧਰਨਾ ਦਿੰਦਿਆਂ ਸੜਕੀ ਰਸਤਾ ਜਾਮ ਕਰ ਦਿੱਤਾ। ਆਗੂਆਂ ਨੇ ਦੱਸਿਆ ਕਿ ਬੀਤੇ ਇਕ ਮਹੀਨੇ ਤੋਂ ਕਿਸਾਨ ਝੋਨੇ ਦੀ ਖ਼ਰੀਦ ਨੂੰ ਲੈ ਕੇ ਮੰਡੀਆਂ ਵਿਚ ਰਾਤਾਂ ਕੱਟਣ ਲਈ ਮਜ਼ਬੂਰ ਹਨ, ਜਿਸ ਕਰਕੇ ਝੋਨੇ ਦੀ ਜਲਦੀ ਖ਼ਰੀਦ ਕੀਤੀ ਜਾਵੇ।
ਗਿੱਦੜਬਾਹਾ, 28 ਨਵੰਬਰ (ਸ਼ਿਵਰਾਜ ਸਿੰਘ ਬਰਾੜ)-ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਝੋਨੇ ਦੀ ਖ਼ਰੀਦ ਨੂੰ ਲੈ ਕੇ ਗਿੱਦੜਬਾਹਾ ਵਿਖੇ ਰਾਸ਼ਟਰੀ ਮਾਰਗ ’ਤੇ ਰੋਸ ਧਰਨਾ ਦਿੰਦਿਆਂ ਸੜਕੀ ਰਸਤਾ ਜਾਮ ਕਰ ਦਿੱਤਾ। ਆਗੂਆਂ ਨੇ ਦੱਸਿਆ ਕਿ ਬੀਤੇ ਇਕ ਮਹੀਨੇ ਤੋਂ ਕਿਸਾਨ ਝੋਨੇ ਦੀ ਖ਼ਰੀਦ ਨੂੰ ਲੈ ਕੇ ਮੰਡੀਆਂ ਵਿਚ ਰਾਤਾਂ ਕੱਟਣ ਲਈ ਮਜ਼ਬੂਰ ਹਨ, ਜਿਸ ਕਰਕੇ ਝੋਨੇ ਦੀ ਜਲਦੀ ਖ਼ਰੀਦ ਕੀਤੀ ਜਾਵੇ। ਇਸ ਮੌਕੇ ਬਾਬਾ ਬੰਦਾ ਸਿੰਘ ਬਹਾਦਰ ਕਿਸਾਨ ਮਜ਼ਦੂਰ ਯੂਨੀਅਨ ਦੇ ਸੂਬਾ ਆਗੂ ਕੁਲਦੀਪ ਸਿੰਘ ਨੇਤਾ ਮਾਨ, ਭਾਕਿਯੂ ਮਾਲਵਾ ਦੇ ਜ਼ਿਲ੍ਹਾ ਪ੍ਰਧਾਨ ਕੁਲਵੀਰ ਸਿੰਘ ਜਟਾਣਾ, ਕੌਮੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰੈੱਸ ਸਕੱਤਰ ਰਾਜਿੰਦਰ ਸਿੰਘ, ਭਾਕਿਯੂ ਏਕਤਾ (ਉਗਰਾਹਾਂ) ਦੇ ਜ਼ਿਲ੍ਹਾ ਪ੍ਰਧਾਨ ਹਰਬੰਸ ਸਿੰਘ ਕੋਟਲੀ ਵਲੋਂ ਗਿੱਦੜਬਾਹਾ ਵਿਖੇ ਰਾਸ਼ਟਰੀ ਮਾਰਗ ’ਤੇ ਧਰਨਾ ਲਗਾ ਕੇ ਸੜਕੀ ਰਸਤਾ ਜਾਮ ਕੀਤਾ ਗਿਆ। ਕਿਸਾਨ ਆਗੂਆਂ ਨੇ ਕਿਹਾ ਕਿ ਹਲਕਾ ਗਿੱਦੜਬਾਹਾ ਦੀਆਂ ਮੰਡੀਆਂ ਵਿਚ ਝੋਨੇ ਦੀ ਖ਼ਰੀਦ ਕੁਝ ਦਿਨਾਂ ਤੋਂ ਬੰਦ ਹੋ ਜਾਣ ਨਾਲ ਕਿਸਾਨਾਂ ਵਿਚ ਹਾਹਾਕਾਰ ਮੱਚੀ ਹੋਈ ਹੈ। ਹਲਕੇ ਦੀਆਂ ਮੰਡੀਆਂ ਅਜੇ ਵੀ ਝੋਨਾ ਪਿਆ ਹੈ ਅਤੇ ਕਿਸਾਨ ਮੰਡੀਆਂ ਵਿਚ ਬੈਠੇ ਪ੍ਰੇਸ਼ਾਨ ਹਨ। ਮਾਰਕਿਟ ਕਮੇਟੀ ਗਿੱਦੜਬਾਹਾ ਅਧੀਨ ਆਉਂਦੀਆਂ ਅਨਾਜ ਮੰਡੀਆਂ ਵਿਚ ਝੋਨੇ ਦੀ ਖ਼ਰੀਦ ਬੰਦ ਹੋਣ ਉਪਰੰਤ ਬੀਤੇ ਦੋ-ਤਿੰਨ ਦਿਨਾਂ ਤੋਂ ਕਿਸਾਨ ਜਥੇਬੰਦੀਆਂ ਵਲੋਂ ਲਗਾਤਾਰ ਕਿਸਾਨਾਂ ਦੀ ਆਵਾਜ਼ ਚੁੱਕੀ ਜਾ ਰਹੀ ਹੈ। ਕਿਸਾਨ ਆਗੂ ਬਿੱਟੂ ਮੱਲਣ, ਹਰਬੰਸ ਸਿੰਘ ਕੋਟਲੀ ਅਤੇ ਕੁਲਦੀਪ ਸਿੰਘ ਨੇਤਾ ਮਾਨ ਦਾ ਕਹਿਣਾ ਸੀ ਕਿ ਹਲਕੇ ਦੀਆਂ ਕੁਝ ਮੰਡੀਆਂ ਵਿਚ ਝੋਨੇ ਦੀ ਖ਼ਰੀਦ ਬੰਦ ਕੀਤੀ ਜਾ ਚੁੱਕੀ ਹੈ। ਸਰਕਾਰ ਦਾ ਕੋਈ ਵੀ ਨੁਮਾਇੰਦਾ ਦਾਣਾ ਮੰਡੀਆਂ ਵਿਚ ਕਿਸਾਨਾਂ ਦੀ ਸਾਰ ਲੈਣ ਨਹੀਂ ਪਹੁੰਚਿਆ ਅਤੇ ਵੋਟਾਂ ਲੈਣ ਲਈ ਘਰ-ਘਰ ਆ ਜਾਂਦੇ ਹਨ। ਖ਼ਰੀਦ ਏਜੰਸੀਆਂ ਤੇ ਸ਼ੈਲਰ ਮਾਲਕਾਂ ਦੀ ਕਥਿਤ ਮਿਲੀਭੁਗਤ ਨਾਲ ਝੋਨੇ ’ਤੇ ਕਾਟ ਲਗਾ ਕੇ ਕਿਸਾਨਾਂ ਦੀ ਲੁੱਟ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਹਲਕੇ ਦੇ ਉਚ ਅਧਿਕਾਰੀ ਕਿਸਾਨਾਂ ਦੀਆਂ ਮੁਸ਼ਕਿਲਾਂ ਸੁਣਨ ਲਈ ਤਿਆਰ ਨਹੀਂ ਹਨ ਅਤੇ ਜਦੋਂ ਤੱਕ ਕਿਸਾਨਾਂ ਦੇ ਝੋਨੇ ਦਾ ਦਾਣਾ-ਦਾਣਾ ਮੰਡੀਆਂ ਵਿਚੋਂ ਚੁੱਕਿਆ ਨਹੀਂ ਜਾਂਦਾ, ਤਾਂ ਜਥੇਬੰਦੀਆਂ ਸੰਘਰਸ਼ ਕਰਦੀਆਂ ਰਹਿਣਗੀਆਂ। ਇਸ ਦੌਰਾਨ ਮਾਰਕਿਟ ਕਮੇਟੀ ਦੇ ਸਕੱਤਰ ਅਨਿੱਲ ਖੁੰਗਰ ਨੇ ਕਿਸਾਨਾਂ ਨੂੰ 2-3 ਦਿਨਾਂ ਵਿਚ ਝੋਨੇ ਦੀ ਖ਼ਰੀਦ ਕਰਨ ਦੇ ਵਿਸ਼ਵਾਸ ਉਪਰੰਤ ਕਿਸਾਨ ਜਥੇਬੰਦੀਆਂ ਵਲੋਂ ਰੋਸ ਧਰਨਾ ਚੁੱਕਿਆ ਗਿਆ। ਇਸ ਮੌਕੇ ਜਥੇਬੰਦੀਆਂ ਦੇ ਆਗੂ ਅਤੇ ਹੋਰ ਕਿਸਾਨ ਹਾਜ਼ਰ ਸਨ।