ਮਾਨਸਾ, 22 ਜਨਵਰੀ (ਰਵੀ)-ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਵਲੋਂ ਹਰਪਾਲ ਸਿੰਘ ਚੀਮਾ ਵਿੱਤ ਮੰਤਰੀ ਪੰਜਾਬ ਦੇ ਹਲਕੇ ਦਿੜਬਾ 'ਚ 24 ਜਨਵਰੀ ਨੂੰ ਰੋਸ ਧਰਨਾ ਲਗਾਇਆ ਜਾ ਰਿਹਾ ਹੈ | ਫ਼ਰਦ ਕੇਂਦਰ ਕੰਪਿਊਟਰ ਅਪਰੇਟਰ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਰਮਨਦੀਪ ਸਿੰਘ ਨੇ ਦੱਸਿਆ ਕਿ ਵੱਖ-ਵੱਖ ਸਰਕਾਰੀ ਵਿਭਾਗਾਂ 'ਚ ਲੰਬੇ ਸਮੇਂ ਤੋਂ ਕੱਚੇ ਕਾਮਿਆਂ ਦਾ ਸਮੇਂ ਦੀਆਂ ਹਕੂਮਤਾਂ ਨੇ ਆਰਥਿਕ ਤੇ ਮਾਨਸਿਕ ਸ਼ੋਸ਼ਣ ਕੀਤਾ ਹੈ | ਉਨ੍ਹਾਂ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਨੇ ਵਿਧਾਨ ਸਭਾ ਚੋਣਾਂ ਮੌਕੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਵਾਅਦਾ ਕੀਤਾ ਸੀ, ਜੋ ਹਾਲੇ ਤੱਕ ਵਫ਼ਾ ਨਹੀਂ ਹੋਇਆ | ਉਨ੍ਹਾਂ ਕਿਹਾ ਕਿ ਕੱਲ੍ਹ ਦੇ ਧਰਨੇ ਸੰਬੰਧੀ ਘਰ-ਘਰ ਜਾ ਕੇ ਲਾਮਬੰਦੀ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਵਿਸ਼ਾਲ ਇਕੱਠ ਹੋ ਸਕੇ | ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਮੁਲਾਜ਼ਮਾਂ ਨੂੰ ਪੱਕਾ ਨਾ ਕੀਤਾ ਗਿਆ ਤਾਂ ਸੰਘਰਸ਼ ਤਿੱਖਾ ਕੀਤਾ ਜਾਵੇਗਾ |