ਮਾਨਸਾ, 18 ਫਰਵਰੀ (ਗੁਰਚੇਤ ਸਿੰਘ ਫੱਤੇਵਾਲੀਆ)- ਭੱਠਾ ਮਜ਼ਦੂਰਾਂ ਵਲੋਂ ਭਖਦੀਆਂ ਮੰਗਾਂ ਨੂੰ ਲੈ ਕੇ ਸਥਾਨਕ ਡਿਪਟੀ ਕਮਿਸ਼ਨਰ ਦਫ਼ਤਰ ਨੇੜੇ ਧਰਨਾ ਲਗਾ ਕੇ ਪੰਜਾਬ ਸਰਕਾਰ ਖ਼ਿਲਾਫ਼ ਤਿੱਖੀ ਨਾਅਰੇਬਾਜ਼ੀ ਕੀਤੀ ਗਈ | ਧਰਨੇ 'ਚ ਮਾਨਸਾ ਤੋਂ ਇਲਾਵਾ ਸੰਗਰੂਰ, ਬਠਿੰਡਾ ਤੇ ਬਰਨਾਲਾ ਜ਼ਿਲਿ੍ਹਆਂ ਦੇ ਮਜ਼ਦੂਰਾਂ ਨੇ ਵੱਡੀ ਗਿਣਤੀ 'ਚ ਸ਼ਿਰਕਤ ਕੀਤੀ | ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਕੁਲਦੀਪ ਸਿੰਘ ਕੋਟਧਰਮੂ ਨੇ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਭੱਠਾ ਮਜ਼ਦੂਰਾਂ ਦੀਆਂ ਮੰਗਾਂ ਪ੍ਰਤੀ ਗੰਭੀਰ ਨਹੀਂ, ਜਿਸ ਕਰ ਕੇ ਮਜਬੂਰਨ ਧਰਨੇ/ਮੁਜ਼ਾਹਰੇ ਕਰਨੇ ਪੈ ਰਹੇ ਹਨ | ਉਨ੍ਹਾਂ ਕਿਹਾ ਕਿ ਮਜ਼ਦੂਰਾਂ ਨੂੰ ਕਿਰਤ ਕਮਿਸ਼ਨਰ ਵਲੋਂ ਤੈਅ ਕੀਤੇ ਕਾਨੂੰਨਨ ਰੇਟਾਂ ਤੋਂ ਘੱਟ ਮਿਹਨਤਾਨਾ ਦਿੱਤਾ ਜਾ ਰਿਹਾ ਹੈ, ਜੋ ਕਿ ਗ਼ੈਰਕਾਨੰੂਨੀ ਹੈ ਅਤੇ ਹਜ਼ਾਰਾਂ ਪਰਿਵਾਰਾਂ ਨਾਲ ਅਨਿਆਂ ਹੈ | ਭੱਠਿਆਂ 'ਤੇ ਪੀਣ ਯੋਗ ਪਾਣੀ ਨਹੀਂ ਦਿੱਤਾ ਜਾ ਰਿਹਾ | ਉਨ੍ਹਾਂ ਕਿਹਾ ਕਿ ਉਹ ਪਿਛਲੇ ਲੰਬੇ ਸਮੇਂ ਤੋਂ ਰੋਸ ਪ੍ਰਦਰਸ਼ਨ ਕਰਦੇ ਆ ਰਹੇ ਹਨ ਪਰ ਹਾਲੇ ਤੱਕ ਉਨ੍ਹਾਂ ਦੀਆਂ ਮੰਗਾਂ ਨੂੰ ਬੂਰ ਨਹੀਂ ਪਿਆ | ਆਗੂ ਨੇ ਦੱਸਿਆ ਕਿ ਜ਼ਿਲੇ੍ਹ ਦੇ ਸੀਨੀਅਰ ਅਧਿਕਾਰੀਆਂ ਨੂੰ ਮੰਗ ਪੱਤਰ ਦੇਣ ਦੇ ਬਾਵਜੂਦ ਪਰਨਾਲਾ ਜਿਉਂ ਦਾ ਤਿਉਂ ਹੈ | ਉਨ੍ਹਾਂ ਕਿਹਾ ਕਿ ਜੇਕਰ ਮੰਗਾਂ ਦਾ ਜਲਦ ਹੱਲ ਨਾ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ 'ਚ ਪੰਜਾਬ ਭਰ 'ਚ ਸੰਘਰਸ਼ ਹੋਰ ਤੇਜ਼ ਕੀਤੇ ਜਾਣਗੇ | ਪੂਰੇ ਦਿਨ ਚੱਲੇ ਧਰਨੇ ਦੇ ਸ਼ਾਮ ਸਮੇਂ ਅਧਿਕਾਰੀਆਂ ਵਲੋਂ 23 ਫਰਵਰੀ ਨੂੰ ਮਜ਼ਦੂਰਾਂ ਤੇ ਭੱਠਾ ਮਾਲਕਾਂ ਵਿਚਕਾਰ ਮੀਟਿੰਗ ਕਰਵਾਉਣ ਦੇ ਦਿੱਤੇ ਭਰੋਸੇ ਉਪਰੰਤ ਧਰਨਾ ਚੁੱਕਿਆ ਗਿਆ | ਉਨ੍ਹਾਂ ਦੱਸਿਆ ਕਿ ਉਕਤ ਤਿੰਨੇ ਜ਼ਿਲਿ੍ਹਆਂ 'ਚ ਕੱਚੀ ਭਰਾਈ ਦਾ ਕੰਮ ਬੰਦ ਰੱਖਿਆ ਜਾਵੇਗਾ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸੋਨੂੰ ਖਾਨ, ਪ੍ਰਗਟ ਸਿੰਘ, ਗੁਰਜੀਤ ਸਿੰਘ, ਦਿਲਾਵਰ ਖਾਨ ਸੰਗਰੂਰ ਤੋਂ ਇਲਾਵਾ ਰਾਜਵਿੰਦਰ ਸਿੰਘ ਰਾਣਾ ਅਤੇ ਐਡਵੋਕੇਟ ਲਖਵਿੰਦਰ ਸਿੰਘ ਲਖਨਪਾਲ ਆਦਿ ਹਾਜ਼ਰ ਸਨ |
ਭੱਠਾ ਮਜ਼ਦੂਰਾਂ ਨੇ ਭਖਦੀਆਂ ਮੰਗਾਂ ਮਨਵਾਉਣ ਲਈ ਡੀ.ਸੀ. ਦਫ਼ਤਰ ਨੇੜੇ ਲਗਾਇਆ ਧਰਨਾ
ਅਜੀਤ ਡੈਸਕ
19-02-2026