ਮਾਨਸਾ, 7 ਮਈ (ਗੁਰਚੇਤ ਸਿੰਘ ਫੱਤੇਵਾਲੀਆ)- ਲੋਕਾਂ ਨੂੰ ਪ੍ਰਸ਼ਾਸਨਿਕ ਸੇਵਾਵਾਂ ਸੁਚਾਰੂ, ਸਮਾਂ ਬੱਧ ਅਤੇ ਪਾਰਦਰਸ਼ੀ ਢੰਗ ਨਾਲ ਮੁਹੱਈਆ ਕਰਵਾਉਣ 'ਚ ਮਾਨਸਾ ਜ਼ਿਲ੍ਹਾ ਪੰਜਾਬ 'ਚੋਂ ਦੂਸਰੇ ਸਥਾਨ 'ਤੇ ਹੈ | ਬੀਤੇ ਸਾਲ 'ਚ ਈ-ਸੇਵਾ ਪੋਰਟਲ 'ਤੇ 99.37 ਫ਼ੀਸਦੀ ਦਰਖਾਸਤਾਂ ਦਾ ਸਫਲਤਾਪੂਰਵਕ ਨਿਪਟਾਰਾ ਕੀਤਾ ਗਿਆ ਹੈ | ਇਹ ਜਾਣਕਾਰੀ ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਸੇਵਾ ਕੇਂਦਰਾਂ ਦੇ ਕੰਮਕਾਜ ਦੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਦੌਰਾਨ ਦਿੱਤੀ | ਉਨ੍ਹਾਂ ਕਿਹਾ ਕਿ ਈ-ਸੇਵਾ ਪੋਰਟਲ ਰਾਹੀਂ ਪ੍ਰਾਪਤ ਹੋਈਆਂ ਅਰਜ਼ੀਆਂ ਦਾ ਨਾਲੋ-ਨਾਲ ਨਿਪਟਾਰਾ ਕਰਨਾ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਮਿਹਨਤ ਦਾ ਨਤੀਜਾ ਹੈ | ਉਨ੍ਹਾਂ ਅਧਿਕਾਰੀਆਂ/ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਬਕਾਇਆ ਮਾਮਲਿਆਂ ਨੂੰ ਨਿਰਧਾਰਿਤ ਸਮੇਂ ਦੇ ਅੰਦਰ-ਅੰਦਰ ਹੱਲ ਕੀਤਾ ਜਾਵੇ ਤਾਂ ਜੋ ਨਾਗਰਿਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ | ਡੀ.ਸੀ. ਨੇ ਸਪੱਸ਼ਟ ਕੀਤਾ ਕਿ ਸੇਵਾ ਕੇਂਦਰਾਂ 'ਚ ਲੋਕਾਂ ਨਾਲ ਨਿਮਰਤਾ ਨਾਲ ਪੇਸ਼ ਆਇਆ ਜਾਵੇ | ਉਨ੍ਹਾਂ ਸਮੂਹ ਉਪ ਮੰਡਲ ਮੈਜਿਸਟਰੇਟਾਂ ਨੂੰ ਨਿਰਦੇਸ਼ ਦਿੱਤੇ ਕਿ ਉਹ ਨਿੱਜੀ ਤੌਰ 'ਤੇ ਕੇਸਾਂ ਦੀ ਨਿਗਰਾਨੀ ਕਰਨ ਤਾਂ ਜੋ ਕੋਈ ਵੀ ਦਰਖਾਸਤ ਸਮਾਂ ਸੀਮਾ ਤੋਂ ਪਾਰ ਨਾ ਹੋਵੇ | ਇਸ ਮੌਕੇ ਏ.ਡੀ.ਸੀ. ਅਨੁਪਿ੍ਤਾ ਜੌਹਲ, ਐਸ.ਡੀ.ਐਮ. ਬਲਜੀਤ ਕੌਰ, ਗਗਨਦੀਪ ਸਿੰਘ, ਹਰਜਿੰਦਰ ਸਿੰਘ ਜੱਸਲ ਕ੍ਰਮਵਾਰ ਮਾਨਸਾ, ਬੁਢਲਾਡਾ ਤੇ ਸਰਦੂਲਗੜ੍ਹ ਸਮੇਤ ਸੇਵਾ ਕੇਂਦਰਾਂ ਦੇ ਅਧਿਕਾਰੀ ਹਾਜ਼ਰ ਸਨ |