ਮਾਨਸਾ, 17 ਮਈ (ਰਾਵਿੰਦਰ ਸਿੰਘ ਰਵੀ)- 26 ਮਈ ਨੂੰ ਹੋਣ ਜਾ ਰਹੀਆਂ ਨਗਰ ਕੌਂਸਲ ਤੇ ਨਗਰ ਪੰਚਾਇਤ ਚੋਣਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਚੋਣ ਅਮਲੇ ਦੀ ਪਹਿਲੀ ਰਿਹਰਸਲ ਸਫਲਤਾਪੂਰਵਕ ਕਰਵਾਈ ਗਈ | ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਦੱਸਿਆ ਕਿ ਨਗਰ ਕੌਂਸਲ ਮਾਨਸਾ ਲਈ ਸਥਾਨਕ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ, ਨਗਰ ਪੰਚਾਇਤ ਜੋਗਾ ਲਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਜੋਗਾ, ਨਗਰ ਕੌਂਸਲ ਬੁਢਲਾਡਾ ਲਈ ਕਿ੍ਸ਼ਨਾ ਕਾਲਜ ਰੱਲੀ, ਨਗਰ ਪੰਚਾਇਤ ਬੋਹਾ ਲਈ ਸ਼ਹੀਦ ਜਗਸੀਰ ਸਿੰਘ ਸਕੂਲ ਆਫ਼ ਐਮੀਨੈਂਸ ਬੋਹਾ ਅਤੇ ਨਗਰ ਕੌਂਸਲ ਬਰੇਟਾ ਲਈ ਸ਼ਹੀਦ ਬਾਬਾ ਨੰਦ ਸਿੰਘ ਪੋਲੀਟੈਕਨਿਕ ਕਾਲਜ ਬਰੇਟਾ ਵਿਖੇ ਰਿਹਰਸਲ ਹੋਈ | ਉਨ੍ਹਾਂ ਸਮੂਹ ਚੋਣ ਅਮਲੇ ਅਤੇ ਅਧਿਕਾਰੀਆਂ ਨੂੰ ਸਖ਼ਤ ਆਦੇਸ਼ ਜਾਰੀ ਕਰਦਿਆਂ ਕਿਹਾ ਕਿ ਚੋਣਾਂ ਦੌਰਾਨ ਕਿਸੇ ਵੀ ਪੱਧਰ 'ਤੇ ਕੋਈ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਉਨ੍ਹਾਂ ਹੁਕਮ ਦਿੱਤੇ ਕਿ ਸਮੁੱਚੀ ਚੋਣ ਪ੍ਰਕਿਰਿਆ ਨੂੰ ਪੂਰੀ ਤਰ੍ਹਾਂ ਪਾਰਦਰਸ਼ੀ, ਨਿਰਪੱਖ ਅਤੇ ਭੈਅ-ਮੁਕਤ ਮਾਹੌਲ 'ਚ ਨੇਪਰੇ ਚਾੜਿ੍ਹਆ ਜਾਵੇ | ਹਰੇਕ ਅਧਿਕਾਰੀ ਅਤੇ ਕਰਮਚਾਰੀ ਆਪਣੀ ਡਿਊਟੀ ਬਿਨਾਂ ਕਿਸੇ ਪੱਖਪਾਤ ਤੇ ਪੂਰੀ ਇਮਾਨਦਾਰੀ ਨਾਲ ਨਿਭਾਏ ਤਾਂ ਜੋ ਲੋਕਤੰਤਰ ਦੀ ਮਰਿਆਦਾ ਨੂੰ ਕਾਇਮ ਰੱਖਿਆ ਜਾ ਸਕੇ | ਉਨ੍ਹਾਂ ਦੱਸਿਆ ਕਿ ਰਿਹਰਸਲਾਂ ਦੌਰਾਨ ਚੋਣ ਸਟਾਫ਼ ਨੂੰ ਵੋਟਿੰਗ ਪ੍ਰਕਿਰਿਆ ਦੀਆਂ ਤਕਨੀਕੀ ਬਾਰੀਕੀਆਂ, ਨਿਯਮਾਂ ਅਤੇ ਵੋਟਾਂ ਵਾਲੇ ਦਿਨ ਰੱਖੀਆਂ ਜਾਣ ਵਾਲੀਆਂ ਸਾਵਧਾਨੀਆਂ ਬਾਰੇ ਤਕਨੀਕੀ ਸਿਖਲਾਈ ਦਿੱਤੀ ਜਾ ਰਹੀ ਹੈ, ਤਾਂ ਜੋ ਪੋਲਿੰਗ ਦੌਰਾਨ ਕਿਸੇ ਵੀ ਮੁਸ਼ਕਿਲ ਤੋਂ ਬਚਿਆ ਜਾ ਸਕੇ | ਉਨ੍ਹਾਂ ਦੱਸਿਆ ਕਿ ਆਉਣ ਵਾਲੇ ਦਿਨਾਂ 'ਚ ਅਗਲੀਆਂ ਰਿਹਰਸਲਾਂ ਰਾਹੀਂ ਸਿਖਲਾਈ ਨੂੰ ਹੋਰ ਪੁਖ਼ਤਾ ਕੀਤਾ ਜਾਵੇਗਾ |