ਕਪੂਰਥਲਾ, 20 ਜਨਵਰੀ (ਵਿਸ਼ੇਸ਼ ਪ੍ਰਤੀਨਿਧ)-ਗਣਤੰਤਰ ਦਿਵਸ ਦੇ ਸਬੰਧ ਵਿਚ 26 ਜਨਵਰੀ ਨੂੰ ਗੁਰੂ ਨਾਨਕ ਸਟੇਡੀਅਮ ਕਪੂਰਥਲਾ ਵਿਚ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਨੂੰ ਸਫਲ ਬਣਾਉਣ ਲਈ ਅਧਿਕਾਰੀ ਤੇ ਕਰਮਚਾਰੀ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ | ਇਹ ਗੱਲ ਨਵਨੀਤ ਕੌਰ ਬੱਲ ਵਧੀਕ ਡਿਪਟੀ ਕਮਿਸ਼ਨਰ ਜਨਰਲ ਨੇ ਗੁਰੂ ਨਾਨਕ ਸਟੇਡੀਅਮ ਵਿਚ ਕਰਵਾਏ ਜਾ ਰਹੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਸਬੰਧੀ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਇਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਹੀ | ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਸਮਾਗਮ ਵਾਲੇ ਸਥਾਨ ਦੀ ਸਾਫ਼ ਸਫ਼ਾਈ, ਸਜਾਵਟ, ਪ੍ਰਮੁੱਖ ਚੌਂਕਾਂ ਦੀ ਸਜਾਵਟ, ਪੀਣ ਵਾਲੇ ਪਾਣੀ ਤੇ ਸਮਾਗਮ ਵਿਚ ਸ਼ਾਮਲ ਹੋਣ ਵਾਲੇ ਲੋਕਾਂ ਲਈ ਬੈਠਣ ਦਾ ਪ੍ਰਬੰਧ, ਨਿਰਵਿਘਨ ਬਿਜਲੀ ਸਪਲਾਈ, ਮੈਡੀਕਲ ਟੀਮਾਂ ਦੀ ਤਾਇਨਾਤੀ, ਫਾਇਰ ਬਿ੍ਗੇਡ, ਰਿਫਰੈਸ਼ਮੈਂਟ ਸਮੇਤ ਹੋਰ ਲੋੜੀਂਦੇ ਕੰਮ ਸਮੇਂ ਸਿਰ ਮੁਕੰਮਲ ਕੀਤੇ ਜਾਣ | ਨਵਨੀਤ ਕੌਰ ਬੱਲ ਨੇ ਕਿਹਾ ਕਿ ਗਣਤੰਤਰ ਦਿਵਸ ਸਬੰਧੀ ਰਿਹਰਸਲ 21 ਜਨਵਰੀ, 23 ਜਨਵਰੀ ਨੂੰ ਤੇ 24 ਜਨਵਰੀ ਨੂੰ ਫ਼ੁਲ ਡਰੈੱਸ ਰਿਹਰਸਲ ਹੋਵੇਗੀ | ਉਨ੍ਹਾਂ ਕਿਹਾ ਕਿ ਫ਼ੁਲ ਡਰੈੱਸ ਰਿਹਰਸਲ ਮੌਕੇ ਪੰਜਾਬ ਪੁਲਿਸ, ਅਰਧ ਸੈਨਿਕ ਬੱਲ, ਐਨ.ਸੀ.ਸੀ. ਕੈਡਿਟਾਂ ਵਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਜਾਵੇਗਾ ਤੇ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵਲੋਂ ਪੀ.ਟੀ.ਸ਼ੋਅ ਤੇ ਦੇਸ਼ ਭਗਤੀ ਨੂੰ ਦਰਸਾਉਂਦਾ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ | ਇਸ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਵਲੋਂ ਦੀ ਪ੍ਰਗਤੀ ਨੂੰ ਦਰਸਾਉਂਦੀਆਂ ਝਾਕੀਆਂ ਵੀ ਕੱਢੀਆਂ ਜਾਣਗੀਆਂ | ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਸਮਾਗਮ ਵਿਚ ਅਮਿਤ ਕੁਮਾਰ ਪੰਚਾਲ ਡਿਪਟੀ ਕਮਿਸ਼ਨਰ ਕੌਮੀ ਝੰਡਾ ਲਹਿਰਾਉਣਗੇ | ਮੀਟਿੰਗ ਵਿਚ ਵਰਿੰਦਰਪਾਲ ਸਿੰਘ ਬਾਜਵਾ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ), ਗੁਰਪ੍ਰੀਤ ਸਿੰਘ ਗਿੱਲ ਐਸ.ਪੀ. ਹੈੱਡ ਕੁਆਰਟਰ, ਵਿਸ਼ਾਲ ਵਟਸ ਸਹਾਇਕ ਕਮਿਸ਼ਨਰ ਤੋਂ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ |