ਭੁਲੱਥ, 20 ਜਨਵਰੀ (ਮੇਹਰ ਚੰਦ ਸਿੱਧੂ)-ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੀ ਇਕ ਮੀਟਿੰਗ ਯੂਨੀਅਨ ਦੇ ਸੂਬਾਈ ਆਗੂ ਗੁਰਪ੍ਰੀਤ ਸਿੰਘ ਚੀਦਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਵਲੋਂ ਸਾਂਝੇ ਤੌਰ 'ਤੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਪ੍ਰਧਾਨ ਮੁਕੇਸ਼ ਮਲੋਦ ਦੀ ਰਿਹਾਈ ਲਈ 27 ਜਨਵਰੀ ਨੂੰ ਮੁੱਖ ਮੰਤਰੀ ਦੀ ਸੰਗਰੂਰ ਸਥਿਤ ਕੋਠੀ ਮੂਹਰੇ ਦਿੱਤੇ ਜਾਣ ਵਾਲੇ ਧਰਨੇ ਵਿਚ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨ ਦਾ ਫੈਸਲਾ ਲਿਆ ਗਿਆ | ਮੀਟਿੰਗ ਨੂੰ ਸੰਬੋਧਨ ਕਰਦਿਆਂ ਗੁਰਪ੍ਰੀਤ ਸਿੰਘ ਚੀਦਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਮ ਲੋਕਾਂ ਤੋਂ ਜ਼ਮੀਨਾਂ ਖੋਹ ਕੇ ਕਾਰਪੋਰੇਟ ਘਰਾਣਿਆਂ ਤੇ ਜਗੀਰਦਾਰਾਂ ਨੂੰ ਦੇਣਾ ਚਾਹੁੰਦੀ ਹੈ ਤੇ ਇਸੇ ਕੜੀ ਤਹਿਤ ਹੀ ਸੰਗਰੂਰ ਜ਼ਿਲ੍ਹੇ ਅੰਦਰ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ 'ਤੇ ਅਣਐਲਾਨੀ ਐਮਰਜੈਂਸੀ ਲਗਾ ਕੇ ਕਮੇਟੀ ਨਾਲ ਸਬੰਧਿਤ ਸੈਂਕੜੇ ਔਰਤਾਂ ਤੇ ਹੋਰ ਕਾਰਕੁਨਾ 'ਤੇ ਝੂਠੇ ਕੇਸ ਦਰਜ ਕੀਤੇ ਗਏ ਹਨ | ਉਨ੍ਹਾਂ ਕਿਹਾ ਕਿ ਸੰਘਰਸ਼ ਕਮੇਟੀ ਦੇ ਪ੍ਰਧਾਨ ਨੂੰ ਗਿ੍ਫ਼ਤਾਰ ਕਰਕੇ ਜੇਲ੍ਹ ਵਿਚ ਬੰਦ ਕੀਤਾ ਹੋਇਆ ਹੈ ਤਾਂ ਜੋ ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਸੰਘਰਸ਼ ਨੂੰ ਕਮਜ਼ੋਰ ਕੀਤਾ ਜਾ ਸਕੇ | ਗੁਰਪ੍ਰੀਤ ਸਿੰਘ ਚੀਦਾ ਨੇ ਮਜ਼ਦੂਰ ਆਗੂਆਂ ਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਇਸ ਧਰਨੇ ਵਿਚ ਵੱਧ ਚੜ੍ਹ ਕੇ ਸ਼ਾਮਲ ਹੋਣ | ਮੀਟਿੰਗ ਵਿਚ ਤਹਿਸੀਲ ਆਗੂ ਨਾਵਲ ਗਿੱਲ ਟਾਹਲੀ, ਅਮਰੀਕ ਸਿੰਘ ਬੂਲੇਵਾਲ, ਬਚਨ ਜੈਦ, ਹਰਜਿੰਦਰ ਚੱਕੋਕੀ, ਗੁਰਪ੍ਰੀਤ ਸਿੰਘ, ਜਸਵਿੰਦਰ ਸਿੰਘ, ਮੰਗਤ ਰਾਮ, ਮਨਪ੍ਰੀਤ ਸਿੰਘ ਆਦਿ ਆਗੂ ਹਾਜ਼ਰ ਸਨ |