ਕਪੂਰਥਲਾ, 22 ਜਨਵਰੀ (ਅਮਰਜੀਤ ਕੋਮਲ)-ਭਾਜਪਾ ਦੇ ਐੱਸ. ਸੀ. ਮੋਰਚੇ ਦੇ ਮੰਡਲ ਦੋ ਦੇ ਪ੍ਰਧਾਨ ਗੌਰਵ ਨਾਹਰ ਗੋਲਡੀ ਨੇ ਭਾਜਪਾ ਨੂੰ ਅਲਵਿਦਾ ਕਹਿ ਕੇ ਸ਼ੋ੍ਰਮਣੀ ਅਕਾਲੀ ਦਲ ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ | ਇਸ ਮੌਕੇ ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਦਲਵਿੰਦਰ ਸਿੰਘ ਸਿੱਧੂ ਤੇ ਹਲਕਾ ਇੰਚਾਰਜ ਐੱਚ. ਐੱਸ. ਵਾਲੀਆ ਨੇ ਗੌਰਵ ਨਾਹਰ ਗੋਲਡੀ ਨੂੰ ਸਿਰੋਪਾ ਦੇ ਕੇ ਸਨਮਾਨਿਤ ਕੀਤਾ ਤੇ ਨਾਲ ਹੀ ਉਨ੍ਹਾਂ ਨੂੰ ਸ਼ੋ੍ਰਮਣੀ ਅਕਾਲੀ ਦਲ ਦੇ ਐੱਸ. ਸੀ. ਵਿੰਗ ਦਾ ਜ਼ਿਲ੍ਹਾ ਜਨਰਲ ਸਕੱਤਰ ਤੇ ਵਾਰਡ 47 ਦਾ ਇੰਚਾਰਜ ਨਿਯੁਕਤ ਕੀਤਾ ਗਿਆ | ਦਲਵਿੰਦਰ ਸਿੰਘ ਸਿੱਧੂ ਤੇ ਐੱਚ. ਐੱਸ. ਵਾਲੀਆ ਨੇ ਕਿਹਾ ਕਿ ਕਾਂਗਰਸ, ਭਾਜਪਾ ਤੇ ਹੋਰ ਪਾਰਟੀਆਂ ਦੇ ਲੋਕ ਸ਼ੋ੍ਰਮਣੀ ਅਕਾਲੀ ਦਲ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਅਕਾਲੀ ਦਲ ਵਿਚ ਸ਼ਾਮਲ ਹੋ ਰਹੇ ਹਨ, ਜਿਸ ਕਾਰਨ ਕਪੂਰਥਲਾ ਵਿਧਾਨ ਸਭਾ ਹਲਕੇ ਵਿਚ ਸ਼ੋ੍ਰਮਣੀ ਅਕਾਲੀ ਦਲ ਮਜ਼ਬੂਤ ਹੋ ਰਿਹਾ ਹੈ | ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਨੂੰ 2027 ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪਿੰਡ ਪੱਧਰ ਤੇ ਵਾਰਡ ਪੱਧਰ ਤੱਕ ਮਜ਼ਬੂਤ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਵੱਖ-ਵੱਖ ਰਾਜਸੀ ਪਾਰਟੀਆਂ ਨਾਲ ਸਬੰਧਿਤ ਆਗੂ ਤੇ ਵਰਕਰ ਸ਼ੋ੍ਰਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਰਹੇ ਹਨ ਤੇ ਹਲਕੇ ਵਿਚ ਸ਼ੋ੍ਰਮਣੀ ਅਕਾਲੀ ਦਲ ਨੂੰ ਵੱਡਾ ਹੁੰਗਾਰਾ ਮਿਲ ਰਿਹਾ ਹੈ | ਆਮ ਆਦਮੀ ਪਾਰਟੀ ਦੀ ਸਰਕਾਰ ਦੀ ਕਾਰਗੁਜ਼ਾਰੀ ਸਬੰਧੀ ਉਨ੍ਹਾਂ ਕਿਹਾ ਕਿ ਇਹ ਸਰਕਾਰ ਰਾਜ ਦੇ ਲੋਕਾਂ ਨੂੰ ਪਾਰਦਰਸ਼ੀ ਪ੍ਰਸ਼ਾਸਨ ਦੇਣ ਵਿਚ ਨਕਾਮ ਰਹੀ ਹੈ, ਜਿਸਨੂੰ ਲੈ ਕੇ ਲੋਕਾਂ ਵਿਚ ਰੋਸ ਪਾਇਆ ਜਾ ਰਿਹਾ ਹੈ | ਦੋਵਾਂ ਆਗੂਆਂ ਨੇ 'ਆਪ' ਸਰਕਾਰ 'ਤੇ ਵਾਅਦਾ ਖ਼ਿਲਾਫ਼ੀ ਦਾ ਵੀ ਦੋਸ਼ ਲਗਾਇਆ | ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਨੇ ਪਾਰਟੀ ਦੇ ਅਹੁਦੇਦਾਰਾਂ ਨੂੰ ਅਪੀਲ ਕੀਤੀ ਕਿ ਉਹ ਸ਼ੋ੍ਰਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਜ਼ਿਲ੍ਹੇ ਦੇ ਚਾਰ ਵਿਧਾਨ ਸਭਾ ਹਲਕਿਆਂ ਵਿਚ ਇੱਕਜੁੱਟ ਹੋ ਕੇ ਕੰਮ ਕਰਨ | ਅਕਾਲੀ ਦਲ ਵਿਚ ਸ਼ਾਮਲ ਹੋਣ ਤੋਂ ਬਾਅਦ ਗੌਰਵ ਨਾਹਰ ਗੋਲਡੀ ਨੇ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਹਲਕਾ ਇੰਚਾਰਜ ਨੂੰ ਭਰੋਸਾ ਦਿਵਾਇਆ ਕਿ ਉਹ ਆਪਣੇ ਵਾਰਡ ਤੇ ਹਲਕੇ ਵਿਚ ਸ਼ੋ੍ਰਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਕੰਮ ਕਰਨਗੇ | ਇਸ ਮੌਕੇ ਸ਼ੋ੍ਰਮਣੀ ਅਕਾਲੀ ਦਲ ਦੇ ਐਸ.ਸੀ. ਵਿੰਗ ਦੇ ਸੂਬਾਈ ਸੀਨੀਅਰ ਮੀਤ ਪ੍ਰਧਾਨ ਜੀਆ ਲਾਲ ਨਾਹਰ, ਪੀ.ਏ.ਸੀ. ਦੇ ਮੈਂਬਰ ਅਜੇ ਬਬਲਾ, ਵਰਕਿੰਗ ਕਮੇਟੀ ਦੇ ਮੈਂਬਰ ਜਗਜੀਤ ਸਿੰਘ ਸ਼ੰਮੀ, ਕੋਮਲ ਸਹੋਤਾ ਤੇ ਹੋਰ ਹਾਜ਼ਰ ਸਨ |