ਕਪੂਰਥਲਾ, 22 ਜਨਵਰੀ (ਵਿਸ਼ੇਸ਼ ਪ੍ਰਤੀਨਿਧ)-ਸੇਵਾ ਕਰ ਰਹੇ ਸੈਨਿਕਾਂ/ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਆਸ਼ਿਰਤਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਨਾ ਯਕੀਨੀ ਬਣਾਇਆ ਜਾਵੇ | ਇਹ ਗੱਲ ਅਮਿਤ ਕੁਮਾਰ ਪੰਚਾਲ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਜ਼ਿਲ੍ਹਾ ਸੈਨਿਕ ਭਲਾਈ ਬੋਰਡ ਦੀ ਤਿਮਾਹੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਹੀ | ਉਨ੍ਹਾਂ ਕਿਹਾ ਕਿ ਝੰਡਾ ਦਿਵਸ ਫ਼ੰਡ ਲਈ ਜਿਨ੍ਹਾਂ ਵਿਭਾਗਾਂ/ਵਿੱਦਿਅਕ ਅਦਾਰਿਆਂ ਵਲੋਂ ਅਜੇ ਤੱਕ ਬਣਦੀ ਆਪਣੀ ਰਾਸ਼ੀ ਜਮਾਂ ਨਹੀਂ ਕਰਵਾਈ ਗਈ ਨੂੰ ਆਪਣੀ ਬਣਦੀ ਰਾਸ਼ੀ ਜਲਦੀ ਤੋਂ ਜਲਦੀ ਜਮਾਂ ਕਰਵਾਉਣ ਦੀ ਹਦਾਇਤ ਕੀਤੀ ਗਈ | ਉਨ੍ਹਾਂ ਕਿਹਾ ਕਿ ਸਾਬਕਾ ਸੈਨਿਕਾਂ ਦੀ ਭਲਾਈ ਲਈ ਕੇਂਦਰ ਤੇ ਪੰਜਾਬ ਸਰਕਾਰ ਵਲੋਂ ਉਲੀਕੀਆਂ ਗਈਆਂ ਭਲਾਈ ਸਕੀਮਾਂ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਕੇ ਉਨ੍ਹਾਂ ਨੂੰ ਵੱਧ ਤੋਂ ਵੱਧ ਲਾਭ ਪਹੁੰਚਾਇਆ ਜਾਵੇ | ਡਿਪਟੀ ਕਮਿਸ਼ਨਰ ਨੇ ਕਿਹਾ ਕਿ ਭਾਰਤੀ ਫ਼ੌਜ ਤੇ ਹੋਰ ਹਥਿਆਰਬੰਦ ਸੈਨਾਵਾਂ ਵਿਚ ਭਰਤੀ ਹੋਣ ਦੇ ਚਾਹਵਾਨ ਉਮੀਦਵਾਰਾਂ ਨੂੰ ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ਸੀ-ਪਾਈਟ ਕੈਂਪ ਤੋਂ ਵੱਧ ਤੋਂ ਵੱਧ ਲਾਭ ਉਠਾਉਣ ਲਈ ਪ੍ਰੇਰਿਤ ਕੀਤਾ ਜਾਵੇ | ਇਸਤੋਂ ਪਹਿਲਾਂ ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਲੈਫ਼ਟੀਨੈਂਟ ਕਰਨਲ ਸਰਬਜੀਤ ਸਿੰਘ ਸੈਣੀ ਨੇ ਝੰਡਾ ਦਿਵਸ ਫ਼ੰਡ ਦੀ ਰਾਸ਼ੀ ਇਕੱਤਰ ਕਰਨ, ਸੇਵਾ ਕਰ ਰਹੇ ਸੈਨਿਕਾਂ, ਸਾਬਕਾ ਸੈਨਿਕਾਂ ਤੇ ਉਨ੍ਹਾਂ ਦੇ ਪਰਿਵਾਰਾਂ ਦੀਆਂ ਦਰਖਾਸਤਾਂ ਜਾਂ ਸ਼ਿਕਾਇਤਾਂ ਦਾ ਹੱਲ ਕਰਨ, ਉਨ੍ਹਾਂ ਨੂੰ ਬਣਦਾ ਮਾਨ ਸਨਮਾਨ ਦੇਣ, ਸੈਨਿਕਾਂ/ਸਾਬਕਾ ਸੈਨਿਕਾਂ ਤੇ ਉਨ੍ਹਾਂ ਦੀਆਂ ਵਿਧਵਾਵਾਂ ਲਈ ਸੁਵਿਧਾ ਕੇਂਦਰ ਕਪੂਰਥਲਾ ਵਿਚ ਵੱਖਰਾ ਕਾਊਾਟਰ ਖੋਲਣ ਬਾਰੇ ਵੀ ਡਿਪਟੀ ਕਮਿਸ਼ਨਰ ਨੂੰ ਜਾਣਕਾਰੀ ਦਿੱਤੀ | ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਨੇ ਦੱਸਿਆ ਵਿੱਤੀ ਸਾਲ 2025-26 ਦੌਰਾਨ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਕਪੂਰਥਲਾ ਵਲੋਂ ਸਾਬਕਾ ਸੈਨਿਕਾਂ/ਵਿਧਵਾਵਾਂ ਨੂੰ ਸਰਕਾਰ ਦੀਆਂ ਵੱਖ-ਵੱਖ ਭਲਾਈ ਸਕੀਮਾਂ ਤਹਿਤ 96 ਲੱਖ 34 ਹਜ਼ਾਰ ਦੀ ਵਿੱਤੀ ਸਹਾਇਤਾ ਦਿੱਤੀ ਗਈ ਹੈ |