ਕਪੂਰਥਲਾ, 22 ਜਨਵਰੀ (ਵਿਸ਼ੇਸ਼ ਪ੍ਰਤੀਨਿਧ)-ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਕਪੂਰਥਲਾ ਜ਼ਿਲ੍ਹੇ ਵਿਚ 16ਵਾਂ ਰਾਸ਼ਟਰੀ ਵੋਟਰ ਦਿਵਸ 25 ਜਨਵਰੀ ਨੂੰ ਲਾਇਲਪੁਰ ਖ਼ਾਲਸਾ ਕਾਲਜ ਵਿਚ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਦੱਸਿਆ ਕਿ ਸਾਡਾ ਦੇਸ਼ ਦੁਨੀਆਂ ਦਾ ਸਭ ਤੋਂ ਵੱਡਾ ਲੋਕਤੰਤਰ ਹੈ ਇਸ ਲਈ ਕੌਮੀ ਵੋਟਰ ਦਿਵਸ ਨੂੰ ਇਕ ਹਥਿਆਰ ਵਜੋਂ ਮਨਾਇਆ ਜਾਂਦਾ ਹੈ | ਉਨ੍ਹਾਂ ਤਹਿਸੀਲਦਾਰ ਚੋਣਾਂ ਨੂੰ ਹਦਾਇਤ ਕੀਤੀ ਕਿ ਸਮਾਗਮ ਲਈ ਲੋੜੀਂਦੇ ਪ੍ਰਬੰਧ ਮੁਕੰਮਲ ਕੀਤੇ ਜਾਣ | ਉਨ੍ਹਾਂ ਕਿਹਾ ਕਿ ਰਾਸ਼ਟਰੀ ਵੋਟਰ ਦਿਵਸ ਦਾ ਵਿਸ਼ਾ 'ਮਈ ਇੰਡੀਆ ਮਈ ਵੋਟ' ਜਿਸਦਾ ਮੁੱਖ ਮਕਸਦ ਵੱਧ ਤੋਂ ਵੱਧ ਲੋਕਾਂ ਨੂੰ ਆਪਣੇ ਜਮਹੂਰੀ ਹੱਕ ਦੀ ਵਰਤੋਂ ਬਾਰੇ ਪ੍ਰੇਰਿਤ ਕਰਨਾ ਹੈ | ਜ਼ਿਲ੍ਹਾ ਚੋਣ ਅਫ਼ਸਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵੋਟਰ ਜਾਗਰੂਕਤਾ ਸਬੰਧੀ ਵਿੱਦਿਅਕ ਸੰਸਥਾਵਾਂ ਵਿਚ ਸਭਿਆਚਾਰ ਗਤੀਵਿਧੀਆਂ ਕਰਵਾਈਆਂ ਜਾਣ ਤੇ ਨਵੇਂ ਵੋਟਰਾਂ ਨੂੰ ਸਨਮਾਨਿਤ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਸਮਾਗਮ ਦੌਰਾਨ ਸਭ ਤੋਂ ਵਧੀਆ ਚੋਣਕਾਰ ਰਜਿਸਟਰੇਸ਼ਨ ਅਫ਼ਸਰ, ਬੀ.ਐਲ.ਓ., ਸੁਪਰਵਾਈਜ਼ਰ ਤੇ ਨੋਡਲ ਅਫ਼ਸਰ ਨੂੰ ਪ੍ਰਸੰਸਾ ਪੱਤਰ ਨਾਲ ਸਨਮਾਨਿਤ ਕੀਤਾ ਜਾਵੇਗਾ |