ਫਗਵਾੜਾ, 22 ਜਨਵਰੀ (ਹਰਜੋਤ ਸਿੰਘ ਚਾਨਾ)-ਆਮ ਆਦਮੀ ਪਾਰਟੀ ਵਲੋਂ ਮੋਹਾਲੀ ਵਿਖੇ ਲਾਂਚ ਕੀਤੀ ਗਈ ਸਿਹਤ ਬੀਮਾ ਯੋਜਨਾ ਨੂੰ ਲੈ ਕੇ ਪਾਰਟੀ ਦੇ ਸਟੇਟ ਸਪੋਕਸਮੈਨ ਤੇ ਵਿਧਾਨ ਸਭਾ ਹਲਕਾ ਦੇ ਇੰਚਾਰਜ ਹਰਨੂਰ ਸਿੰਘ (ਹਰਜੀ) ਮਾਨ ਨੇ ਕਿਹਾ ਕਿ ਪੰਜਾਬ 'ਚ ਅੱਜ ਸਿਹਤ ਖੇਤਰ ਦੇ ਇਤਿਹਾਸ ਦੀ ਸਭ ਤੋਂ ਵੱਡੀ ਤੇ ਕ੍ਰਾਂਤੀਕਾਰੀ ਯੋਜਨਾ ਦੀ ਸ਼ੁਰੂਆਤ ਹੋਈ ਹੈ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ 'ਮੁੱਖ ਮੰਤਰੀ ਸਿਹਤ ਯੋਜਨਾ' ਤਹਿਤ ਹੁਣ ਪੰਜਾਬ ਦੇ ਹਰ ਪਰਿਵਾਰ ਨੂੰ 10 ਲੱਖ ਤੱਕ ਦਾ ਪੂਰੀ ਤਰ੍ਹਾਂ ਨਕਦੀ ਰਹਿਤ ਇਲਾਜ ਦੀ ਸੁਵਿਧਾ ਮਿਲੇਗੀ | ਉਨ੍ਹਾਂ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਜਦੋਂ ਤੋਂ ਸੱਤਾ 'ਚ ਆਈ ਹੈ, ਆਮ ਲੋਕਾਂ ਦੀ ਸਿਹਤ ਨੂੰ ਸਭ ਤੋਂ ਉੱਚੀ ਤਰਜੀਹ ਦੇ ਰਹੀ ਹੈ | ਇਸ ਤੋਂ ਪਹਿਲਾਂ ਸੂਬੇ ਭਰ ਵਿਚ ਪਹਿਲੀ ਵਾਰ ਮੁਹੱਲਾ ਕਲੀਨਿਕਾਂ ਰਾਹੀਂ ਘਰੋਂ-ਘਰੀਂ ਇਲਾਜ ਦੀ ਸਹੂਲਤ ਪਹੁੰਚਾਉਣ ਦਾ ਕੰਮ ਵੀ ਕੀਤਾ ਗਿਆ ਹੈ | ਹਰਜੀ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਪੰਜਾਬ ਦੇ ਲਗਭਗ 65 ਲੱਖ ਪਰਿਵਾਰਾਂ ਨਾਲ ਸਬੰਧ ਰੱਖਦੇ ਕਰੀਬ ਤਿੰਨ ਕਰੋੜ ਤੋਂ ਵੱਧ ਨਾਗਰਿਕਾਂ ਨੂੰ ਸਿੱਧਾ ਲਾਭ ਮਿਲੇਗਾ | ਮਾਨ ਨੇ ਕਿਹਾ ਕਿ ਇਹ ਯੋਜਨਾ ਗ਼ਰੀਬ, ਮੱਧ ਵਰਗ ਤੇ ਲੋੜਵੰਦ ਪਰਿਵਾਰਾਂ ਲਈ ਸੰਜੀਵਨੀ ਸਾਬਿਤ ਹੋਵੇਗੀ |